ਹੁਸ਼ਿਆਰਪੁਰ: ਪਿੰਡ ਜਹਾਨਖੇਲਾਂ ’ਚ ਕੋਵਿਡ ਟੀਕਾਕਰਨ, ਟੈਸਟਿੰਗ ਅਤੇ ਜਾਗਰੂਕਤਾ ਕੈਂਪ
- ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਕੋਵਿਡ ਟੀਕਾਕਰਨ ਅਤੇ ਟੈਸਟਿੰਗ ਦੇ ਲਈ ਕੀਤਾ ਜਾਗਰੂਕ
- ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਕੀਤੀ ਅਪੀਲ
ਹੁਸ਼ਿਆਰਪੁਰ, 21 ਮਈ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਕੋਵਿਡ ਟੀਕਾਕਰਨ ਅਤੇ ਟੈਸਟਿੰਗ ਨੂੰ ਲੈ ਕੇ ਚਲਾਈ ਮੁਹਿੰਮ ਵਿੱਚ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ, ਜਿਸ ਦੇ ਚੱਲਦੇ ਜ਼ਿਲ੍ਹੇ ਵਿੱਚ ਟੀਕਾਕਰਨ ਅਤੇ ਟੈਸਟਿੰਗ ਕਾਫੀ ਜ਼ਿਆਦਾ ਹੋ ਰਹੀ ਹੈ। ਉਹ ਅੱਜ ਹੁਸ਼ਿਆਰਪੁਰ ਦੇ ਪਿੰਡ ਜਹਾਨਖੇਲਾਂ ਵਿੱਚ ਪਿੰਡ ਵਾਸੀਆਂ ਨੂੰ ਕੋਵਿਡ ਟੀਕਾਕਰਨ ਅਤੇ ਟੈਸਟਿੰਗ ਜਾਗਰੂਕਤਾ ਪ੍ਰੋਗਰਾਮ ਦੇ ਦੌਰਾਨ ਸੰਬੋਧਨ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਅਮਿਤ ਮਹਾਜਨ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਪਿੰਡ ਦੀ ਪੰਚਾਇਤ ਅਤੇ ਹੋਰ ਪਿੰਡ ਵਾਸੀਆਂ ਦੇ ਨਾਲ ਕੋਵਿਡ-19 ਵਿਸ਼ੇ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਜੇਕਰ ਕਿਸੇ ਨੂੰ ਵੀ ਕੋਵਿਡ ਦੇ ਲੱਛਣ ਲੱਗਣ ਤਾਂ ਉਹ ਆਪਣਾ ਕੋਵਿਡ ਟੈਸਟ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਵੀ ਟੀਕਾਕਰਨ ਕੈਂਪ ਆਯੋਜਿਤ ਕੀਤਾ ਗਿਆ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਪਿੰਡ ਜਹਾਨਖੇਲਾਂ ਵੀ ਕੁਝ ਦਿਨਾਂ ਵਿੱਚ 100 ਫੀਸਦੀ ਕੋਵਿਡ ਟੀਕਾਕਰਨ ਪੂਰਾ ਹੋ ਜਾਵੇਗਾ।
ਅਪਨੀਤ ਰਿਆਤ ਨੇ ਦੱਸਿਆ ਕਿ ਪਿੰਡਾਂ ਵਿੱਚ ਕੋਰੋਨਾ ਕਾਫੀ ਪੈਰ ਪਸਾਰ ਰਿਹਾ ਹੈ, ਜਿਸ ਦੇ ਚੱਲਦੇ ਲੋਕਾਂ ਦਾ ਕੋਵਿਡ ਟੀਕਾਕਰਨ ਅਤੇ ਟੈਸਟਿੰਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਡੋਰ ਟੂ ਡੋਰ ਲੋਕਾਂ ਦੀ ਸਿਹਤ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਤਾਂ ਜੋ ਜ਼ਰੂਰਤ ਪੈਣ ’ਤੇ ਲੋਕਾਂ ਦਾ ਸਹੀ ਸਮੇਂ ’ਤੇ ਇਲਾਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਵਿੱਚ 100 ਫੀਸਦੀ ਟੀਕਾਕਰਨ ਕਰਵਾਉਣ ਲਈ ਮੁਹਿੰਮ ਚਲਾਈ ਗਈ ਹੈ ਜਿਸ ਵਿੱਚ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।