- ਸਾਵਧਾਨੀਆਂ ਵਰਤ ਕੇ ਹੀ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਹਿ ਸਕਦੇ ਹਨ ਲੋਕ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 15 ਅਗਸਤ 2020 - ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 35700 ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 616 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਸ੍ਰੀਮਤੀ ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ’ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 39772 ਸੈਂਪਲ ਲਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ 985 ਸੈਂਪਲ ਲਏ ਗਏ ਹਨ ਅਤੇ 1042 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 43 ਨਵੇਂ ਕੇਸ ਆਉਣ ਨਾਲ ਜ਼ਿਲ੍ਹੇ ਵਿੱਚ ਪੋਜ਼ੀਟਿਵ ਕੇਸਾਂ ਦੀ ਗਿਣਤੀ 827 ਹੋ ਗਈ ਹੈ। ਉਨ੍ਹਾਂ ਕਿਹਾ ਕਿ ਐਕਟਿਵ ਕੇਸ 188 ਹਨ। ਉਨ੍ਹਾਂ ਕਿਹਾ ਕਿ 3227 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 61 ਕੇਸ ਇਨਵੈਲਿਡ ਪਾਏ ਗਏ ਹਨ। ਸਿਵਲ ਸਰਜਨ ਨੇ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੋਵਿਡ ਨਾਲ 23 ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਗਰਭਵਤੀ ਔਰਤਾਂ ਅਤੇ 10 ਸਾਲ ਤੱਕ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।