- ਪ੍ਰਧਾਨ-ਮੰਤਰੀ ਮੋਦੀ ਦੇ ਪੁਤਲੇ ਫੂਕਦਿਆਂ ਪ੍ਰਗਟਾਇਆ ਰੋਸ
- ਲੁਧਿਆਣਾ 'ਚ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰੈੱਸ-ਕਾਨਫਰੰਸ ਦਾ ਵਿਰੋਧ
- ਰਾਜਪੁਰਾ 'ਚ ਕਿਸਾਨਾਂ ਨੇ ਭਾਜਪਾ ਆਗੂਆਂ ਨੂੰ ਵਰਚੂਅਲ-ਸੈਮੀਨਾਰ ਕਰਨ ਤੋਂ ਰੋਕਿਆ
- ਮਹਿਮਦਪੁਰ ਅਤੇ ਮਾਨਸਾ 'ਚ 2 ਕਿਸਾਨਾਂ ਦੀ ਮੌਤ-ਜਥੇਬੰਦੀਆਂ ਨੇ ਸ਼ਹੀਦ ਐਲਾਨਿਆ
ਚੰਡੀਗੜ੍ਹ, 17 ਅਕਤੂਬਰ 2020 - ਕਿਸਾਨ-ਅੰਦੋਲਨ ਦੇ 17ਵੇਂ ਦਿਨ ਵੀ ਕਿਸਾਨ ਜਥੇਬੰਦੀਆਂ ਨੇ ਰੇਲਵੇ-ਲਾਇਨਾਂ, ਟੋਲ-ਪਲਾਜ਼ਿਆਂ, ਰਿਲਾਇੰਸ-ਪੰਪਾਂ ਅਤੇ ਭਾਜਪਾ-ਆਗੂਆਂ ਦੇ ਘਰਾਂ ਮੂਹਰੇ ਲਾਏ ਮੋਰਚਿਆਂ ਨੂੰ ਜੋਸ਼ੋ-ਖਰੋਸ਼ ਨਾਲ ਮਘਾਈ ਰੱਖਿਆ। ਕੇਂਦਰ ਸਰਕਾਰ ਵੱਲੋਂ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਨੂੰ ਸੱਦਣ ਉਪਰੰਤ ਅਣਗੌਲਿਆਂ ਕਰਨ ਖ਼ਿਲਾਫ਼ ਰੋਸ-ਪ੍ਰਗਟਾਉਂਦਿਆਂ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਹਜ਼ਾਰਾਂ ਥਾਵਾਂ 'ਤੇ ਪ੍ਰਧਾਨ-ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ।
ਵੱਖ-ਵੱਖ ਥਾਵਾਂ 'ਤੇ ਕਿਸਾਨ-ਜਥੇਬੰਦੀਆਂ ਦੇ ਬੁਲਾਰਿਆਂ ਨੇ ਅਰਥੀ-ਫੂਕ ਮੁਜ਼ਾਹਰਿਆਂ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ-ਸਰਕਾਰ ਨੇ ਜਥੇਬੰਦੀਆਂ ਨੂੰ ਦਿੱਲੀ ਬੁਲਾ ਕੇ ਅਣਗੌਲਿਆਂ ਕੀਤਾ, ਇੱਕ ਪਾਸੇ ਕੇਂਦਰ ਸਰਕਾਰ ਆਪਣੇ ਮੰਤਰੀਆਂ ਨੂੰ ਪੰਜਾਬ ਭੇਜ ਰਹੀ ਹੈ, ਜਦੋਂਕਿ ਦੂਜੇ ਪਾਸੇ ਦਿੱਲੀ ਗਏ ਪੰਜਾਬ ਦੇ ਕਿਸਾਨ ਆਗੂਆਂ ਲਈ ਖੇਤੀਬਾੜੀ ਮੰਤਰੀ ਵੀ ਸਮਾਂ ਨਹੀਂ ਦੇ ਸਕੇ। ਪਰ ਕੇਂਦਰ-ਸਰਕਾਰ ਇਸ ਭੁਲੇਖੇ 'ਚ ਨਾ ਰਹੇ ਕਿ ਐਵੇਂ ਅਣਗੌਲਿਆਂ ਕਰਨ ਨਾਲ ਕਿਸਾਨ-ਸੰਘਰਸ਼ ਮੱਠਾ ਪੈ ਜਾਵੇਗਾ, ਸਗੋਂ ਇਹ ਅੰਦੋਲਨ ਦੇਸ਼ ਭਰ 'ਚ ਮਜ਼ਬੂਤ ਹੁੰਦਿਆਂ ਸਰਕਾਰ ਨੂੰ ਲੋਕ-ਮਾਰੂ ਕਾਨੂੰਨ ਵਾਪਿਸ ਲੈਣ ਲਈ ਮਜ਼ਬੂਰ ਕਰ ਦੇਵੇਗਾ।
ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ਅਤੇ ਭਾਰਤੀ ਕਿਸਾਨ ਯੂਨੀਅਨ(ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਸਵੇਰੇ ਮਹਿਮਦਪੁਰ-ਜੱਟਾਂ(ਪਟਿਆਲਾ) ਤੋਂ ਭਾਰਤੀ ਕਿਸਾਨ ਯੂਨੀਅਨ-ਸਿੱਧੂਪੁਰ ਦੇ ਸੀਨੀਅਰ ਆਗੂ ਹਰਬੰਸ ਸਿੰਘ ਪੁੱਤਰ ਸੰਪੂਰਨ ਸਿੰਘ ਮਹਿਮਦਪੁਰ ਜੱਟਾਂ ਵਿਖੇ ਮੋਦੀ-ਸਰਕਾਰ ਦਾ ਪੁਤਲਾ ਸਾੜਦੇ ਲਈ ਹੋਏ ਮੁਜ਼ਾਹਰੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਲਗਾਤਾਰ ਪਿਛਲੇ ਚਾਲੀ ਸਾਲਾਂ ਤੋਂ ਵੱਖ ਵੱਖ ਅਹੁਦਿਆਂ 'ਤੇ ਕੰਮ ਕਰਦੇ ਹੋਏ ਜਥੇਬੰਦੀ ਦੇ ਆਗੂ ਰਹੇ ਸਨ।
ਉੱਥੇ ਹੀ ਮਾਨਸਾ ਰੇਲ-ਸਟੇਸ਼ਨ 'ਤੇ ਲੱਗੇ ਕਿਸਾਨ-ਮੋਰਚੇ 'ਚ ਪਿੰਡ ਗੁੜੱਦੀ ਦੇ ਕਿਸਾਨ ਜਗਰਾਜ ਸਿੰਘ ਪੁੱਤਰ ਮਹਿੰਦਰ ਸਿੰਘ ਦੀ ਅਚਾਨਕ ਮੌਤ ਹੋ ਗਈ, ਮ੍ਰਿਤਕ ਕਿਸਾਨ ਪਿਛਲੇ 17 ਦਿਨਾਂ ਤੋਂ ਲਗਾਤਾਰ ਧਰਨੇ 'ਚ ਆ ਰਿਹਾ ਸੀ। ਅਚਾਨਕ ਸਿਹਤ ਵਿਗੜਨ ਕਾਰਨ ਉਸਨੂੰ ਸਿਵਲ ਹਸਪਤਾਲ, ਮਾਨਸਾ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਕਿਸਾਨ ਆਗੂਆਂ ਨੇ ਹਰਬੰਸ ਸਿੰਘ ਅਤੇ ਜਗਰਾਜ ਸਿੰਘ ਨੂੰ ਕਿਸਾਨ-ਲਹਿਰ ਦੇ ਸ਼ਹੀਦ ਕਰਾਰ ਦਿੱਤਾ।
ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਰਾਜਪੁਰਾ ਵਿਖੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ 'ਚ ਵਰਚੂਅਲ-ਸੈਮੀਨਾਰ ਕੀਤਾ ਜਾਣਾ ਸੀ, ਪਰ ਕਿਸਾਨ-ਆਗੂਆਂ ਵੱਲੋਂ ਸਖ਼ਤ ਵਿਰੋਧ ਕਾਰਨ ਰੱਦ ਕਰਵਾਇਆ ਗਿਆ। ਲੁਧਿਆਣਾ 'ਚ ਵੀ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਲੁਧਿਆਣਾ ਵਿੱਖੇ ਮਹਾਰਾਜਾ ਰੀਜੈਂਸੀ ਵਿੱਚ ਪ੍ਰੈੱਸ-ਕਾਨਫਰੰਸ ਕਰਨ ਮੌਕੇ ਕਿਸਾਨ-ਜੱਥੇਬੰਦੀਆਂ ਨੇ ਜ਼ਬਰਦਸਤ ਵਿਰੋਧ ਕੀਤਾ। ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਕਾਲੇ ਝੰਡੇ ਵਿਖਾਏ ਅਤੇ ਰੋਹ ਭਰਪੂਰ ਰੈਲੀ ਕਰਕੇ ਮੋਦੀ ਦਾ ਪੁਤਲਾ ਫੂਕਿਆ।
ਪੰਜਾਬ ਭਰ 'ਚ ਭਾਜਪਾ ਆਗੂਆਂ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟੋਲ-ਪਲਾਜ਼ਿਆਂ ‘ਤੇ ਧਰਨਿਆਂ ਦੌਰਾਨ ਸਾਰੇ ਵਹੀਕਲ ਬਿਨਾਂ ਟੌਲ ਟੈਕਸ ਤੋਂ ਹੀ ਲੰਘਾਏ ਜਾ ਰਹੇ ਹਨ ਅਤੇ ਰਿਲਾਇੰਸ ਤੇ ਐੱਸਾਰ ਦੇ ਪੰਪਾਂ ਤੋਂ ਕੋਈ ਵੀ ਤੇਲ ਨਹੀਂ ਪੁਆਇਆ ਜਾ ਰਿਹਾ। ਆਗੂਆਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਹਵਾਲੇ ਕਰਕੇ ਅਤੇ ਕਿਸਾਨਾਂ ਤੋਂ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦਾ ਹਮਲਾ ਹੈ ,ਜਿਹੜਾ ਛੋਟੀ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟਾਂ ਤੁਲ ਹੈ। ਉਹਨਾਂ ਨੇ ਦਾਅਵਾ ਕੀਤਾ ਕਿ ਅਣਖੀਲੇ ਜੁਝਾਰੂ ਕਿਸਾਨ ਮਜ਼ਦੂਰ ਤੇ ਸੰਘਰਸ਼ਸ਼ੀਲ ਕਿਰਤੀ ਲੋਕ ਇਸ ਹਮਲੇ ਵਿਰੁੱਧ ਲੰਬੇ ਜਾਨਹੂਲਵੇਂ ਤੇ ਵਿਸ਼ਾਲ ਸੰਘਰਸ਼ਾਂ ਦੀ ਝੜੀ ਲਾ ਕੇ ਇਹਨਾਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਸਰਕਾਰ ਨੂੰ ਮਜਬੂਰ ਕਰ ਦੇਣਗੇ।
ਉਹਨਾਂ ਨੇ ਪੰਜਾਬ ਭਰ ਵਿੱਚ ਸਾਰੇ ਕਾਮਿਆਂ ਕਿਸਾਨਾਂ ਵੱਲੋਂ ਇਸ ਘੋਲ਼ ਨੂੰ ਮਿਲ ਰਹੇ ਜ਼ਬਰਦਸਤ ਸਮਰਥਨ ਦਾ ਧੰਨਵਾਦ ਕੀਤਾ, ਕੁੱਝ ਮੌਕਾਪ੍ਰਸਤ ਫਿਰਕੂ ਕਿਸਮ ਦੇ ਸਿਆਸਤਦਾਨਾਂ ਵੱਲੋਂ ਬੇਹੱਦ ਭੜਕਾਊ ਭਾਸ਼ਣਾਂ ਰਾਹੀਂ ਕਾਲੇ ਖੇਤੀ ਕਾਨੂੰਨਾਂ ਦੇ ਮੁਕਾਬਲੇ ‘ਤੇ ਫਿਰਕਾਪ੍ਰਸਤ ਮਸਲੇ ਉਭਾਰ ਕੇ ਭੜਕਾਊ ਹਿੰਸਕ ਮਾਹੌਲ ਪੈਦਾ ਕਰਨ ਦੇ ਨਾਪਾਕ ਯਤਨਾਂ ਤੋਂ ਖਾਸ ਕਰਕੇ ਨੌਜਵਾਨਾਂ ਨੂੰ ਖਬਰਦਾਰ ਰਹਿਣ ਉੱਤੇ ਜ਼ੋਰ ਦਿੱਤਾ।