30 ਅਪ੍ਰੈਲ ਦੀ ਪਟਿਆਲਾ ਟਰੈਕਟਰ ਰੈਲੀ ਲਈ ਕਪੂਰਥਲਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਰਵਾਨਾ ਹੋਣਗੇ - ਸੰਘਰਸ਼ ਕਮੇਟੀ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 28 ਅਪ੍ਰੈਲ 2021 - ਜੰਮੂ-ਕਟੜਾ ਅਮ੍ਰਿੰਤਸਰ ਅਤੇ ਬਠਿੰਡਾ ਜਾਮਨਗਰ ਐਕਸਪ੍ਰੈਸ ਵੇਅ ਦੇ ਨਾਂ ਤੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਹੜੱਪਣ ਲਈ ਕੀਤੀਆਂ ਜਾ ਰਹੀਆਂ ਕੋਝੀਆਂ ਸਾਜ਼ਿਸ਼ਾਂ ਦੇ ਵਿਰੋਧ ਵਿੱਚ ਰੋਡ ਸੰਘਰਸ਼ ਕਮੇਟੀ ਪੰਜਾਬ ਵੱਲੋਂ 30 ਅਪ੍ਰੈਲ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਕੀਤੀ ਜਾਣ ਵਾਲੀ ਵਿਸ਼ਾਲ ਟਰੈਕਟਰ ਰੈਲੀ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਸੰਘਰਸ਼ ਕਮੇਟੀ ਦੀ ਮੀਟਿੰਗ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਜੀ ਟਿੱਬਾ ਵਿਖੇ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਣ ਦੀ ਅਗਵਾਈ ਹੇਠ ਹੋਈ।
ਮੀਟਿੰਗ ਵਿੱਚ ਪਿੰਡ ਪਾਜੀਆਂ ,ਦੁਰਗਾਪੁਰ,ਮੈਰੀਪੁਰ,ਕਾਲਰੂ,ਅਮਾਨੀਪੁਰ, ਟਿੱਬਾ, ਤਲਵੰਡੀ ਚੌਧਰੀਆਂ, ਹੈਬਤਪੁਰ, ਮਸੀਤਾਂ, ਕਾਲੇਵਾਲ, ਗਿੱਲਾਂ ਆਦਿ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।ਇਸ ਮੌਕੇ ਬੋਲਦਿਆਂ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਣ ਨੇ ਕਿਹਾ ਕਿ ਪਟਿਆਲਾ ਵਿਖੇ ਪਿਛਲੇ ਇੱਕ ਮਹੀਨੇ ਤੋਂ ਕਿਸਾਨਾਂ ਨੇ ਐਕਸਪ੍ਰੈਸ ਵੇਅ ਦੇ ਵਿਰੋਧ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਪੱਕਾ ਧਰਨਾ ਲਾਇਆ ਹੋਇਆ ਹੈ।ਪਰ ਸਰਕਾਰ ਵੱਲੋਂ ਲਗਾਤਾਰ ਅਣਗਹਿਲੀ ਵਰਤੀ ਜਾ ਰਹੀ ਹੈ। ਐਕਸਪ੍ਰੈਸ ਵੇਅ ਵਿੱਚ ਆਉਣ ਵਾਲੀ ਜ਼ਮੀਨ ਦਾ ਮੁਆਵਜ਼ਾ ਬਜ਼ਾਰੀ ਕੀਮਤ ਤੋਂ ਬਹੁਤ ਘੱਟ ਮਿਥਿਆ ਜਾ ਰਿਹਾ ਹੈ, ਜਿਸ ਨੂੰ ਕਿਸਾਨ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਨਗੇ।
ਮੀਤ ਪ੍ਰਧਾਨ ਬਖਸ਼ੀਸ਼ ਸਿੰਘ ਤਲਵੰਡੀ ਚੌਧਰੀਆਂ ਨੇ ਕਿਹਾ ਕਿ ਕਿਸਾਨਾਂ ਨਾਲ਼ ਹੋ ਧੋਖੇ ਨੂੰ ਦੇਖਦਿਆਂ ਇਸ ਪ੍ਰੋਜੈਕਟ ਨੂੰ ਕੇਂਦਰ ਸਰਕਾਰ ਤਰੁੰਤ ਰੱਦ ਕਰੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਦੇ ਕਿਸਾਨ 29 ਅਪ੍ਰੈਲ ਨੂੰ ਸਵੇਰੇ 9.30 ਵਜੇ ਸੈਂਕੜਿਆਂ ਦੀ ਗਿਣਤੀ ਆਪਣੇ ਟਰੈਕਟਰ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪਟਿਆਲਾ ਨੂੰ ਰਵਾਨਾ ਹੋਣਗੇ। ਕਿਸਾਨ ਆਗੂ ਅਮਰਜੀਤ ਸਿੰਘ ਜੇ.ਈ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਲਈ ਬਣਾਏ ਜਾ ਇਸ ਰਹੇ ਇਸ ਰੋਡ ਦਾ ਕਿਸਾਨ ਡੱਟ ਕੇ ਵਿਰੋਧ ਕਰਨਗੇ। ਇਸ ਮੌਕੇ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਕਿ ਵੱਡੀ ਗਿਣਤੀ ਵਿੱਚ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪਟਿਆਲਾ ਨੂੰ ਰਵਾਨਾ ਹੋਣਗੇ।
ਇਸ ਮੌਕੇ ਅਮਰਜੀਤ ਸਿੰਘ ਜੇ ਈ ਨੇ ਕਿਹਾ ਕਿਿਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਲਈ ਬਣਾਏ ਜਾ ਰਹੇ ਇਹ ਰੋਡ ਕਿਸਾਨ ਇਹਨਾਂ ਦਾ ਡੱਟ ਕੇ ਵਿਰੋਧ ਕਰਨਗੇ। ਇਸ ਮੌਕੇ ਕਮਲਜੀਤ ਸਿੰਘ ਮੈਰੀਪੁਰ, ਜਗਦੀਪ ਸਿੰਘ ਗਾਧਾ ਸਿੰਘ ਵਾਲਾ, ਬਿੱਟੂ ਕਾਲੇ ਵਾਲ, ਅਜੀਤ ਪਾਲ ਸਿੰਘ, ਜਸਵਿੰਦਰ ਸਿੰਘ, ਸੁਖਦੇਵ ਸਿੰਘ ਟਿੱਬਾ, ਬਲਦੇਵ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।