BREAKING: ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ SGPC ਵੱਲੋਂ ਰੱਦ
ਹਰਜਿੰਦਰ ਧਾਮੀ ਨੇ ਕਿਹਾ- ਗਿਆਨੀ ਹਰਪ੍ਰੀਤ ਸਿੰਘ ਦੀਆਂ ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ
ਚੰਡੀਗੜ੍ਹ, 17 ਅਕਤਬੂਰ 2024- ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਐਸਜੀਪੀਸੀ ਦੇ ਵਲੋਂ ਰੱਦ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵਲੋਂ ਦਿੱਤੀ ਗਈ ਹੈ। ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਅਸਤੀਫਾ ਨਾਮਨਜ਼ੂਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੀਆਂ ਤਖਤ ਸਾਹਿਬਾਨ ਦੀਆਂ ਸੇਵਾਵਾਂ ਬੇਮਿਸਾਲ ਹਨ ਅਤੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਉਹਨਾਂ ਨੂੰ ਅਜੇ ਲੋੜ ਹੈ। ਤਖਤ ਸਾਹਿਬਾਨ ਦੀਆਂ ਸੇਵਾਵਾਂ ਲਗਾਤਾਰ ਉਹ ਜਾਰੀ ਰੱਖਣਗੇ|
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਮੈਂ ਉਹਨਾਂ ਦਾ ਅਸਤੀਫਾ ਨਾਮਨਜੂਰ ਕਰਦਾ ਹਾਂ ਅਤੇ ਉਹਨਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖਣ l ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਹਮੇਸ਼ਾ ਹੀ ਸਿੱਖ ਪੰਥ ਲਈ ਸਤਿਕਾਰਯੋਗ ਹੁੰਦੇ ਹਨ ਅਤੇ ਉਨ੍ਹਾਂ ਦਾ ਸਤਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਮੇਸ਼ਾ ਹੀ ਕੀਤਾ ਜਾਂਦਾ ਹੈ ਅਤੇ ਕੀਤਾ ਜਾਂਦਾ ਰਹੇਗਾ। ਅਸੀਂ ਸਿੰਘ ਸਾਹਿਬਾਨ ਦੇ ਨਾਲ ਹਮੇਸ਼ਾ ਹੀ ਖੜ੍ਹੇ ਹਾਂ ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਜਥੇਦਾਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਨਾਮਨਜ਼ੂਰ ਕੀਤਾ ਗਿਆ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ ਕਰਦੇ ਹੋਏ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਸਿੱਖ ਪੰਥ ਨੂੰ ਬਹੁਤ ਹੀ ਲੋੜ ਹੈ। ਸਿੰਘ ਸਾਹਿਬ ਨੇ ਹਰ ਸਮੇਂ ਸਾਡੀ ਤਰਜ਼ਮਾਨੀ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਲਈ ਸਿੰਘ ਸਾਹਿਬ ਸਤਿਕਾਰਯੋਗ ਹਨ।
ਦੱਸ ਦਈਏ ਕਿ ਬੀਤੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਿਰਸਾ ਸਿੰਘ ਵਲਟੋਹਾ ਸਵਾਲ ਚੁੱਕ ਰਹੇ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ ਅਤੇ ਵੀਡੀਓ ਜਾਰੀ ਕਰਕੇ ਉਨ੍ਹਾਂ ਨੇ ਆਪਣੇ ਅਸਤੀਫੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਵੀਡੀਓ ’ਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਸੁਰੱਖਿਆ ਵਾਪਸ ਲੈਣ ਦੀ ਅਪੀਲ ਕੀਤੀ ਹੈ।