ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 5 ਫਰਵਰੀ 2021 - ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਪ੍ਰਭਾਵ ਹੇਠ ਦੇਸ਼ ਦੇ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ,ਤਿਹਾੜ ਜੇਲ੍ਹ ਵਿੱਚ ਬੰਦ ਬੇਕਸੂਰ ਕਿਸਾਨਾਂ ਨੂੰ ਰਿਹਾਅ ਕਰਵਾਉਣ ਅਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਫਰਵਰੀ ਨੂੰ ਭਾਰਤ ਅੰਦਰ ਕੀਤੇ ਜਾ ਰਹੇ ਦੇਸ਼ ਵਿਆਪੀ ਚੱਕਾ ਜ਼ਾਮ ਨੂੰ ਲੋਕ ਇਨਸਾਫ ਪਾਰਟੀ ਯੂ.ਕੇ ਵੱਲੋਂ ਭਰਪੂਰ ਸਮਰਥਨ ਦਿੱਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਇਨਸਾਫ ਪਾਰਟੀ ਯੂ.ਕੇ ਦੇ ਪ੍ਰਧਾਨ ਰਜਿੰਦਰ ਸਿੰਘ ਥਿੰਦ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਦੀ ਕੀਤੀ ਜਾ ਰਹੀ ਨਾਕੇਬੰਦੀ, ਇੰਟਰਨੈੱਟ ਸੇਵਾਵਾਂ, ਬਿਜਲੀ-ਪਾਣੀ ਬੰਦ ਕਰਨ ਆਦਿ ਵਰਗੀਆਂ ਘਿਨਾਉਣੀਆਂ ਹਰਕਤਾਂ ਕਾਰਨ ਦੁਨੀਆਂ ਭਰ ਵਿੱਚ ਕਿਰਕਿਰੀ ਹੋ ਰਹੀ ਹੈ। ਦੁਨੀਆਂ ਭਰ ਵਿੱਚ ਇਨਸਾਫ ਪਸੰਦ ਲੋਕਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਹੁਣ ਆਖਰੀ ਹਥਿਆਰ ਵਜੋਂ ਮੋਦੀ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਲਈ ਫਿਰਕੂ ਰੰਗਤ ਦਿੱਤੀ ਜਾ ਰਹੀ ਹੈ। ਜਿਸ ਨੂੰ ਦੇਸ਼ ਦੇ ਜੁਝਾਰੂ ਲੋਕ ਪ੍ਰਵਾਨ ਨਹੀਂ ਕਰਨਗੇ। ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ 6 ਫਰਵਰੀ ਦੇ ਚੱਕਾ ਜਾਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।