ਰੋਜ਼ਾਨਾ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਅਤੇ ਫੋਨ ਰਾਹੀਂ ਅਫਵਾਹਾਂ ਤੋਂ ਸੁਚੇਤ ਰਹਿਣ ਲਈ ਕਰ ਰਹੇ ਪ੍ਰੇਰਿਤ।
ਪਠਾਨਕੋਟ, 6 ਅਪ੍ਰੈਲ ,2020: ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਭਵਿੱਖ ਨੂੰ ਮੱਦੇਨਜ਼ਰ ਰੱਖਦਿਆਂ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਵੱਲੋਂ ਸਕੂਲ ਮੁਖੀਆਂ ਅਤੇ ਅਧਿਕਾਰੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਸੀ ਕਿ ਉਹ ਆਪਣੇ ਬੱਚਿਆਂ ਨੂੰ ਕਰੋਨਾ ਵਾਅਰਸ ਵਰਗੀ ਮਹਾਂਮਾਰੀ ਤੋਂ ਜਾਗਰੂਕ ਕਰਦੇ ਹੋਏ ਰੋਜ਼ਾਨਾ ਸੋਸ਼ਲ ਮੀਡੀਆ ਤੇ ਮੋਬਾਈਲ ਫੋਨ ਰਾਹੀਂ ਘਰ ਤੋਂ ਹੀ ਆਨਲਾਈਨ ਪੜ੍ਹਾਈ ਕਰਵਾਉਣ। ਉਨ੍ਹਾਂ ਵੱਲੋਂ ਉਤਸ਼ਾਹਿਤ ਕਰਨ ਤੇ ਜਿਥੇ ਜ਼ਿਲ੍ਹਾ ਪਠਾਨਕੋਟ ਦੇ ਜ਼ਿਲ੍ਹਾ ਅਧਿਕਾਰੀ, ਬੀਪੀਈਓ ਸਹਿਬਾਨ, ਬੀਐਮ, ਡੀਐਮ, ਅਧਿਆਪਕ ਸਾਹਿਬਾਨ ਅਤੇ ਨਾਨ ਟੀਚਿੰਗ ਸਟਾਫ ਰੋਜ਼ਾਨਾ ਬੱਚਿਆਂ ਨਾਲ ਸੋਸ਼ਲ ਮੀਡੀਆ ਰਾਹੀਂ ਸੰਪਰਕ ਵਿੱਚ ਹਨ ਉਥੇ ਹੀ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਵਿੱਚ ਤੈਨਾਤ ਸੇਵਾਦਾਰ ਵਿਨੋਦ ਕੁਮਾਰ ਵੀ ਰੋਜ਼ਾਨਾ 15 ਤੋਂ 20 ਵਿਦਿਆਰਥੀਆਂ ਨੂੰ ਫੋਨ ਕਰਕੇ ਉਹਨਾਂ ਨੂੰ ਆਪਣੇ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਪਹਿਲ ਦੇਣ ਲਈ ਘਰੇਂ ਰਹਿੰਦੇ ਹੋਏ ਆਪਣੇ ਅਧਿਆਪਕਾਂ ਵੱਲੋਂ ਦਿੱਤੇ ਜਾ ਰਹੇ ਕੰਮ ਨੂੰ ਸਮੇਂ ਸਿਰ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਜਦੋਂ ਇਸ ਸਬੰਧੀ ਸਕੂਲ ਦੇ ਸੇਵਾਦਾਰ ਵਿਨੋਦ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਜਿਸ ਸਮੇਂ ਲਾਕਡਾਉਨ ਹੋਇਆ ਸੀ ਉਸ ਸਮੇਂ ਬੋਰਡ ਦੀਆਂ ਜਮਾਤਾਂ ਦੇ ਪੇਪਰ ਚੱਲ ਰਹੇ ਸਨ। ਕੁੱਝ ਬੱਚਿਆਂ ਵੱਲੋਂ ਅਫਵਾਹਾਂ ਫੈਲਾਈਆਂ ਗਈਆਂ ਸਨ ਕਿ ਹੁਣ ਪੇਪਰ ਨਹੀਂ ਹੋਣੇ ਇਹਨਾਂ ਅਫਵਾਹਾਂ ਤੋਂ ਸੁਚੇਤ ਕਰਨ ਲਈ ਉਹ ਰੋਜ਼ਾਨਾ ਵਿਦਿਆਰਥੀਆਂ ਨੂੰ ਫੋਨ ਕਰਦੇ ਹਨ, ਕਿਉਂਕਿ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਪ੍ਰਾਪਤੀ ਲਈ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਬਹੁਤ ਮਿਹਨਤ ਕੀਤੀ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਰਹੀਏ ਤਾਂ ਉਨ੍ਹਾਂ ਦੀ ਮਿਹਨਤ ਜਾਈਆਂ ਨਾ ਜਾਵੇ।
ਇਸ ਸਬੰਧੀ ਜਦੋਂ ਸਸਸਸ ਬਧਾਨੀ ਦੀ ਪ੍ਰਿੰਸੀਪਲ ਰਘਬੀਰ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਸਕੂਲ ਦੀਆਂ ਨਾਨ ਬੋਰਡ ਜਮਾਤਾਂ ਦਾ ਰਿਜਲਟ ਆਨ ਲਾਈਨ 25 ਮਾਰਚ ਨੂੰ ਘੋਸ਼ਿਤ ਕਰ ਦਿੱਤਾ ਗਿਆ ਸੀ ਅਤੇ ਇਸ ਦੇ ਨਾਲ ਹੀ ਨਾਨ ਬੋਰਡ ਜਮਾਤਾਂ ਦੇ ਬੱਚਿਆਂ ਨੂੰ ਅਗਲੀਆਂ ਜਮਾਤਾਂ ਵਿੱਚ ਪ੍ਰਮੋਟ ਕਰਕੇ ਆਨ ਲਾਈਨ ਸੈਸ਼ਨ ਸ਼ੁਰੂ ਕਰ ਦਿੱਤਾ ਗਿਆ ਸੀ। ਸਕੂਲ ਦੇ ਸੇਵਾਦਾਰ ਵਿਨੋਦ ਕੁਮਾਰ ਵੱਲੋਂ ਬੱਚਿਆਂ ਨੂੰ ਪ੍ਰੇਰਿਤ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ।
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ. ਬਲਬੀਰ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਦੇ ਨਾਲ ਨਾਲ ਸਿੱਖਿਆ ਵਿਭਾਗ ਦੇ ਸਮੂਹ ਸਟਾਫ਼ ਵੱਲੋਂ ਆਪਣੇ ਆਪਣੇ ਪੱਧਰ ਤੇ ਸਾਰੇ ਬੱਚਿਆਂ ਨਾਲ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਜੋਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਇਸ ਸੰਕਟ ਦੀ ਘੜੀ ਵਿੱਚ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਸਿੱਖਿਆ ਵਿਭਾਗ ਨੂੰ ਉਸਦੇ ਮੁਕਾਮ ਤੇ ਲੈਕੇ ਜਾਈਏ।