ਜੀ.ਐਸ.ਪੰਨੂ
ਪਟਿਆਲਾ, 13 ਨਵੰਬਰ 2020 - ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ ਅਤੇ ਬਿਜਲੀ-ਸੋਧ ਬਿਲ-2020 ਖ਼ਿਲਾਫ਼ ਸੰਘਰਸ਼ ਦੇ ਰਾਹ ਪਈਆਂ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਦਿੱਤੇ ਸੱਦੇ ਨੂੰ ਪ੍ਰਵਾਨ ਕਰਨ ਤੋਂ ਬਾਅਦ ਅੱਜ ਸਵੇਰੇ ਹੀ ਦਿੱਲੀ ਲਈ ਰਵਾਨਾ ਹੋ ਗਈਆਂ ਹਨ। ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ-ਮੰਤਰੀ ਪਿਊਸ਼ ਗੋਇਲ ਨਾਲ ਕਿਸਾਨ-ਆਗੂਆਂ ਦੀ ਮੀਟਿੰਗ ਹੋਵੇਗੀ।
ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ, ਫਸਲਾਂ ਦੇ ਭਾਅ ਡਾ ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਮਿੱਥਣ, ਸਾਰੀਆਂ ਜਿਣਸਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ਮੁਤਾਬਕ ਹੋਣ ਦੀ ਗਰੰਟੀ ਸਮੇਤ ਹੋਰਨਾਂ ਕਿਸਾਨੀ ਮੁੱਦਿਆਂ ਸਬੰਧੀ ਗੱਲ ਕਰਨਗੀਆਂ।