ਜ਼ਿਲ੍ਹੇ ਦੇ ਹਰ ਪਿੰਡ ’ਚ ਸੱਤ ਰੂਰਲ ਕੋਰੋਨਾ ਵਲੰਟੀਅਰਾਂ ਦਾ ਬਣਾਇਆ ਜਾਵੇਗਾ ਗਰੁੱਪ : ਅਰੋੜਾ
- ਉਦਯੋਗ ਮੰਤਰੀ ਨੇ ਕਿਹਾ ਕਿ ਕੋੋਰੋਨਾ ਕੇ ਖਿਲਾਫ ਜੰਗ ’ਚ ਅਹਿਮ ਯੋਗਦਾਨ ਪਾਉਣਗੇ ਇਹ ਵਲੰਟੀਅਰ
- ਵਲੰਟੀਅਰਾਂ ਨੂੰ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਦਿੱਤੀਆਂ ਜਾਣਗੀਆਂ ਸਪੋਰਟਸ ਕਿੱਟ
ਹੁਸ਼ਿਆਰਪੁਰ, 27 ਮਈ 2021 - ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮਿਸ਼ਨ ਫਤਿਹ-2 ਤਹਿਤ ਪਿੰਡਾਂ ਨੂੰ ਕੋਰੋਨਾ ਮੁਕਤ ਕਰਨ ਵਿੱਚ ਨੌਜਵਾਨ ਜਿਥੇ ਆਪਣੀ ਬੇਹਤਰੀਨ ਭੂਮਿਕਾ ਨਿਭਾਅ ਰਹੇ ਹਨ ਉਥੇ ਹੁਣ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸੱਦੇ ’ਤੇ ਨੌਜਵਾਨ ਹੁਣ ਹੋਰ ਜ਼ਿਆਦਾ ਜ਼ਿੰਮੇਵਾਰੀ ਦੇ ਨਾਲ ਕੰਮ ਕਰਨਗੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਯੋਜਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਮੁਕਤ ਮੁਹਿੰਮ ਸਬੰਧੀ ਵੀਡੀਓ ਕਾਨਫਰੰਸ ਦੇ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ। ਉਦਯੋਗ ਮੰਤਰੀ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਮਿਸ਼ਨ ਫਤਿਹ-2 ਨਾਲ ਜੁੜਨ ਦਾ ਸੱਦਾ ਦਿੱਤਾ ਗਿਆ ਤਾਂ ਜੋ ਪੰਜਾਬ ਵਿੱਚ ਕੋਰੋਨਾ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਸੱਤ ਰੂਰਲ ਕੋਰੋਨਾ ਵਲੰਟੀਅਰਾਂ (ਆਰ.ਸੀ.ਬੀ) ਦੇ ਸਮੂਹ ਨੂੰ ਕਾਇਮ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਹੁਕਮਾਂ ਨੂੰ ਜ਼ਿਲ੍ਹੇ ਵਿੱਚ ਪੂਰੀ ਸ਼ਿਦਤ ਨਾਲ ਲਾਗੂ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਬੇਸ਼ੱਕ ਕੋਵਿਡ ਮਾਮਲਿਆਂ ਵਿੱਚ ਕਮੀ ਆ ਰਹੀ ਹੈ ਪਰ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ, ਇਸ ਦੇ ਲਈ ਮੁੱਖ ਮੰਤਰੀ ਵਲੋਂ ਆਰ.ਸੀ.ਵੀ. ਸਮੂਹ ਕਾਇਮ ਕਰਨ ਨੂੰ ਕਿਹਾ ਗਿਆ ਹੈ ਜੋ ਕਿ ਕੋਰੋਨਾ ਦੇ ਖਿਲਾਫ ਜੰਗ ਵਿੱਚ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਇਹ ਰੂਰਲ ਕੋਰੋਨਾ ਵਲੰਟੀਅਰ ਪੇਂਡੂ ਇਲਾਕਿਆਂ ਵਿੱਚ ਲੋਕਾਂ ਨੂੰ (ਥਰੀ ਟੀ) ਜਾਣੀ ਕੀ ਟੈਸਟ, ਟਰੇਸ, ਅਤੇ ਟਰੀਟ ਸਬੰਧੀ ਜਾਗਰੂਕ ਕਰਨ, ਗਰੀਬ ਅਤੇ ਬਜ਼ੁਰਗ ਵਿਅਕਤੀਆਂ ਦੀ ਸੰਭਾਲ ਕਰਦੇ ਹੋਏ ਉਨ੍ਹਾਂ ਦੀ ਕੋਵਿਡ ਕੰਟਰੋਲ ਰੂਮ ਅਤੇ ਹੈਲਪਲਾਈਨਾਂ ਤੱਕ ਪਹੁੰਚ ਆਸਾਨ ਬਣਾਉਣ, ਸਾਰੇ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾਉਣ, ਕੋਵਿਡ ਤੋਂ ਬਚਾਅ ਦੇ ਲਈ ਸਾਰੇ ਨਿਯਮਾਂ ਦੀ ਪਾਲਣਾਂ ਕਰਨ, ਵਧੀਆਂ ਇਲਾਜ ਸੁਵਿਧਾਵਾਂ ਉਪਲਬਧ ਕਰਵਾਉਣ ਵਿੱਚ ਪੇਂਡੂ ਲੋਕਾਂ ਦੀ ਮਦਦ ਕਰਨ ਆਦਿ ਦੀ ਜ਼ਿੰਮੇਵਾਰੀ ਸੰਭਾਲਣਗੇ। ਉਨ੍ਹਾਂ ਕਿਹਾ ਕਿ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਹਰ ਆਰ.ਸੀ.ਵੀ ਨੂੰ ਇਕ-ਇਕ ਸਪੋਰਟਸ ਕਿੱਟ ਅਤੇ ਸਰਟੀਫਿਕੇਟ 12 ਅਗਸਤ ਨੂੰ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਮੌਕੇ ’ਤੇ ਦਿੱਤੇ ਜਾਣਗੇ।
ਸੁੰਦਰ ਸ਼ਾਮ ਅਰੋੜਾ ਨੇ ਬਲੈਕ ਫੰਗਸ ਸਬੰਧੀ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਬਲੈਕ ਫੰਗਸ ਦੇ ਦੋ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਜਾਗਰੂਕਤਾ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਇਸ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਇਸ ਬੀਮਾਰੀ ਨਾਲ ਨਿਪਟਣ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਲੋਕ ਆਪਣੇ ਆਪ ਸਟੇਰੋਅਡ ਨਾ ਲੈਣ ਅਤੇ ਲੱਛਣ ਦਿਖਣ ’ਤੇ ਤੁਰੰਤ ਮਾਹਿਰ ਡਾਕਟਰ ਨਾਲ ਸੰਪਰਕ ਕਰਨ। ਇਸ ਦੌਰਾਨ ਉਨ੍ਹਾਂ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਬਣਾਏ ਗਏ ਸਟੀਕਰ ਅਤੇ ਬੈਜ ਨੂੰ ਜ਼ਿਲ੍ਹੇ ਵਿੱਚ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਕਰਵਾਉਣ ਵਾਲੇ ਲਾਭਪਾਤਰੀਆਂ ਨੂੰ ਇਹ ਬੈਜ ਅਤੇ ਸਟੀਕਰ ਦਿੱਤੇ ਜਾਣਗੇ ਤਾਂ ਜੋ ਲੋਕਾਂ ਵਿੱਚ ਟੀਕਾਕਰਨ ਨੂੰ ਲੈ ਕੇ ਸਕਾਰਾਤਮਕ ਸੋਚ ਜਾਵੇ। ਇਹ ਪ੍ਰੋਗਰਾਮ ਸਾਰੇ ਵਿੱਚ ਵਿੱਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਇਕ ਸਾਥ ਪ੍ਰਸਾਰਿਤ ਹੋਇਆ। ਇਸ ਮੌਕੇ ’ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਸਰਪੰਚ ਨਰਵੀਰ ਨੰਦੀ, ਡੀ.ਡੀ.ਐਫ ਪਿਊਸ਼ ਗੋਇਲ ਵੀ ਮੌਜੂਦ ਸਨ।