ਹੁਸ਼ਿਆਰਪੁਰ: ਕੋਰੋਨਾ ਮੁਕਤ ਪਿੰਡ ਅਭਿਆਨ ਤਹਿਤ 5 ਪਿੰਡਾਂ ’ਚ ਪੂਰੀ ਹੋਈ 100 ਫੀਸਦੀ ਵੈਕਸੀਨੇਸ਼ਨ: ਡੀ ਸੀ
- ਡਿਪਟੀ ਕਮਿਸ਼ਨਰ ਨੇ ਕਿਹਾ ਜ਼ਿਲ੍ਹੇ ’ਚ ਹੁਣ ਤੱਕ 396880 ਲਾਭਪਾਤਰੀਆਂ ਦਾ ਹੋ ਚੁੱਕਾ ਹੈ ਟੀਕਾਕਰਨ
- ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਪਿੰਡਾਂ ’ਚ ਲੋਕਾਂ ਨੂੰ ਕੋਵਿਡ ਬਚਾਅ ਸਬੰਧੀ ਕੀਤਾ ਜਾ ਰਿਹੈ ਜਾਗਰੂਕ
ਹੁਸ਼ਿਆਰਪੁਰ, 8 ਜੂਨ 2021 - ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਵਿੱਚ 100 ਫੀਸਦੀ ਟੀਕਾਕਰਨ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਗਏ ਕੋਰੋਨਾ ਮੁਕਤ ਅਭਿਆਨ ਤਹਿਤ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਵਿੱਚ ਅੱਜ ਪੰਜ ਪਿੰਡਾਂ ਵਿੱਚ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਵਿੱਚ ਹਾਰਟਾ ਬੱਡਲਾ ਬਲਾਕ ਦੇ ਪਿੰਡ ਰਾਜਨੀ ਦੇਵੀ, ਹਰੀਪੁਰ, ਭੀਲੋਵਾਲ, ਜਹਾਨਖੇਲਾਂ ਤੇ ਪਿੰਡ ਨਾਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕੋਵਿਡ ਬਚਾਅ ਸਬੰਧੀ ਵੈਕਸੀਨੇਸ਼ਨ ਤੇ ਟੈਸਟਿੰਗ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਇਸ ਅਭਿਆਨ ਨੂੰ ਸਫ਼ਲ ਬਣਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 19544 ਲਾਭਪਾਤਰੀਆਂ ਸਮੇਤ ਹੁਣ ਤੱਕ ਕੁੱਲ 396880 ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜਿਸ ਵਿੱਚ 362842 ਨੂੰ ਪਹਿਲੀ ਅਤੇ 34038 ਨੂੰ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਦੇਖ-ਰੇਖ ਵਿੱਚ ਕੋਵਿਡ ਟੀਕਾਕਰਨ, ਟੈਸਟਿੰਗ ਅਤੇ ਜਾਗਰੂਕਤਾ ਮੁਹਿੰਮ ਨੂੰ ਕ੍ਰਮਵਾਰ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਵਿੱਚ ਸਬੰਧਤ ਐਸ.ਡੀ.ਐਮਜ਼ ਦੀ ਨਿਗਰਾਨੀ ਹੇਠ ਇਸ ਅਭਿਆਨ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਵਲੋਂ ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਵੀ ਵਾਇਰਸ ਦੀ ਰੋਕਥਾਮ ਲਈ ਅਹਿਮ ਯਤਨ ਕੀਤੇ ਗਏ ਹਨ ਅਤੇ ਹੁਣ ਦੁਬਾਰਾ ਪੰਚਾਇਤਾਂ ਕੋਰੋਨਾ ਮੁਕਤ ਪਿੰਡ ਅਭਿਆਨ ਨੂੰ ਪੂਰੀ ਤਰ੍ਹਾਂ ਕਾਮਯਾਬ ਕਰਨ ਲਈ ਅੱਗੇ ਆਉਣ ਤਾਂ ਜੋ ਪੇਂਡੂ ਖੇਤਰਾਂ ਵਿੱਚ ਇਸ ਵਾਇਰਸ ਦਾ ਖਾਤਮਾ ਕੀਤਾ ਜਾ ਸਕੇ।