• ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਲਏ ਅਹਿਮ ਫੈਸਲੇ
• 1984 ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੁਆਉਣ ਲਈ 1 ਨਵੰਬਰ ਨੂੰ ਤਖਤ ਸਹਿਬਾਨਾਂ ਤੇ ਅਰਦਾਸ ਦਿਵਸ ਹੋਣਗੇ।
• 3 ਨਵੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਧਰਨੇ ਦਾ ਐਲਾਨ
ਚੰਡੀਗੜ• 22 ਅਕਤੂਬਰ -- ਸ਼੍ਰੋਮਣੀ ਅਕਾਲੀ ਦਲ ਦੀ ਕੱਲ ਦੇਰ ਰਾਤ ਤੱਕ ਚੱਲੀ ਕੋਰ ਕਮੇਟੀ ਦੀ ਮੀਟਿੰਗ ਜਿਸ ਦੀ ਪ੍ਰਧਾਨਗੀ ਦਲ ਦੇ ਸਰਪ੍ਰਸਤ ਸ. ਪਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੀਤੀ ਨੇ ਨਵੰਬਰ 1984 ਵਿੱਚ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖਾਂ ਦੇ ਹੋਏ ਵਹਿਸ਼ੀਆਨਾ ਕਤਲੇਆਮ ਉਪਰ ਗੰਭੀਰ ਚਰਚਾ ਕਰਦੇ ਹੋਏ ਪੀੜਤ ਪਰਿਵਾਰਾਂ ਨੂੰ ਹਾਲੇ ਤੱਕ ਇਨਸਾਫ ਨਾ ਮਿਲਣ ਉਪਰ ਗਹਿਰੀ ਚਿੰਤਾ ਅਤੇ ਰੋਹ ਦਾ ਪ੍ਰਗਟਾਵਾ ਕਰਦੇ ਹੋਏ ਇਹ ਫੈਸਲਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਤ ਦੇ ਸਹਿਯੋਗ ਦੇ ਨਾਲ 1 ਨਵੰਬਰ ਨੂੰ ਤਖਤ ਸਹਿਬਾਨਾਂ ਉਪਰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਅਰਦਾਸ ਦਿਵਸ ਕਰਵਾਏ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸਹਿਬਾਨ ਵੱਡੀ ਗਿਣਤੀ ਵਿੱਚ ਸਾਰੇ ਤਖਤ ਸਹਿਬਾਨਾਂ ਉਪਰ ਇਸ ਅਰਦਾਸ ਦਿਵਸ ਵਿੱਚ ਸ਼ਮੂਲੀਅਤ ਕਰਨਗੇ ਅਤੇ ਸੰਗਤ ਨੂੰ ਵੀ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕਰਨਗੇ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ 3 ਨਵੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਸਵੇਰੇ 11 ਵਜੇ ਤੋਂ ਲੈ ਕੇ ਦੁਪਿਹਰ 2 ਵਜੇ ਤੱਕ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਦੀ ਅਗਵਾਈ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਰੋਸ ਧਰਨੇ ਵਿੱਚ ਪਾਰਟੀ ਦੇ ਸਾਰੇ ਮੈਂਬਰ ਪਾਰਲੀਮੈਂਟ, ਵਿਧਾਇਕ, ਸਾਬਕਾ ਮੈਂਬਰ ਪਾਰਲੀਮੈਂਟ, ਸਾਬਕਾ ਵਿਧਾਇਕ, ਜਿਲਾ ਜਥੇਦਾਰ ਸਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਪਾਰਟੀ ਦੀ ਜਥੇਬੰਦੀ ਦੇ ਅਹੁਦੇਦਾਰ ਸਹਿਬਾਨ ਅਤੇ ਹੋਰ ਸਰਗਰਮ ਆਗੂ ਹਿੱਸਾ ਲੈਣਗੇ।