ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 24 ਮਾਰਚ - ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਲੋੜ ਪੈਣ 'ਤੇ ਪੀੜਤਾਂ ਨੂੰ ਵੱਖਰਾ ਰੱਖਣ ਲਈ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਜ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਪ੍ਰਬੰਧ ਕੀਤੇ ਜਾਣਗੇ ਅਤੇ ਜੇਕਰ ਲੋੜ ਪਈ ਤਾਂ ਗੁਰੂ ਘਰ ਦੀਆਂ ਸਰਾਵਾਂ ਨੂੰ ਵੀ ਮਰੀਜ਼ਾਂ ਦੀ ਅਲਾਹਿਦਗੀ ਲਈ ਵਰਤਿਆ ਜਾਵੇਗਾ।
ਇਹ ਐਲਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲਾਗੋਵਾਲ ਵਲੋਂ ਕੀਤਾ ਗਿਆ। ਇਸ ਦੇ ਨਾਲ ਉਨ੍ਹਾਂ ਨੇ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਕੀਤੀ ਉਹ ਘਰਾਂ ਤੋਂ ਬਾਹਰ ਨਾ ਆਉਣ ਅਤੇ ਘਰਾਂ ਅੰਦਰ ਬੈਠਕੇ ਗੁਰਬਾਣੀ ਦੇ ਪਾਠ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਮੌਜੂਦਾ ਸਥਿਤੀ ਨੂੰ ਵੇਖਦਿਆਂ ਲੋੜਵੰਦਾਂ ਨੂੰ ਗੁਰੂ ਘਰਾਂ ਤੋਂ ਲੰਗਰ ਮੁਹੱਈਆ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।
ਭਾਈ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਅੱਜ ਸਾਰਾ ਵਿਸ਼ਵ ਚਿੰਤਾ ਵਿਚ ਹੈ ਤੇ ਅਜਿਹੇ ਵਿਚ ਸ਼੍ਰੋਮਣੀ ਕਮੇਟੀ ਜਿਥੇ ਸਰਕਾਰ ਤੇ ਪ੍ਰਸ਼ਾਸਨ ਦੇ ਹਰ ਤਰ੍ਹਾਂ ਦੇ ਸਹਿਯੋਗ ਲਈ ਤਿਆਰ ਹੈ, ਉੱਥੇ ਹੀ ਪੀੜਤਾਂ ਨਾਲ ਵੀ ਹਮਦਰਦੀ ਰੱਖਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਪੀੜਤਾਂ ਨੂੰ ਰੱਖਣ ਲਈ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਪ੍ਰਬੰਧ ਕੀਤੇ ਗਏ ਹਨ।