ਜ਼ਿਲ੍ਹੇ ਦੇ 2000 ਵਿਦੇਸ਼ੋਂ ਪਰਤੇ ਵਿਅਕਤੀਆਂ ’ਤੇ ਨਜ਼ਰ ਲਈ ਘਰ-ਘਰ ਸੰਪਰਕ
ਹੁਣ ਤੱਕ ਲਏ 37 ਸੈਂਪਲਾਂ ’ਚੋਂ 15 ਪਾਜ਼ਿਟਵ, 5 ਨੈਗੇਟਿਵ ਤੇ ਬਾਕੀਆਂ ਦੇ ਨਤੀਜੇ ਦੀ ਉਡੀਕ
ਨਵਾਂਸ਼ਹਿਰ, 23 ਮਾਰਚ, 2020: ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਾਅਦ ਬਣੀ ਸਥਿਤੀ ਨਾਲ ਨਜਿੱਠਣ ਦੇ ਪ੍ਰਬੰਧਾਂ ਲਈ ਅੱਜ ਸਿਹਤ ਸਕੱਤਰ ਪੰਜਾਬ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੇ ਦੌਰਾ ਕੀਤਾ ਗਿਆ।
ਉਨ੍ਹਾਂ ਵੱਲੋਂ ਐਮ ਐਲ ਏ ਅੰਗਦ ਸਿੰਘ, ਡਿਪਟੀ ਕਮਿਸ਼ਨਰ ਵਿਨੈ ਬਬਲਾਨੀ, ਐਸ ਐਸ ਪੀ ਅਲਕਾ ਮੀਨਾ ਅਤੇ ਸਿਵਲ ਸਰਜਨ ਡਾ. ਰਜਿੰਦਰ ਭਾਟੀਆ ਨਾਲ ਮੀਟਿੰਗ ਕਰਨ ਤੋਂ ਬਾਅਦ ਜ਼ਿਲ੍ਹੇ ਦੇ ਤਿੰਨ ਪ੍ਰਮੁੱਖ ਹਸਪਤਾਲਾਂ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਮੈਡੀਕਲ ਸਟਾਫ਼ ਦੀਆਂ ਖਾਲੀ ਅਸਾਮੀਆਂ ਤੁਰੰਤ ਭਰਨ ਦੇ ਹੁਕਮ ਦਿੱਤੇ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਪੰਜ ਹਸਪਤਾਲਾਂ ਨਵਾਂਸ਼ਹਿਰ, ਬੰਗਾ, ਮੁਕੰਦਪੁਰ, ਰਾਹੋਂ ਅਤੇ ਬਲਾਚੌਰ ਵਿਖੇ 24 ਘੰਟੇ ਐਮਰਜੈਂਸੀ ਸੇਵਾਵਾਂ ਸ਼ੁਰੂ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਹਰ ਤਰ੍ਹਾਂ ਦੀ ਮੈਡੀਕਲ ਸੁਵਿਧਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਅੱਜ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਜ਼ਿਲ੍ਹੇ ’ਚ ਸਾਰੇ ਪ੍ਰਬੰਧ ਮੌਕੇ ’ਤੇ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਲੋੜੀਂਦੀਆਂ ਸੈਂਪਲਿੰਗ ਕਿੱਟਾਂ, ਪਰਸਨਲ ਪ੍ਰੋਟੈਕਸ਼ਨ ਇਕੁਇਪਮੈਂਟ ਕਿੱਟਾਂ ਅਤੇ ਮਾਸਕ ਭੇਜੀਆਂ ਗਈਆਂ ਹਨ।
ਇਸ ਤੋਂ ਇਲਾਵਾ ਜ਼ਿਲ੍ਹੇ ’ਚ 80 ਆਈਸੋਲੇਸ਼ਨ ਬੈਡ ਤਿਆਰ ਕੀਤੇ ਗਏ ਹਨ, ਜਿਨ੍ਹਾਂ ’ਚ ਹਾਲੇ 15 ਮਰੀਜ਼ ਹੀ ਹਨ। ਇਸੇ ਤਰ੍ਹਾਂ ਕੁਆਰਨਟਾਈਨ ਲਈ 241 ਬੈਡਾਂ ਦਾ ਪ੍ਰਬੰਧ ਮੁਕੰਮਲ ਕਰ ਲਿਆ ਗਿਆ ਹੈ ਅਤੇ ਬਾਕੀਆਂ ਦਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਪਾਜ਼ਿਟਵ ਪਾਏ ਗਏ ਕੇਸਾਂ ਨੂੰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਲੋੜੀਂਦੀ ਇਲਾਜ ਸਹੂਲਤ ਮਿਲ ਰਹੀ ਹੈ। ਉਨ੍ਹਾਂ ਦੱਸਿਆ ਇਨ੍ਹਾਂ ਸਾਰਿਆਂ ਮਰੀਜ਼ਾਂ ਦੀ ਹਾਲਤ ਸਥਿਰ ਹੈ ਅਤੇ ਜੇਕਰ ਕਿਸੇ ਨੂੰ ਐਮਰਜੈਂਸੀ ਉੱਚ ਪੱਧਰ ਦੇ ਇਲਾਜ ਦੀ ਲੋੜ ਪਈ ਤਾਂ ਜਲੰਧਰ ਵਿਖੇ ਇਸ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਜ਼ਿਲ੍ਹੇ ’ਚ ਵਿਦੇਸ਼ ਤੋਂ ਆਏ ਹੲੋੇ 2000 ਦੇ ਕਰੀਬ ਲੋਕਾਂ ਨੂੰ ਘਰਾਂ ’ਚ ਕੁਆਰਨਟਾਈਨ ਕਰਨ ਲਈ ਘਰ-ਘਰ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਹਰੇਕ ਵਿਅਕਤੀ ਨਾਲ ਫ਼ੋਨ ’ਤੇ ਸੰਪਰਕ ਕਰਨ ਤੋਂ ਇਲਾਵਾ ਆਂਗਨਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ ਰਾਹੀਂ ਜ਼ਿਲ੍ਹੇ ਨੂੰ 26 ਸੈਕਟਰਾਂ ’ਚ ਵੰਡ ਕੇ ਘਰ-ਘਰ ਪਹੁੰਚ ਕਰਕੇ ਉਨ੍ਹਾਂ ਦੇ ਘਰ ਦੇ ਬਾਹਰ ਸਟਿੱਕਰ ਲਗਾਉਣ ਤੋਂ ਇਲਾਵਾ ਉਨ੍ਹਾਂ ਨੂੰ 14 ਦਿਨ ਘਰ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਇਸੇ ਤਰ੍ਹਾਂ ਪਿੰਡਾਂ ਦੇ ਸਰਪੰਚਾਂ ਤੇ ਨੰਬਰਦਾਰਾਂ ਨੂੰ ਇਨ੍ਹਾਂ ਵਿਅਕਤੀਆਂ ਦੇ ਘਰਾਂ ਤੋਂ ਬਾਹਰ ਨਿਕਲਣ ’ਤੇ ਪ੍ਰਸ਼ਾਸਨ/ਪੁਲਿਸ ਨੂੰ ਸੂਚਿਤ ਕਰਨ ਲਈ ਕਿਹਾ ਗਿਆ ਹੈ।
ਸਿਵਲ ਸਰਜਨ ਡਾ. ਰਜਿੰਦਰ ਭਾਟੀਆ ਵੱਲੋਂ ਦੱਸਿਆ ਗਿਆ ਕਿ ਹੁਣ ਤੱਕ ਜ਼ਿਲ੍ਹੇ ’ਚੋਂ 37 ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 15 ਪਾਜ਼ੇਟਿਵ (ਸਮੇਤ ਗਿਆਨੀ ਬਲਦੇਵ ਸਿੰਘ) ਆਏ ਹਨ ਜਦਕਿ 5 ਨੈਗੇਟਿਵ ਤੇ ਬਾਕੀਆਂ ਦੇ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ 17 ਆਰ ਆਰ ਟੀ ਟੀਮਾਂ ਹਰ ਵੇਲੇ ਸਰਗਰਮ ਹਨ।
ਇਸ ਮੌਕੇ ਏ ਡੀ ਸੀ (ਜ) ਅਦਿਤਿਆ ਉੱਪਲ, ਏ ਡੀ ਸੀ (ਵਿਕਾਸ) ਸਰਬਜੀਤ ਸਿੰਘ ਵਾਲੀਆ ਤੇ ਨੋਡਲ ਅਫ਼ਸਰ ਪੁਲਿਸ ਦੀਪਿਕਾ ਸਿੰਘ ਮੌਜੂਦ ਸਨ।