ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਦਿੰਦੇ ਹੋਏ ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਬਾਠ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਅਵਤਾਰ ਸਿੰਘ ਸੈਂਪਲਾ ਅਤੇ ਹੋਰ।
ਅੰਮ੍ਰਿਤਸਰ, 04 ਨਵੰਬਰ 2019: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 5 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸੇ ਦੌਰਾਨ ਪਾਕਿਸਤਾਨ ਜਾਣ ਲਈ ਸਿੱਖ ਸ਼ਰਧਾਲੂਆਂ ਨੇ ਅੱਜ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਤੋਂ ਦਫ਼ਤਰ ਤੋਂ ਪ੍ਰਾਪਤ ਕੀਤੇ ਅਤੇ ਪਹਿਲੇ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਅਸਥਾਨ ’ਤੇ ਨਤਮਸਤਕ ਹੋਣ ਜਾਣ ਲਈ ਆਪਣੇ ਆਪ ਨੂੰ ਵਡਭਾਗਾ ਦੱਸਿਆ। ਸ਼ਰਧਾਲੂਆਂ ਨੂੰ ਪਾਸਪੋਰਟ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ ਤੇ ਮੈਨੇਜਰ ਸ. ਮੁਖਤਾਰ ਸਿੰਘ ਮੌਜੂਦ ਸਨ।
ਇਸ ਮੌਕੇ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1645 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 1303 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਦਕਿ 342 ਸ਼ਰਧਾਲੂਆਂ ਨੂੰ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਨਹੀਂ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਜਾਣ ਵਾਲੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਬਾਬਾ ਚਰਨਜੀਤ ਸਿੰਘ ਜੱਸੋਵਾਲ ਅਤੇ ਭਾਈ ਅਜਾਇਬ ਸਿੰਘ ਅਭਿਆਸੀ ਕਰਨਗੇ। ਇਹ ਜਥਾ 13 ਨਵੰਬਰ ਨੂੰ ਭਾਰਤ ਵਾਪਸ ਪਰਤੇਗਾ।