ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ. ਗੁਰਮੀਤ ਸਿੰਘ ਬੂਹ ਤੇ ਬਾਬਾ ਚਰਨਜੀਤ ਸਿੰਘ ਜੱਸੋਵਾਲ ਦੀ ਅਗਵਾਈ ਵਿਚ ਪਾਕਿਸਤਾਨ ਲਈ ਜਥਾ ਰਵਾਨਾ ਕਰਦੇ ਹੋਏ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਹੋਰ।
ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ ਚਾਰ ਮਹੀਨੇ ਦੀ ਸਹਾਇਤਾ ਰਾਸ਼ੀ
ਅੰਮ੍ਰਿਤਸਰ, 5 ਨਵੰਬਰ 2019: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬੀਬੀ ਰਵਿੰਦਰ ਕੌਰ ਅਜਰਾਣਾ ਕਰ ਰਹੇ ਹਨ। ਇਸ ਤੋਂ ਇਲਾਵਾ ਜਥੇ ’ਚ ਜਨਰਲ ਪ੍ਰਬੰਧਕ ਵਜੋਂ ਸ. ਗੁਰਿੰਦਰਪਾਲ ਸਿੰਘ ਠਰੂ ਤੇ ਸ. ਕਰਨਜੀਤ ਸਿੰਘ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਥਾ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਇਸ ਵਾਰ ਦਾ ਜਥਾ ਇਸ ਕਰਕੇ ਖ਼ਾਸ ਹੈ, ਕਿਉਂਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਜਾ ਰਿਹਾ ਹੈ। ਉਨ੍ਹਾਂ ਜਥੇ ਦੇ ਆਗੂਆਂ ਨੂੰ ਸਿਰੋਪਾਓ ਤੇ ਫੁੱਲਾਂ ਦੇ ਸਿਹਰੇ ਪਾ ਕੇ ਸਨਮਾਨ ਦਿੱਤਾ। ਡਾ. ਰੂਪ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ 550 ਸਾਲਾ ਪ੍ਰਕਾਸ਼ ਪੁਰਬ ਸਿੱਖ ਜਗਤ ਲਈ ਅਹਿਮ ਦਿਹਾੜਾ ਹੈ। ਇਸ ਖ਼ਾਸ ਮੌਕੇ ’ਤੇ ਭਾਰਤ ਅੰਦਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਦੇ ਨਾਲ ਨਾਲ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਵੀ ਵਿਸ਼ੇਸ਼ ਸਮਾਗਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1303 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਜਥੇ ਵਿੱਚੋਂ 342 ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਂਦੇ, ਪਰੰਤੂ ਪਾਕਿਸਤਾਨ ਦੂਤਾਵਾਸ ਨੇ ਭੇਜੇ ਗਏ ਪਾਸਪੋਰਟਾਂ ਵਿੱਚੋਂ ਵੀ ਸ਼ਰਧਾਲੂਆਂ ਦੇ ਵੀਜ਼ੇ ਰੱਦ ਦਿੱਤੇ ਹਨ। ਇਸ ਨਾਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਠੇਸ ਪੁੱਜੀ ਹੈ। ਵਰਨਣਯੋਗ ਹੈ ਕਿ ਇਸ ਵਾਰ ਜਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਹੀ ਦਰਸ਼ਨ ਕਰੇਗਾ। ਜਥੇ ਦੀ ਵਾਪਸੀ 13 ਨਵੰਬਰ ਨੂੰ ਹੋਵੇਗੀ। ਇਸ ਮੌਕੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਲਵਿੰਦਰ ਸਿੰਘ ਖੈਰਾਬਾਦ ਇੰਚਾਰਜ ਯਾਤਰਾ, ਸ. ਮਨਜੀਤ ਸਿੰਘ ਇੰਚਾਰਜ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ ਚਾਰ ਮਹੀਨੇ ਦੀ ਸਹਾਇਤਾ ਰਾਸ਼ੀ
ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੇ ਆਗੂਆਂ ਰਾਹੀਂ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਪ੍ਰਵਾਨਤ ਮਹੀਨਾਵਾਰ ਸਹਾਇਤਾ ਰਾਸ਼ੀ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਮਰਦਾਨਾ ਜੀ ਦੇ ਵੰਸ਼ਜ਼ ਜੋ ਕੀਰਤਨ ਕਲਾ ਨਾਲ ਅੱਜ ਵੀ ਜੁੜੇ ਹੋਏ ਹਨ, ਨੂੰ ਜੁਲਾਈ ਮਹੀਨੇ ਤੋਂ 21 ਹਜ਼ਾਰ ਰੁਪਏ ਮਹੀਨਾ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਸੀ। ਪਹਿਲੇ ਮਹੀਨੇ ਦੀ ਸਹਾਇਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤਾਂ ਨੂੰ ਪਾਕਿਸਤਾਨ ਵਿਖੇ ਖੁਦ ਪ੍ਰਦਾਨ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹੁਣ ਪਾਕਿਸਤਾਨ ਭੇਜੇ ਗਏ ਜਥੇ ਦੇ ਆਗੂਆਂ ਰਾਹੀਂ ਅਗਸਤ ਤੋਂ ਨਵੰਬਰ 2019 ਤੱਕ ਚਾਰ ਮਹੀਨੇ ਦੀ ਸਹਾਇਤਾ ਰਾਸ਼ੀ ਭਾਰਤੀ ਕਰੰਸੀ ਦੇ 84 ਹਜ਼ਾਰ ਰੁਪਏ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਸਰਫਰਾਜ਼ ਅਤੇ ਉਨ੍ਹਾਂ ਦੇ ਜਥੇ ਨੂੰ ਹਰ ਮਹੀਨੇ ਦੇਣ ਦੀ ਪ੍ਰਵਾਨਗੀ ਹੋਈ ਹੈ। ਉਨ੍ਹਾਂ ਨੂੰ ਇਹ ਰਾਸ਼ੀ ਸਮੇਂ ਸਮੇਂ ਭੇਜੀ ਜਾਇਆ ਕਰੇਗੀ।