ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਅਤੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਗਲੇ ਹੁਕਮਾਂ ਤੱਕ ਮੁਲਤਵੀ: ਵਿਜੈ ਇੰਦਰ ਸਿੰਗਲਾ
ਚੰਡੀਗੜ੍ਹ, 30 ਮਾਰਚ 2020: ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਲਾਏ ਕਰਫਿਊ ਕਾਰਨ ਫਸੇ ਪਰਵਾਸੀ ਮਜ਼ਦੂਰਾਂ ਨੂੰ ਪਨਾਹ ਦੇਣ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਦੀਆਂ ਇਮਾਰਤਾਂ ਖੁਲ੍ਹਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਇਹ ਨਿਰਦੇਸ਼ ਅੱਗੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਕਰਨ ਲਈ ਕਿਹਾ ਗਿਆ ਹੈ ਕਿ ਉਹ ਇਸ ਅਨੁਸਾਰ ਪ੍ਰਬੰਧ ਕਰਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਨੂੰ ਸਕੂਲਾਂ ਵਿੱਚ ਥੋੜ੍ਹੇ ਸਮੇਂ ਦੀ ਠਹਿਰ ਦੌਰਾਨ ਖਾਣਾ ਅਤੇ ਹੋਰ ਪ੍ਰਬੰਧ ਮੁਹੱਈਆ ਕਰਵਾਏਗਾ।
ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਜੋ ਪਹਿਲੀ ਅਪਰੈਲ ਤੋਂ ਹੋਣੀਆਂ ਸਨ, ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ(ਪੀਐਸਈਬੀ) ਵੱਲੋਂ ਪਹਿਲਾਂ 31 ਮਾਰਚ ਤੱਕ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਸੀ ਪਰ ਅੱਠਵੀਂ ਜਮਾਤ ਦੀਆਂ ਕੁਝ ਪ੍ਰੈਕਟੀਕਲ ਅਤੇ ਬਾਰ੍ਹਵੀਂ ਦੀਆਂ ਥਿਊਰੀ ਪ੍ਰੀਖਿਆਵਾਂ ਪਹਿਲੀ ਅਪਰੈਲ ਤੋਂ ਹੋਣੀਆਂ ਸਨ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਦੀ ਬਿਮਾਰੀ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਹੋਏ ਲੌਕਡਾਊਨ ਕਾਰਨ ਇਹ ਪੀ੍ਰਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ 8ਵੀਂ ਅਤੇ ਬਾਰ੍ਹਵੀਂ ਜਮਾਤ ਤੋਂ ਇਲਾਵਾ, 10ਵੀਂ ਦੀਆਂ ਕੁਝ ਥਿਊਰੀ ਪ੍ਰੀਖਿਆਵਾਂ ਜੋ 3 ਅਪਰੈਲ ਤੋਂ ਹੋਣੀਆਂ ਸਨ, ਨੂੰ ਵੀ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲਾਤ ਆਮ ਵਾਂਗ ਹੋਣ ਤੋਂ ਤੁਰੰਤ ਬਾਅਦ ਇਨ੍ਹਾਂ ਇਮਤਿਹਾਨਾਂ ਲਈ ਸੋਧੀ ਹੋਈ ਡੇਟਸ਼ੀਟ ਜਾਰੀ ਕਰ ਦਿੱਤੀ ਜਾਵੇਗੀ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ 'ਤੇ 15 ਅਪਰੈਲ, 2020 ਤੱਕ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਤਹਿਤ ਸਰਹੱਦੀ ਕਾਡਰ ਸ਼੍ਰੇਣੀ ਦੀਆਂ ਹਿੰਦੀ, ਪੰਜਾਬੀ, ਗਣਿਤ, ਸਮਾਜਿਕ ਅਧਿਐਨ, ਅੰਗਰੇਜ਼ੀ ਅਤੇ ਵਿਗਿਆਨ ਵਿਸ਼ੇ ਦੇ ਅਧਿਆਪਕਾਂ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ ਤਾਂ ਜੋ ਸਰਹੱਦੀ ਖੇਤਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।