ਹੁਸ਼ਿਆਰਪੁਰ: ਜ਼ਿਲ੍ਹਾ ਕਚਹਿਰੀ ’ਚ ਕੋਵਿਡ ਬਚਾਅ ਸਬੰਧੀ ਟੀਕਾਕਰਨ ਕੈਂਪ, 593 ਦਾ ਹੋਇਆ ਟੀਕਾਕਰਨ
- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਅਰੁਣ ਗੁਪਤਾ ਨੇ ਕਰਵਾਈ ਟੀਕਾਕਰਨ ਕੈਂਪ ਦੀ ਸ਼ੁਰੂਆਤ
ਹੁਸ਼ਿਆਰਪੁਰ, 12 ਮਈ2021 - ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀ ਦੇ ਕੋਰਟ ਨੰਬਰ 5 ਵਿੱਚ ਕੋਵਿਡ ਬਚਾਅ ਸਬੰਧੀ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਟੀਕਾਕਰਨ ਕੈਂਪ ਦੀ ਸੁਰੂਆਤ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਅਰੁਣ ਗੁਪਤਾ ਨੇ ਕੀਤੀ। ਇਸ ਦੌਰਾਨ ਜੁਡੀਸ਼ੀਅਲ ਅਫ਼ਸਰਾਂ ਸਮੇਤ ਕੁਲ 593 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ। ਮੈਂਬਰ ਸਕੱਤਰ ਅਰੁਣ ਗੁਪਤਾ ਨੇ ਕਿਹਾ ਕਿ ਕੋਵਿਡ-19 ਦੀ ਮਹਾਮਾਰੀ ਦੀ ਰੋਕਥਾਮ ਲਈ ਹਰ ਲਾਭਪਾਤਰੀ ਨੂੰ ਕੋਵਿਡ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੂਰੇ ਦੇਸ਼ ਵਿੱਚ ਕੋਵਿਡ ਤੇਜੀ ਨਾਲ ਫੈਲ ਰਿਹਾ ਹੈ, ਉਸ ਤੋਂ ਬਚਾਅ ਦਾ ਇਕ ਹੀ ਤਰੀਕਾ ਹੈ ਕਿ ਸਾਰੇ ਲਾਭਪਾਤਰੀ ਟੀਕਾਕਰਨ ਕਰਵਾਉਣ ਅਤੇ ਸਿਹਤ ਵਿਭਾਗ ਵਲੋਂ ਜਾਰੀ ਸਿਹਤ ਪ੍ਰੋਟੋਕੋਲ ਦੀ ਪਾਲਣਾ ਕਰਨ।
ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ ਕਚਹਿਰੀ ਵਿੱਚ ਜੁਡੀਸ਼ੀਅਲ ਅਫ਼ਸਰਾਂ, ਲੀਗਲ ਏਡ ਵਰਕਫੋਰਸ ਟੀਮ ਜਿਵੇਂ ਕਿ ਪੈਰਾ ਲੀਗਲ ਏਡ ਪੈਨਲ ਦੇ ਵਕੀਲ, ਪੈਰਾ ਲੀਗਲ ਵਲੰਟੀਅਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿੱਚ ਕੰਮ ਕਰ ਰਹੇ ਸਟਾਫ਼ ਮੈਂਬਰਾਂ ਤੋਂ ਇਲਾਵਾ ਕੋਰਟ ਦੇ ਸਟਾਫ਼ ਮੈਂਬਰਾਂ ਦਾ ਟੀਕਾਕਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਕੈਂਪ ਵਿੱਚ ਸਾਰਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।