ਰਾਜਵੰਤ ਸਿੰਘ
- 32 ਮਰੀਜ਼ਾਂ ਨੂੰ ਮਿਲੀ ਛੁੱਟੀ, ਐਕਟਿਵ ਕੇਸ ਹੋਏ 433
ਸ੍ਰੀ ਮੁਕਤਸਰ ਸਾਹਿਬ, 6 ਸਤੰਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਨੇ ਵੱਡਾ ਧਮਾਕਾ ਕਰ ਦਿੱਤਾ ਹੈ। ਸਿਹਤ ਵਿਭਾਗ ਵੱਲੋਂ ਲਗਾਤਾਰ ਕੀਤੀ ਜਾ ਰਹੀ ਸੈਂਪਲਿੰਗ ਤਹਿਤ ਅੱਜ ਫ਼ਿਰ ਜ਼ਿਲ੍ਹੇ ਅੰਦਰ ਇਕੱਠੇ 69 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ, ਜਦੋਂ ਕਿ ਕੋਰੋਨਾ ਕਰਕੇ ਜ਼ਿਲ੍ਹੇ ਅੰਦਰ ਤਿੰਨ ਮੌਤਾਂ ਵੀ ਹੋਈਆਂ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ ਜ਼ਿਲ੍ਹੇ ਅੰਦਰ ਆਏ ਪਾਜ਼ੀਟਿਵ ਮਾਮਲਿਆਂ ਵਿੱਚੋਂ 37 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 6 ਕੇਸ ਮਲੋਟ, 2 ਕੇਸ ਗਿੱਦੜਬਾਹਾ, 13 ਕੇਸ ਜ਼ਿਲ੍ਹਾ ਜੇਲ੍ਹ ਪਿੰਡ ਬੂੜਾ ਗੁੱਜਰ, 1 ਕੇਸ ਪਿੰਡ ਮਧੀਰ, 1 ਕੇਸ ਲੰਬੀ, 1 ਕੇਸ ਪਿੰਡ ਭੁਲੇਰੀਆਂ, 1 ਕੇਸ ਪਿੰਡ ਕਬਰਵਾਲਾ, 1 ਕੇਸ ਪਿੰਡ ਉਦੇਕਰਨ, 1 ਕੇਸ ਪਿੰਡ ਲੁਬਾਣਿਆਂਵਾਲੀ, 1 ਕੇਸ ਪਿੰਡ ਫੱਤਣਵਾਲਾ, 2 ਕੇਸ ਪਿੰਡ ਕਾਉਣੀ, 1 ਕੇਸ ਪਿੰਡ ਦੋਦਾ ਅਤ 1 ਕੇਸ ਪਿੰਡ ਮਰਾੜਕਲਾਂ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ 32 ਮਰੀਜ਼ਾਂ ਨੂੰ ਛੁੱਟੀ ਦੇ ਕੇ ਘਰ ਵੀ ਭੇਜਿਆ ਗਿਆ ਹੈ। ਰਿਪੋਰਟ ਅਨੁਸਾਰ ਅੱਜ 338 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1428 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 262 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 1256 ਹੋ ਗਈ ਹੈ, ਜਿਸ ਵਿੱਚੋਂ 809 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂ ਕਿ ਹੁਣ 433 ਕੇਸ ਐਕਟਿਵ ਚੱਲ ਰਹੇ ਹਨ।
ਕੋਰੋਨਾ ਨਾਲ ਜ਼ਿਲ੍ਹੇ 'ਚ ਤਿੰਨ ਹੋਰ ਮੌਤਾਂ ਦੀ ਪੁਸ਼ਟੀ
ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਅੱਜ ਜ਼ਿਲ੍ਹੇ ਅੰਦਰ ਤਿੰਨ ਹੋਰ ਮੌਤਾਂ ਦੀ ਪੁਸ਼ਟੀ ਹੋਈ ਹੈ। ਪਹਿਲਾ ਮ੍ਰਿਤਕ 40 ਸਾਲਾ ਪੁਲਸ ਮੁਲਾਜ਼ਮ ਹੈ, ਜੋ ਸ੍ਰੀ ਮੁਕਤਸਰ ਸਾਹਿਬ ਦਾ ਵਾਸੀ ਹੈ, ਜਿਸਨੂੰ ਇਲਾਜ ਲਈ ਬਠਿੰਡਾ ਰੈਫਰ ਕੀਤਾ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ। ਦੂਜਾ ਮ੍ਰਿਤਕ ਜ਼ਿਲ੍ਹੇ ਦੇ ਪਿੰਡ ਮਰਾੜ ਕਲਾਂ ਨਾਲ ਸਬੰਧਿਤ ਹੈ, ਜਿਸਦੀ ਉਮਰ ਕਰੀਬ 45 ਸਾਲ ਦੱਸੀ ਜਾ ਰਹੀ ਹੈ, ਜੋ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ ਤੇ ਡੀਐਮਸੀ ਲੁਧਿਆਣਾ ਵਿਖੇ ਦਾਖ਼ਲ ਸੀ, ਜਿਸਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ ਹੈ। ਤੀਜਾ ਮ੍ਰਿਤਕ ਮਲੋਟ ਤੋਂ 68 ਸਾਲਾ ਵਿਅਕਤੀ ਹੈ, ਜੋ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਸੀ, ਜਿਸਦੀ ਮੌਤ ਸ਼ਨੀਵਾਰ ਦੇਰ ਸ਼ਾਮ ਨੂੰ ਹੋਈ ਸੀ।