ਹੁਸ਼ਿਆਰਪੁਰ, 27 ਨਵੰਬਰ 2020 - ਕੋਵਿਡ-19 ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਦੀ ਲਗਾਤਾਰਤਾ ਵਿੱਚ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਜ਼ਿਲ੍ਹੇ ਵਿੱਚ 1 ਦਸੰਬਰ ਤੋਂ ਰਾਤ ਦਾ ਕਰਫਿਊ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਮਿਊਂਸੀਪਲ ਹੱਦ ਅੰਦਰ ਨਿੱਜੀ ਤੇ ਸਾਰੀਆਂ ਗੈਰ ਜ਼ਰੂਰੀ ਸਰਗਰਮੀਆਂ ਦੀ ਮੂਵਮੈਂਟ ’ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਰਹੇਗੀ।
ਹੁਕਮਾਂ ਅਨੁਸਾਰ ਜ਼ਰੂਰੀ ਸੇਵਾਵਾਂ ਲਈ ਰਾਸ਼ਟਰੀ ਅਤੇ ਰਾਜ ਮਾਰਗਾਂ ’ਤੇ ਲੋਕਾਂ ਅਤੇ ਵਾਹਨਾਂ ਦੀਆਂ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ ਜਦਕਿ ਬੱਸਾਂ, ਰੇਲਾਂ ਅਤੇ ਹਵਾਈ ਸਫ਼ਰ ਤੋਂ ਆਉਣ ਵਾਲੇ ਮੁਸਾਫ਼ਰ ਆਪੋ-ਆਪਣੀ ਮੰਜ਼ਿਲ ’ਤੇ ਪਹੁੰਚ ਸਕਦੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਸ਼ਿਫਟਾਂ ਲਈ ਉਦਯੋਗਾਂ ਲਈ ਜਨਤਕ ਟਰਾਂਸਪੋਰਟ, ਨਿੱਜੀ ਤੇ ਸਰਕਾਰੀ ਦਫਤਰ ਇਨ੍ਹਾਂ ਪਾਬੰਦੀਆਂ ਦੇ ਘੇਰੇ ਤੋਂ ਬਾਹਰ ਰੱਖੇ ਗਏ ਹਨ ਜਦਕਿ ਸਾਰੇ ਹੋਟਲਾਂ, ਰੈਸਟੋਰੈਂਟਾਂ, ਆਓ-ਭਗਤ ਵਾਲੀਆਂ ਥਾਵਾਂ ਅਤੇ ਮੈਰਿਜ ਪੈਲੇਸਾਂ ਨੂੰ ਰਾਤ ਸਾਢੇ 9 ਵਜੇ ਤੱਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕੋਵਿਡ-19 ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦਾ ਪੂਰਨ ਤੌਰ ’ਤੇ ਪਾਲਣ ਯਕੀਨੀ ਬਣਾਇਆ ਜਾਵੇ ਅਤੇ ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਲਾਜ਼ਮੀ ਪਹਿਨਣ ਦੇ ਨਾਲ-ਨਾਲ ਸਮੇਂ-ਸਮੇਂ ਸਿਰ ਸਾਬਣ ਅਤੇ ਸੈਨੇਟਾਈਜ਼ਰ ਨਾਲ ਹੱਥ ਧੌਣ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਮਾਸਕ ਨਾ ਪਾਉਣ ਵਾਲਿਆਂ ਨੂੰ ਇਕ ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਫ਼ਤ ਪ੍ਰਬੰਧਨ ਐਕਟ-2005 ਦੀ ਧਾਰਾ 51 ਤੋਂ 60 ਤਹਿਤ ਕਾਰਵਾਈ ਕੀਤੀ ਜਾਵੇਗੀ।