‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਸਬ ਡਵੀਜ਼ਨ ਵਿਖੇ 5 ਨਵੰਬਰ ਨੂੰ ਚੱਪੜਚਿੜੀ ਖੁਰਦ ਅਤੇ 29 ਨਵੰਬਰ ਨੂੰ ਬਠਲਾਣਾ ਵਿਖੇ ਕੈਂਪ ਲੱਗਣਗੇ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਕਤੂਬਰ, 2024: ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਸਬ-ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ ਕੈਂਪਾ ਦੀ ਲੜੀ ਵਿੱਚ 5 ਨਵੰਬਰ ਨੂੰ ਚੱਪੜਚਿੜੀ ਖੁਰਦ ਅਤੇ 29 ਨਵੰਬਰ ਨੂੰ ਬਠਲਾਣਾ ਵਿਖੇ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਵੱਲੋਂ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ।
ਇਹ ਜਾਣਕਾਰੀ ਦਿੰਦਿਆਂ ਕੈਂਪ ਦੇ ਨੋਡਲ ਅਫਸਰ ਅਤੇ ਮੋਹਾਲੀ ਦੇ ਐਸ.ਡੀ.ਐਮ. ਦਮਨਦੀਪ ਕੋਰ ਨੇ ਦੱਸਿਆ ਕਿ 5 ਨਵੰਬਰ ਨੂੰ ਮੋਹਾਲੀ ਸਬ ਡਵੀਜ਼ਨ ਦੇ ਪਿੰਡ ਚੱਪੜਚਿੜੀ ਵਿਖੇ ਕੈਂਪ ਲੱਗੇਗਾ ਅਤੇ ਇਸ ਕੈਂਪ ਵਿੱਚ ਚੱਪੜਚਿੜੀ ਕਲਾਂ, ਚੱਪੜਚਿੜੀ ਖੁਰਦ, ਬਲਿਆਲੀ ਅਤੇ ਬੱਲੋ ਮਾਜਰਾ ਦੇ ਵਸਨੀਕ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ। ਮਿਤੀ 29 ਨਵੰਬਰ ਨੂੰ ਮੋਹਾਲੀ ਸਬ ਡਵੀਜਨ ਦੇ ਪਿੰਡ ਬਠਲਾਣਾ ਵਿਖ ਲੱਗਣ ਵਾਲੇ ਕੈਂਪ ਵਿੱਚ ਗੁਡਾਣਾ, ਢੋਲਪੁਰ ਅਤੇ ਬਠਲਾਣਾ ਦੇ ਲੋਕ ਅਰਜ਼ੀਆਂ ਲੈ ਕੇ ਸ਼ਾਮਲ ਹੋ ਸਕਦੇ ਹਨ।
ਇਨ੍ਹਾਂ ਕੈਂਪਾਂ ਵਿੱਚ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ ਅਰਜ਼ੀ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਆਪਣੇ ਕੰਮ ਮੁਕੰਮਲ ਕਰਵਾ ਲੈਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।