ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ
ਹਰਿੰਦਰ ਨਿੱਕਾ
ਸੰਗਰੂਰ, 13 ਅਪ੍ਰੈਲ:2020: ਕਣਕ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਵੱਲੋਂ ਅੱਜ ਸ਼ਾਮ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਸਿੰਘ ਬੱਤਰਾ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ, ਜ਼ਿਲ੍ਹਾ ਮਾਲ ਅਫਸਰ ਗਗਨਦੀਪ ਸਿੰਘ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਤਰਨਜੀਤ ਸਿੰਘ ਚੋਪੜਾ, ਜ਼ਿਲ੍ਹਾ ਮੰਡੀ ਅਫ਼ਸਰ ਜਸਵੀਰ ਸਿੰਘ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ ਗਿਆ।
ਉਨ੍ਹਾਂ ਕਿਹਾ ਕਿ ਸਮੁੱਚੀ ਖਰੀਦ ਪ੍ਰਕ੍ਰਿਆ ਦੌਰਾਨ ਕਿਸੇ ਨੂੰ ਵੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕਤਾ ਪੈਦਾ ਕਰਦੇ ਰਹਿਣ, ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ, ਸਾਫ ਸਫਾਈ ਦਾ ਧਿਆਨ ਰੱਖਣ, ਹੋਲੋਗਰਾਮ ਵਾਲੇ ਕੂਪਨਾਂ ਰਾਹੀਂ ਦਾਖਲੇ ਆਦਿ ਸਮੇਤ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਤਹਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਾਜਿੰਦਰ ਬੱਤਰਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਮੰਡੀ ਬੋਰਡ, ਮਾਰਕੀਟ ਕਮੇਟੀਆਂ, ਪੁਲਿਸ ਵਿਭਾਗ, ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਾਜਿੰਦਰ ਬੱਤਰਾ ਨੇ ਕਿਹਾ ਕਿ 15 ਅਪ੍ਰੈਲ ਤੋਂ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ, ਜਿਸ ਤਹਿਤ ਪ੍ਰਸ਼ਾਸਨ ਵੱਲੋਂ ਅਜਿਹੇ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਅਤੇ ਸਬੰਧਤ ਵਰਗ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ। ਉਨ੍ਹਾਂ ਨੇ ਦੱਸਿਆ ਕਿ ਪ੍ਰਸ਼ਾਸਨ ਦੀ ਪੂਰੀ ਕੋਸ਼ਿਸ਼ ਹੈ ਕਿ ਕਿਸਾਨਾਂ ਦੀ ਫ਼ਸਲ ਸਾਂਭੀ ਜਾਵੇ ਅਤੇ ਉਨ੍ਹਾਂ ਨੂੰ ਕੋਰੋਨਾਵਾਇਰਸ ਦੇ ਪ੍ਰਭਾਵ ਤੋਂ ਵੀ ਬਚਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਵਾਸਤੇ ਮੰਡੀਆਂ ਵਿੱਚ ਵਿਸ਼ੇਸ਼ ਮੈਪਿੰਗ ਕੀਤੀ ਗਈ ਹੈ ਅਤੇ ਹੱਥ ਧੋਣ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਅਤੇ ਲੇਬਰ ਸਮੇਤ ਮੰਡੀਆਂ ਵਿੱਚ ਆਉਣ ਅਤੇ ਕੰਮ ਕਰਨ ਦੌਰਾਨ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਪਾਣੀ ਵਾਲੇ ਪੀਣ ਦੀ ਵਿਵਸਥਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਇਸ ਸਬੰਧੀ ਮੰਡੀ ਵਿੱਚ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇ ਤਾਂ ਜੋ ਕੋਰੋਨਾਵਾਇਰਸ ਦੀ ਰੋਕਥਾਮ ਨੂੰ ਲੈ ਕੇ ਬਾਰੀਕੀ ਨਾਲ ਧਿਆਨ ਰੱਖਿਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਰਫ਼ ਉਹੀ ਕਿਸਾਨ ਆਪਣੀ ਕਣਕ ਮੰਡੀ ਵਿੱਚ ਲੈ ਕੇ ਆਉਣ, ਜਿਨ੍ਹਾਂ ਨੂੰ ਆੜਤੀਆਂ ਵੱਲੋਂ ਹੋਲੋਗਰਾਮ ਵਾਲੀ ਪਰਚੀ ਦਿੱਤੀ ਗਈ ਹੋਵੇ, ਬਿਨਾਂ ਹੋਲੋਗਰਾਮ ਵਾਲੀ ਪਰਚੀ ਤੋਂ ਕਣਕ ਮੰਡੀ ਵਿੱਚ ਦਾਖ਼ਲ ਨਹੀਂ ਹੋਣ ਦਿੱਤੀ ਜਾਵੇਗੀ, ਮੰਡੀ ਵਿੱਚ ਲਿਜਾਈ ਜਾ ਰਹੀ ਕਣਕ ਨਿਸ਼ਚਿਤ ਕੀਤੀ ਥਾਂ ਉੱਪਰ ਹੀ ਉਤਾਰੀ ਜਾਵੇ, ਟਰੈਕਟਰ ਉੱਪਰ ਡਰਾਈਵਰ ਤੋਂ ਬਿਨਾਂ ਹੋਰ ਕੋਈ ਵਿਅਕਤੀ ਨਾ ਬੈਠੇ, ਟਰਾਲੀ ਵਿੱਚ ਘੱਟੋ ਘੱਟ ਲੇਬਰ ਹੀ ਬੈਠੇ ਅਤੇ ਉਹ ਉਚਿਤ ਦੂਰੀ ਬਣਾ ਕੇ ਬੈਠਣ।
ਸ੍ਰੀ ਬੱਤਰਾ ਨੇ ਕਿਹਾ ਕਿ ਲੇਬਰ ਅਤੇ ਕਿਸਾਨਾਂ ਆਦਿ ਨੂੰ ਖ਼ਾਸ ਤੌਰ ਉੱਤੇ ਜਾਗਰੂਕ ਕੀਤਾ ਜਾਵੇ ਕਿ ਗੱਲਬਾਤ ਦੌਰਾਨ ਘੱਟੋ ਘੱਟ ਦੋ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਮੰਡੀ ਵਿੱਚ ਬਣੀ ਮੈਪਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਸ੍ਰੀ ਬੱਤਰਾ ਨੇ ਕਿਹਾ ਕਿ ਇਸ ਸਮੇਂ ਦੌਰਾਨ ਜੋ ਨਿਯਮਾਂ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਐਸ ਪੀ ਓਪਰੇਸ਼ਨ ਸ੍ਰੀ ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਮੰਡੀਆਂ ਵਿੱਚ ਸਹਿਯੋਗ ਲਈ ਪੁਲਿਸ ਮੁਲਾਜ਼ਮਾਂ ਦੀ ਵੀ ਤਾਇਨਾਤੀ ਕੀਤੀ ਜਾਵੇਗੀ ਅਤੇ ਆੜ੍ਹਤੀਆਂ ਤੇ ਨਹਿਰੂ ਯੁਵਾ ਕੇਂਦਰ ਵੱਲੋਂ ਵਲੰਟੀਅਰ ਲਗਾਏ ਜਾਣਗੇ ਤਾਂ ਜੋ ਸਮਾਜਿਕ ਦੂਰੀ ਸਬੰਧੀ ਨਿਯਮਾਂ ਦੀ ਪਾਲਣਾ ਹੋ ਸਕੇ।