ਚੰਡੀਗੜ੍ਹ, 30 ਦਸੰਬਰ, 2016 : ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ 'ਤੇ ਕੀਤੀ ਗਈ ਭਰਤੀ ਅਤੇ ਪਦਉਨਤੀਆਂ ਦੀ ਪ੍ਰਕਿਰਿਆ ਨੂੰ ਜਾਰੀ ਕਰਦਿਆਂ ਨਵੇ ਚੁਣੇ 1000 ਮਾਸਟਰ ਕਾਡਰ ਅਧਿਆਪਕਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆਂ ਪਹਿਲੀ ਜਨਵਰੀ 2017 ਨੂੰ ਨਿਯੁਕਤੀ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਖੁਲਾਸਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਿੱਖਿਆ ਵਿਭਾਗ ਦੀ ਉਚ ਪੱਧਰੀ ਮੀਟਿੰਗ ਕਰਨ ਉਪਰੰਤ ਕੀਤਾ। ਮੀਟਿੰਗ ਵਿੱਚ ਨਵੀਂ ਹੋਰ ਭਰਤੀ ਤੇ ਪਦਉਨਤੀਆਂ ਕਰਨ ਦਾ ਵੀ ਫੈਸਲਾ ਕੀਤਾ ਗਿਆ।
ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਡਾ.ਚੀਮਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪਿਛਲੇ 10 ਸਾਲਾਂ ਵਿੱਚ ਰਿਕਾਰਡ 84,000 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸੇ ਪ੍ਰਕਿਰਿਆ ਨੂੰ ਜਾਰੀ ਰੱਖਦਿਆਂ ਹਾਲ ਹੀ ਵਿੱਚ ਭਰਤੀ ਕੀਤੇ ਮਾਸਟਰ ਕਾਡਰ ਦੀ ਵੇਟਿੰਗ ਲਿਸਟ ਦੇ 1000 ਅਧਿਆਪਕਾਂ ਨੂੰ ਪਹਿਲੀ ਜਨਵਰੀ 2017 ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਪਹਿਲਾਂ ਵਾਂਗ ਮੈਰਿਟ ਅਨੁਸਾਰ ਬੁਲਾ ਕੇ ਮਨਪਸੰਦ ਦੇ ਸਟੇਸ਼ਨ ਵੀ ਉਸੇ ਦਿਨ ਅਲਾਟ ਕੀਤੇ ਜਾਣਗੇ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ 873 ਡੀ.ਪੀ.ਈ. ਅਤੇ 74 ਨਵੇਂ ਸਰੀਰਕ ਸਿੱਖਿਆ ਲੈਕਚਰਾਰਾਂ ਨੂੰ ਭਰਤੀ ਕਰਨ ਲਈ ਅੱਜ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸ਼ਤਿਹਾਰ ਜਾਰੀ ਹੁੰਦਿਆਂ ਹੀ ਇਹ ਭਰਤੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਪਦਉਨਤੀਆਂ ਬਾਰੇ ਵੀ ਵਿਚਾਰ ਕਰਦਿਆਂ ਲੈਕਚਰਾਰ ਤੋਂ ਪ੍ਰਿੰਸੀਪਲ ਵਜੋਂ ਪਦਉਨਤੀ ਦੀਆਂ 208 ਅਸਾਮੀਆਂ ਭਰਨ ਦੀ ਵੀ ਪ੍ਰਵਾਨਗੀ ਦਿੱਤੀ ਗਈ ਜੋ ਕਿ ਜਲਦ ਹੀ ਮੁਕੰਮਲ ਕਰ ਲਈ ਜਾਵੇਗੀ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਸਕੂਲ ਸਿੱਖਿਆ ਡਾ.ਜੀ.ਵਜਰਾਲਿੰਗਮ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪਰਦੀਪ ਅੱਗਰਵਾਲ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਸੁਖਦੇਵ ਸਿੰਘ ਕਾਹਲੋਂ, ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਸ੍ਰੀ ਇੰਦਰਜੀਤ ਸਿੰਘ, ਡਾਇਰੈਕਟਰ (ਪ੍ਰਸ਼ਾਸਨ) ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ ਤੇ ਡਿਪਟੀ ਡਾਇਰੈਕਟਰ ਡਾ.ਗਿੰਨੀ ਦੁੱਗਲ ਵੀ ਹਾਜ਼ਰ ਸਨ।