10 ਮਈ ਨੂੰ ਛੁੱਟੀ ਵਾਲੇ ਦਿਨ ਵੀ ਭਰੇ ਜਾ ਸਕਦੇ ਹਨ ਨਾਮਜ਼ਦਗੀ ਪੱਤਰ - ਜ਼ਿਲ੍ਹਾ ਚੋਣ ਅਫ਼ਸਰ
- ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ,
- ਉਮੀਦਵਾਰ 17 ਮਈ ਤੱਕ ਆਪਣੀਆਂ ਨਾਮਜ਼ਦਗੀਆਂ ਲੈ ਸਕਦੇ ਹਨ ਵਾਪਸ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ 07 ਮਈ,2024 - ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫਸਰ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜੈਅੰਤੀ (10 ਮਈ, 2024 ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ) ਛੁੱਟੀ ਨਹੀਂ ਹੈ। ਇਸ ਲਈ 10 ਮਈ ਨੂੰ ਨਾਮਜ਼ਦਗੀ ਪੱਤਰ ਭਰੇ ਜਾ ਸਕਦੇ ਹਨ, 11 ਮਈ ਨੂੰ ਦੂਜਾ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ। ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।
ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 ਨੂੰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ ਹੈ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰ 17 ਮਈ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਪੰਜਾਬ ਸਮੇਤ ਦੇਸ਼ ਵਿੱਚ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।
ਉਨ੍ਹਾਂ ਦੱਸਿਆ ਕਿ 7 ਮਈ ਤੋਂ 14 ਮਈ ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਫਾਰਮ 2 ਵਿੱਚ ਭਰੇ ਜਾਣੇ ਹਨ। ਜ਼ਿਕਰਯੋਗ ਹੈ ਕਿ ਖਾਲੀ ਫਾਰਮ ਦਫਤਰ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿੱਚ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਮੁੱਖ ਚੋਣ ਦਫਤਰ ਦੀ ਵੈੱਬਸਾਈਟ (https://www.ceopunjab.gov.in) ਤੇ ਦਰਸਾਏ ਗਏ ਨਿਰਧਾਰਿਤ ਫਾਰਮੈਟ ਵਿੱਚ ਹੋਣ।
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਐਲਾਨ ਦੀ ਮਿਤੀ 16 ਮਾਰਚ, 2024 ਤੋਂ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 06.06.2024 ਤੱਕ ਲਾਗੂ ਰਹੇਗਾ।