- ਐਸ.ਡੀ.ਐਮਜ਼ ਨੂੰ ਕਿਸੇ ਵੀ ਸਮਾਗਮ ਨੂੰ ਮਨਾਉਣ ਦੀ ਮਨਜ਼ੂਰੀ ਨਾ ਦੇਣ ਦੇ ਆਦੇਸ਼
- ਜ਼ਿਲ੍ਹੇ ਅੰਦਰ ਗੁਰਦੁਆਰਿਆਂ ’ਚ ਆਰ.ਟੀ.-ਪੀ.ਸੀ.ਆਰ. ਟੈਸਟ ਲਈ ਲੋੜੀਂਦੇ ਪ੍ਰਬੰਧਾਂ ਅਤੇ ਕੋਵਿਡ ਵੈਕਸੀਨ ਦੇ ਨਿਰਦੇਸ਼
ਹੁਸ਼ਿਆਰਪੁਰ, 9 ਅਪ੍ਰੈਲ 2021 - ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਮੁਕੰਮਲ ਪਾਲਣਾ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹਾ ਵਾਸੀਆਂ ਨੂੰ ਤਾਕੀਦ ਕੀਤੀ ਕਿ ਵਿਸਾਖੀ ਦੇ ਤਿਉਹਾਰ ਮੌਕੇ ਕੋਵਿਡ-19 ਸਬੰਧੀ ਹਦਾਇਤਾਂ ਨੂੰ ਬਿਨ੍ਹਾਂ ਕਿਸੇ ਢਿੱਲਮੱਠ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਮੁਤਾਬਕ ਹਰ ਕਿਸਮ ਦੇ ਸਮਾਗਮਾਂ ’ਤੇ ਰੋਕ ਲਗਾਈ ਗਈ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਮਾਗਮ ਨੂੰ ਮਨਾਉਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।
ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮਾਂ ’ਤੇ ਰੋਕ ਦੇ ਮੱਦੇਨਜ਼ਰ ਅਜਿਹੇ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਮਾਗਮ ਨੂੰ ਮਨਾਉਣ ਦੀ ਮਨਜ਼ੂਰੀ ਨਾ ਦਿੱਤੀ ਜਾਵੇ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਲੋਂ ਵੀ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਪੁਲਿਸ ਵਿਭਾਗ ਨਾਲ ਤਾਲਮੇਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਾਰੇ ਐਸ.ਡੀ.ਐਮਜ਼ ਅਤੇ ਸਬੰਧਤ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਵੱਡੇ ਗੁਰਦੁਆਰਿਆਂ, ਜਿਥੇ ਸ਼ਰਧਾਲੂਆਂ ਦੀ ਵਧੇਰੇ ਆਮਦ ਹੁੰਦੀ ਹੈ, ਉਥੇ ਆਰ.ਟੀ.-ਪੀ.ਸੀ.ਆਰ. ਟੈਸਟਿੰਗ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਾਲ-ਨਾਲ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਵਿਅਕਤੀ ਦੀ ਟੈਸਟਿੰਗ ਲਾਜ਼ਮੀ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਰਦੁਆਰਿਆਂ ਵਿੱਚ ਕੋਵਿਡ ਵੈਕਸੀਨ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਦਾ ਟੀਕਾਕਰਨ ਕੀਤਾ ਜਾਵੇ।