ਮਨਪ੍ਰੀਤ ਸਿੰਘ ਜੱਸੀ
- ਜਿਸ ਪਿੰਡ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਕੇਸ ਸਾਹਮਣੇ ਆਵੇਗਾ, ਉਸ ਪਿੰਡ ਦੇ ਸਰਪੰਚ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਜਾਵੇਗੀ: ਸ਼ਿਵਦੁਲਾਰ ਸਿੰਘ ਢਿੱਲੋਂ
ਅੰਮ੍ਰਿਤਸਰ, 7 ਨਵੰਬਰ 2019 - ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਸ਼ਿਵਦੁਲਾਰ ਸਿੰਘ ਢਿਲੋਂ ਨੇ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸ੍ਰ ਢਿਲੋਂ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜਿਹੜੇ ਕਿਸਾਨਾਂ ਵੱਲੋਂ ਖੇਤਾਂ ਨੂੰ ਅੱਗ ਲਗਾਈ ਪਾਈ ਗਈ ਉਨਾਂ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਗਈ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਜੁਰਮਾਨਾ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ 9 ਕਿਸਾਨਾਂ ਖਿਲਾਫ ਐਫ:ਆਈ:ਆਰ ਦਰਜ ਕੀਤੀ ਗਈ ਹੈ।
ਸ੍ਰ ਢਿਲੋਂ ਨੇ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਸਾੜਨ ਵਾਲੇ 296 ਕਿਸਾਨਾਂ ਨੂੰ 7 ਲੱਖ 45 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ।।ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ 491 ਕੇਸਾਂ ਵਿੱਚ ਰੈੱਡ ਐਂਟਰੀ ਕਰਨ ਦੀ ਹਦਾਇਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਿਨ੍ਹਾਂ ਸੁਪਰ ਐੱਸ.ਐੱਮ. ਐੱਸ. ਦੇ ਕੰਬਾਇਨ ਚਲਾਉਣ ਦੇ 6 ਕੇਸਾਂ ਵਿੱਚ ਸਖਤ ਕਾਰਵਾਈ ਕਰਦਿਆਂ 12 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਕਿਸੇ ਨੂੰ ਵੀ ਤੰਗ ਪ੍ਰੇਸ਼ਾਨ ਕਰਨਾ ਨਹੀਂ ਹੈ, ਪਰ ਪ੍ਰਦੁਸ਼ਣ ਪੂਰੀ ਮਨੁੱਖਤਾ ਲਈ ਘਾਤਕ ਹੈ। ਇਸ ਲਈ ਪ੍ਰਦੂਸ਼ਣ ਘੱਟ ਕਰਨ ਵਿਚ ਹਰ ਇਕ ਨਾਗਰਿਕ ਨੂੰ ਯੋਗਦਾਨ ਕਰਨਾ ਚਾਹੀਦਾ ਹੈ। ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਨੂੰ ਜ਼ਮੀਨ ਵਿੱਚ ਹੀ ਦਬਾ ਦੇਣ। ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਸੀਂ 550ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ, ਇਸ ਲਈ ਸਾਨੂੰ ਗੁਰੂ ਜੀਆਂ ਦੀਆਂ ਸਿੱਖਿਆਵਾਂ ਨੂੰ ਮੰਨਦੇ ਹੋਏ ਸਾਡੇ ਵਾਤਾਵਰਣ ਨੂੰ ਗੰਦਾ ਨਹੀਂ ਕਰਨਾ ਚਾਹੀਦਾ। ਸ੍ਰ ਢਿਲੋਂ ਨੇ ਦੱਸਿਆ ਕਿ ਡਿਊਟੀ ਮੈਜਿਸਟਰੇਟ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦਾ ਚਲਾਨ ਕਰ ਸਕਣਗੇ ਅਤੇ ਪਹਿਲਾਂ ਇਹ ਕੰਮ ਐਸ. ਡੀ. ਓ. ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਇੱਕਲੇ ਤੌਰ 'ਤੇ ਕੀਤਾ ਜਾਂਦਾ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਦੇ ਹਰ ਇੱਕ ਪਿੰਡ ਵਿੱਚ ਸਰਪੰਚ ਨੂੰ ਵੀ ਪਰਾਲੀ ਨੂੰ ਅੱਗ ਲੱਗਣ ਵਿੱਚ ਜਵਾਹਦੇਹ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਜਿਸ ਪਿੰਡ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਕੇਸ ਸਾਹਮਣੇ ਆਵੇਗਾ, ਉਸ ਪਿੰਡ ਦੇ ਸਰਪੰਚ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਜਾਵੇਗੀ।
ਜ਼ਿਲੇ ਦੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਦੁਹਰਾਉਂਦਿਆਂ ਕਿਹਾ ਕਿ ਮਨੁੱਖਤਾ ਦੇ ਵਢੇਰੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਪ੍ਰਸ਼ਾਸਨ ਨੂੰ ਸਖ਼ਤੀ ਕਾਰਵਾਈ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਹਰ ਪ੍ਰਕਾਰ ਦੇ ਪ੍ਰਦੂਸ਼ਣ ਨੂੰ ਰੋਕਣ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।