ਹਰਿੰਦਰ ਨਿੱਕਾ
ਸੰਗਰੂਰ, 8 ਅਗਸਤ 2020 - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 30 ਪਾਜ਼ੀਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ 'ਚੋਂ 15 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 1 ਮਰੀਜ਼ ਕੋਵਿਡ ਕੇਅਰ ਸੈਂਟਰ ਭੋਗੀਵਾਲ, 1 ਨੇ ਸਿਵਲ ਹਸਪਤਾਲ ਮਲੇਰਕੋਟਲਾ ਅਤੇ 13 ਜਣਿਆਂ ਨੇ ਹੋਮ ਆਇਸੋਲੇਸ਼ਨ 'ਚ ਰਹਿ ਕੇ ਕੋਰੋਨਾ ਵਾਇਰਸ ਤੋਂ ਜੰਗ ਜਿੱਤੀ।
ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ 'ਚ ਵੱਡੀ ਕਾਮਯਾਬੀ ਹੈ, ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ, ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ 'ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।