ਗੁਰਿੰਦਰ ਸਿੰਘ
ਫ਼ਿਰੋਜ਼ਪੁਰ, 24 ਅਗਸਤ, 2017 : ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਸ੍ਰੀ ਰਾਮਵੀਰ ਆਈ.ਏ.ਐਸ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਜ਼ਿਲ੍ਹੇ ਵਿੱਚ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ੱਕੀ ਵਾਹਨ, ਵਿਅਕਤੀ ਜਾਂ ਸਮਾਜ ਵਿਰੋਧੀ ਗਤੀਵਿਧੀ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਇਸ ਤੇ ਤੁਰੰਤ ਕਾਰਵਾਈ ਕਰਨਗੇ।
ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੀ ਹਾਲਤ ਵਿੱਚ ਜ਼ਿਲ੍ਹਾ ਪੁਲਿਸ ਕੰਟਰੋਲ ਰੂਮ ਦੇ ਟੈਲੀਫੋਨ ਨੰ: 01632-244100 ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਨੰ:01632-244024 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਜੇਕਰ ਕੋਈ ਵਿਅਕਤੀ ਸੋਸ਼ਲ ਮੀਡੀਆ 'ਤੇ ਭੜਕਾਊ ਵੀਡੀਓ ਜਾਂ ਕੋਈ ਹੋਰ ਪੋਸਟ ਪਾਉਂਦਾ ਹੈ ਤਾਂ ਉਸ ਨੂੰ ਅੱਗੇ ਕਿਸੇ ਹੋਰ ਗਰੁੱਪ ਵਿੱਚ ਨਾ ਭੇਜਿਆ ਜਾਵੇ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਪੂਰੀ ਮੁਸਤੈਦੀ ਤੋਂ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਰਕਾਰੀ ਜਾਂ ਨਿੱਜੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਸਾਰੇ ਵਿੱਦਿਅਕ ਅਦਾਰਿਆਂ (ਪ੍ਰਾਈਵੇਟ ਵਿੱਦਿਅਕ/ਵੋਕੇਸ਼ਨਲ ਅਦਾਰੇ,ਸਕੂਲ, ਕਾਲਜ ਅਤੇ ਆਈ.ਟੀ.ਆਈਜ) 'ਚ ਅਗਸਤ 25 ਅਤੇ ਅਗਸਤ 26 ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸ੍ਰੀ ਰਾਮਵੀਰ ਨੇ ਕਿਹਾ ਕਿ ਸੰਭਾਵੀ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 31 ਅਗਸਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਅਮਨ ਤੇ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਅਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀਆਂ ਅਮਨ ਤੇ ਸ਼ਾਂਤੀ ਨੂੰ ਭੰਗ ਕਰਨ ਲਈ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ 'ਤੇ ਬਿਲਕੁਲ ਯਕੀਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੂਰੇ ਜ਼ਿਲ੍ਹੇ ਵਿਚ ਧਾਰਾ 144 ਲਾਗੂ ਕੀਤੀ ਗਈ ਹੈ।
ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਗੌਰਵ ਗਰਗ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿਚ ਪੈਰਾ ਮਿਲਟਰੀ ਸਮੇਤ ਵੱਡੀ ਤਾਦਾਦ ਵਿੱਚ ਲੋੜ ਅਨੁਸਾਰ ਪੁਲਿਸ ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਕਿਸੇ ਵੀ ਪ੍ਰਕਾਰ ਦੀ ਸਥਿਤੀ ਨੂੰ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰਕਾਰ ਦੀਆਂ ਅਫ਼ਵਾਹਾਂ ਤੋਂ ਬਚਨ ਅਤੇ ਸਦਭਾਵਨਾ ਦਾ ਮਾਹੌਲ ਕਾਇਮ ਰੱਖਣ।