ਹੜ੍ਹ ਪ੍ਰਭਾਵਿਤ ਇਲਾਕਿਆ ਵਿੱਚ ਦਵਾਈਆਂ ਅਤੇ ਐਂਬੂਲੈਂਸਾਂ ਨੂੰ ਕਰਵਾਉਣਾ ਬਣਾਇਆ ਗਿਆ ਹੈ ਯਕੀਨੀ: ਸਿਹਤ ਮੰਤਰੀ
- ਦੋ ਹਜ਼ਾਰ ਮੈਡੀਕਲ ਤੇ ਪੈਰਾਮੈਡੀਕਲ ਸਟਾਫ਼ ਭਰਤੀ ਕਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ
- ਆਈ.ਐਮ.ਏ. ਤੇ ਸਮਾਜ ਭਲਾਈ ਜਥੇਬੰਦੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਮੈਡੀਕਲ ਸੇਵਾਵਾਂ ਦੇਣ ਦੀ ਅਪੀਲ
- ਇਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਜ਼ਿਲ੍ਹੇ ਲਈ ਇਕ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਵੀ ਸੌਂਪਿਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 15 ਜੁਲਾਈ,2023 - ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਸ਼ਨੀਵਾਰ ਸਰਕਾਰੀ ਹਸਪਤਾਲ ਨਵਾਂਸ਼ਹਿਰ ਵਿਖੇ ਪਹੁੰਚੇ ਅਤੇ ਸਿਵਲ ਸਰਜਨ ਸਮੇਤ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹੜ੍ਹ ਦੌਰਾਨ ਪ੍ਰਭਾਵਿਤ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਸਬੰਧੀ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਇਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਰਲੀਫ ਫੰਡ ਲਈ ਜ਼ਿਲ੍ਹੇ ਵਾਸਤੇ 1 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸਿਵਲ ਸਰਜਨ ਨੂੰ ਸੌਂਪਿਆ। ਉਨ੍ਹਾਂ ਨੇ ਸ਼੍ਰੀ ਰਾਕੇਸ਼ ਕੁਮਾਰ ਖੰਨਾ ਸੋਸਾਇਟੀ ਵਲੋਂ 2 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਚੈਕ ਸੌਪਣ ‘ਤੇ ਸੋਸਾਇਟੀ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆਂ, ਐਸ.ਡੀ.ਐਮ ਨਵਾਂਸ਼ਹਿਰ ਡਾ. ਸ਼ਿਵ ਰਾਜ ਸਿੰਘ ਬੱਲ ਸਮੇਤ ਹੋਰ ਵੀ ਪ੍ਰਸ਼ਾਸਿਨਿਕ ਅਧਿਕਾਰੀ ਮੌਜੂਦ ਸਨ।
ਇਸ ਤੋਂ ਪਹਿਲਾਂ ਉਨ੍ਹਾਂ ਸਰਕਾਰੀ ਹਸਪਤਾਲ ਵਿਖੇ ਐਂਮਰਜੈਂਸੀ ਮੁੱਢਲੀ ਸਿਹਤ ਸੁਵਿਧਾ ਸਬੰਧੀ ਹੜ੍ਹ ਪੀੜਤ ਮਰੀਜ਼ਾ ਲਈ ਇਕ ਐਂਬੂਲੈਂਸ ਨੂੰ ਵੀ ਰਵਾਨਾ ਕੀਤਾ।ਇਸ ਤੋਂ ਬਾਅਦ ਸਰਕਾਰੀ ਹਸਪਤਾਲ ਦੇ ਕਮੇਟੀ ਰੂਮ ਵਿਖੇ ਸੀਨੀਅਰ ਅਧਿਕਾਰੀਆਂ, ਇੰਡੀਅਨ ਮੈਡੀਕਲ ਐਸੋਸੀਏਸ਼ਨ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨਾਲ ਹੜ੍ਹ ਸਬੰਧੀ ਮੀਟਿੰਗ ਦੀ ਅਗਵਾਈ ਕਰਦਿਆਂ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਦੇ ਗੰਭੀਰ ਹਾਲਾਤਾਂ ਦੌਰਾਨ ਲੋਕਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰੀ ਤੇ ਗੈਰ ਸਰਕਾਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਨਿਰੰਤਰ ਮੈਡੀਕਲ ਕੈਂਪ ਲਗਾ ਰਹੀ ਹੈ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਉਪਲੱਬਧ ਕਰਵਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਮੂਹ ਸਿਵਲ ਸਰਜਨਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ, ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਨ੍ਹਾਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੈ, ਉਥੇ ਕਿਸ਼ਤੀਆਂ ਰਾਹੀਂ ਲੋਕਾਂ ਨੂੰ ਜ਼ਰੂਰੀ ਦਵਾਈਆਂ ਪਹੁੰਚਾਈਆਂ ਜਾਣ ਅਤੇ ਕਿਨਾਰਿਆਂ ਤੇ ਐਂਬੂਲੈਂਸਾਂ ਦੀ ਤਾਇਨਾਤੀ ਯਕੀਨੀ ਤੌਰ ਉੱਤੇ ਕੀਤੀ ਜਾਵੇ, ਤਾਂ ਜੋ ਲੋੜ ਪੈਣ ‘ਤੇ ਮਰੀਜ਼ਾਂ ਨੂੰ ਹਸਪਤਾਲਾਂ ਵਿਖੇ ਲਿਜਾਣ ਵਿੱਚ ਮੁਸ਼ਕਿਲ ਨਾ ਆਵੇ।
ਇਸ ਮੌਕੇ ਸਿਹਤ ਮੰਤਰੀ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਸਟਾਫ਼ ਦੀ ਤਾਇਨਾਤੀ ਦਵਾਈਆਂ ਸਮੇਤ ਐਂਬੂਲੈਂਸਾਂ ਨਾਲ ਕੀਤੀ ਜਾਵੇ ਅਤੇ ਲੋੜ ਪੈਣ ‘ਤੇ ਹੋਰ ਹੋਰ ਜ਼ਰੂਰੀ ਸੇਵਾਵਾਂ ਵੀ ਮੁਹੱਈਆ ਕਰਵਾਉਣ ਵਿੱਚ ਵੀ ਸਹਿਯੋਗ ਦਿੱਤਾ ਜਾਵੇ।
ਉਨ੍ਹਾਂ ਮੀਟਿੰਗ ਵਿੱਚ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੀਆਂ ਨੂੰ ਕਿਹਾ ਕਿ ਮੈਡੀਕਲ ਸੇਵਾਵਾਂ ਤੋਂ ਇਲਾਵਾ ਰਾਸ਼ਨ ਅਤੇ ਹੋਰ ਲੋੜੀਂਦੀਆਂ ਵਸਤੂਆਂ ਮੁਹੱਈਆਂ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸਨ ਦੀ ਵੱਧ ਤੋਂ ਵੱਧ ਮੱਦਦ ਕੀਤੀ ਜਾਵੇ, ਤਾਂ ਜੋ ਆਪ ਸਭ ਤੇ ਸਹਿਯੋਗ ਨਾਲ ਹਰ ਇੱਕ ਲੋੜਵੰਦ ਨੂੰ ਸਹਾਇਤਾ ਦਿੱਤੀ ਜਾ ਸਕੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਡਾਕਟਰਾਂ ਦੀ ਘਾਟ ਸਬੰਧੀ ਜਾਣਕਾਰੀ ਦਿੰਦਿਆ ਕਿਹਾ ਕਿ ਸਿਹਤ ਵਿਭਾਗ ਨੇ 550 ਹਾਊਸ ਸਰਜਨਾਂ ਦੀ ਭਰਤੀ ਕੀਤੀ ਹੈ, ਜਿਸ ਵਿਚੋਂ 10 ਹਾਊਸ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਐਂਮਰਜੈਸੀ ਸੇਵਾਵਾਂ ਲਈ ਲਗਾਏ ਗਏ ਹਨ, ਜੋ 24 ਘੰਟੇ ਸੇਵਾਵਾਂ ਨਿਭਾਉਂਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪ੍ਰਵਾਨਗੀ ਮਿਲਣ ਉਪਰੰਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 2 ਹਜ਼ਾਰ ਹੋਰ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ।
ਦਵਾਈਆਂ ਦੇ ਸਟਾਕ ਬਾਰੇ ਗੱਲ ਕਰਦਿਆਂ ਡਾ. ਬਲਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੇ ਸ਼ਖਤ ਆਦੇਸ਼ ਹਨ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦਵਾਈਆਂ ਸਮੇਤ ਹੋਰ ਕਿਸੇ ਵੀ ਕਿਸਮ ਦੇ ਰਾਹਤ ਕਾਰਜ਼ਾਂ ਦੀ ਕਮੀ ਨਾ ਛੱਡੀ ਜਾਵੇ। ਜਿਸ ਕਰਕੇ ਹੀ ਉਹ ਨਿੱਜੀ ਤੌਰ ‘ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਦੌਰਾ ਕਰ ਰਹੇ ਹਨ ਅਤੇ ਜਥੇਬੰਦੀਆਂ ਦੇ ਨਾਲ ਮੀਟਿੰਗਾਂ ਕਰਕੇ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਰਣਨੀਤੀ ਤਿਆਰ ਕਰ ਰਹੇ ਹਨ। ਇਸ ਉਪਰੰਤ ਉਨ੍ਹਾਂ ਨੇ ਵਧੀਆਂ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਵੀ ਕੀਤਾ।
ਉਨ੍ਹਾਂ ਨੇ ਹੋਰ ਆਮ ਆਦਮੀ ਕਲੀਨਿਕ ਖੋਲਣ ਸੰਬਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਹਰ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਸੰਖਿਆ ਵਧਾਈ ਜਾ ਰਹੀ ਹੈ ਅਤੇ ਉਮੀਦ ਹੈ ਕਿ 15 ਅਗਸਤ ਨੂੰ ਹੋਰ ਵੀ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ।
ਇਸ ਦੌਰਾਨ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਦੇ ਵਿੱਚ ਭਾਰੀ ਵਾਰਿਸ਼ ਤੋਂ ਬਾਅਦ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਨੀਵੀਆਂ ਥਾਵਾਂ ‘ਤੇ ਇਕੱਠੇ ਹੋਏ ਪਾਣੀ ਦੀ ਨਿਕਾਸੀ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਸਨ। ਹੋਲੀ-ਹੋਲੀ ਜ਼ਿਲ੍ਹੇ ਵਿੱਚ ਨੀਵਿਆਂ ਇਲਾਕਿਆਂ ਵਿਚੋਂ ਪਾਣੀ ਨਿਕਲ ਰਿਹਾ ਹੈ ਅਤੇ ਸਥਿਤੀ ਠੀਕ ਹੋ ਰਹੀ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਲਲਿਤ ਮੋਹਨ ਪਾਠਕ, ਆਪ ਦੇ ਹਲਕਾ ਬੰਗਾ ਇੰਚਾਰਜ ਕੁਲਜੀਤ ਸਿੰਘ ਸਰਹਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਜਲਾਲਪੁਰ, ਸਿਵਲ ਸਰਜਨ ਡਾ. ਜਸਪ੍ਰੀਤ ਕੌਰ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਰਾਕੇਸ਼ ਚੰਦਰ, ਸਹਾਇਕ ਸਿਵਲ ਸਰਜਨ ਡਾ ਬਲਬੀਰ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਜਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਅਤੇ ਐਸ ਐਮ ਓ ਨਵਾਂਸ਼ਹਿਰ ਡਾ. ਸਤਵਿੰਦਰਪਾਲ ਸਿੰਘ, ਪੀਏ ਅਜੇ ਕੁਮਾਰ, ਸਮਾਜਸੇਵੀ ਰਤਨ ਜੈਨ ਮੌਜੂਦ ਸਨ।