ਗੁਰਿੰਦਰ ਸਿੰਘ
ਫ਼ਿਰੋਜ਼ਪੁਰ, 26 ਅਗਸਤ, 2017 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੇ ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਅੱਜ ਸਵੇਰੇ 8 ਵਜੇ ਤੋਂ ਦੁਪਹਿਰ 12 ਵੱਜੇਂ ਤੱਕ ਕਰਫ਼ਿਊ ਵਿੱਚ ਢਿੱਲ ਦਿੱਤੀ ਹੈ ਤਾਂ ਜੋ ਜ਼ਿਲ੍ਹਾ ਫ਼ਿਰੋਜ਼ਪੁਰ ਨਿਵਾਸੀ ਆਪਣੇ ਲਈ ਜ਼ਰੂਰਤ ਦਾ ਸਮਾਨ ਜਿਸ ਤਰਾਂ ਰਾਸ਼ਨ, ਦੁੱਧ, ਸਬਜ਼ੀਆਂ ਅਤੇ ਦਵਾਈਆਂ ਵਗ਼ੈਰਾ ਖਰੀਦ ਸਕਣ। ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਸ਼੍ਰੀ ਰਾਮਵੀਰ ਆਈ.ਏ.ਐਸ. ਵੱਲੋਂ ਮੌਜੂਦਾ ਹਾਲਤਾਂ ਨੂੰ ਮੁੱਖ ਰੱਖਦੇ ਹੋਏ ਅੱਜ 26 ਅਗਸਤ 2017 ਨੂੰ ਦੁਪਹਿਰ 12 ਵਜੇ ਤੋਂ 27 ਅਗਸਤ 2017 ਨੂੰ ਸਵੇਰੇ 6 ਵਜੇ ਤੱਕ ਪੂਰੇ ਜ਼ਿਲ੍ਹੇ ਵਿੱਚ ਮੁੜ ਕਰਫ਼ਿਊ ਲਗਾਇਆ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਅਤੇ ਅਮਨ ਸ਼ਾਂਤੀ ਕਾਇਮ ਰੱਖਣ ਦੀ ਹਦਾਇਤ ਕੀਤੀ। ਉੱਧਰ ਅੱਜ ਦੂਜੇ ਦਿਨ ਫ਼ਿਰੋਜ਼ਪੁਰ ਤੋਂ ਰੇਲ ਅਤੇ ਬੰਸ ਸੇਵਾ ਬੰਦ ਰਹੀ।
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਸਰਕਾਰ ਦਾ ਸਾਥ ਦੇਣ ਦੇ ਨਾਲ-ਨਾਲ ਸੰਜਮ ਬਣਾਏ ਰੱਖਣ ਦੀ ਲੋੜ ਹੈ ਅਤੇ ਕਿਸੇ ਸਰਕਾਰੀ ਜਾਂ ਗੈਰ ਸਰਕਾਰੀ ਪ੍ਰੋਪਰਟੀ ਨੂੰ ਨੁਕਸਾਨ ਨਹੀਂ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਾਨੂੰ ਸਾਰਿਆਂ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣੀ ਚਾਹੀਦੀ ਹੈ ਤਾਂ ਜੋ ਕੋਈ ਸ਼ਰਾਰਤੀ ਵਿਅਕਤੀ ਭਾਈਚਾਰਕ ਸਾਂਝ ਵਿੱਚ ਰੋੜਾ ਨਾ ਬਣੇ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਨ ਦੇ ਨਾਲ-ਨਾਲ ਕੋਈ ਵੀ ਅਜਿਹੀ ਹਰਕਤ ਨਹੀਂ ਕਰਨੀ ਚਾਹੀਦੀ ਜੋ ਕਿ ਕਿਸੇ ਫ਼ਿਰਕੇ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚੇ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿਚ ਕੋਈ ਵੀ ਅਣ-ਸੁਖਾਵੀਂ ਘਟਨਾ ਨਹੀਂ ਵਪਾਰੀ ਅਤੇ ਪੁਲੀਸ, ਅਰਧ ਸੈਨਿਕ ਬਲਾਂ, ਡਿਊਟੀ ਮੈਜਿਸਟਰੇਟ ਵੱਲੋਂ ਸਥਿਤੀ ਤੇ ਪੂਰੀ ਨਜ਼ਰ ਰੱਖ ਜਾ ਰਹੀ ਹੈ ਅਤੇ ਫ਼ੌਜ ਨੂੰ ਚੌਕਸ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਕਰਫ਼ਿਊ ਸਬੰਧੀ ਦੁਪਹਿਰ ਬਾਅਦ ਫਿਰ ਰਿਵਿਊ ਕੀਤਾ ਜਾਵੇਗਾ ਅਤੇ ਲੋੜ ਅਨੁਸਾਰ ਹੋਰ ਢਿੱਲ ਦਿੱਤੀ ਜਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਗੌਰਵ ਗਰਗ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਨੀਤ ਕੁਮਾਰ, ਸ.ਹਰਜੀਤ ਸਿੰਘ ਸੰਧੂ ਐਸ.ਡੀ.ਐਮ ਫ਼ਿਰੋਜ਼ਪੁਰ, ਸ.ਰਣਜੀਤ ਸਿੰਘ ਸਹਾਇਕ ਕਮਿਸ਼ਨਰ ਵੀ ਹਾਜ਼ਰ ਸਨ।