ਮੁੱਖ ਮੰਤਰੀ ਦੀ ਆਮਦ ਮੌਕੇ ਕਿਸਾਨਾਂ ਨੂੰ ਥਾਣਿਆਂ 'ਚ ਬੰਦ ਕਰਨਾ ਪੰਜਾਬ ਸਰਕਾਰ ਦੀ ਸ਼ਰਮਨਾਕ ਕਾਰਵਾਈ: ਜੀਤਮਹਿੰਦਰ ਸਿੱਧੂ
ਬਠਿੰਡਾ, 7 ਮਈ, 2024: ਕਿਸਾਨ ਹਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਹੁਣ ਕਿਸਾਨਾਂ ਦਾ ਸਾਹਮਣਾ ਕਰਨ ਤੋਂ ਵੀ ਭੱਜ ਰਹੀ ਹੈ। ਇਹ ਟਿੱਪਣੀ ਕਰਦਿਆਂ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆ ਕਿਹਾ ਕਿ "ਕਿੰਨੇ ਦੁੱਖ ਅਤੇ ਸ਼ਰਮ ਦੀ ਗੱਲ ਹੈ ਕਿ ਮੁੱਖ ਮੰਤਰੀ ਹੁਣ ਕਿਸਾਨਾਂ ਦਾ ਸਾਹਮਣਾ ਕਰਨ ਤੋਂ ਵੀ ਘਬਰਾ ਰਹੇ ਹਨ"। ਉਹਨਾਂ ਕਿਹਾ ਕਿ ਕਿਸਾਨ ਮੁੱਖ ਮੰਤਰੀ ਨਾਲ ਸਵਾਲ ਜਵਾਬ ਕਰਨਾ ਚਾਹੁੰਦੇ ਸਨ ਪਰੰਤੂ ਇਸ ਤੋਂ ਪਹਿਲਾਂ ਹੀ ਉਹਨਾਂ ਨੂੰ ਪੁਲਿਸ ਦੀ ਮਦਦ ਨਾਲ ਥਾਣਿਆਂ ਦੇ ਵਿੱਚ ਬੰਦ ਕਰ ਦਿੱਤਾ ਗਿਆ। ਇੱਥੇ ਜਾਰੀ ਇੱਕ ਬਿਆਨ ਦੇ ਵਿੱਚ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਖੁਦ ਮੁੱਖ ਮੰਤਰੀ ਇਹ ਕਹਿੰਦੇ ਨਹੀਂ ਥੱਕਦੇ ਸਨ ਕਿ ਨੇਤਾਵਾਂ ਨੂੰ ਸਵਾਲ ਜਵਾਬ ਕਰਨੇ ਚਾਹੀਦੇ ਹਨ ਅਤੇ ਲੀਡਰਾਂ ਨੂੰ ਇਸ ਤੋਂ ਭੱਜਣਾ ਨਹੀਂ ਚਾਹੀਦਾ ਪ੍ਰੰਤੂ ਹੁਣ ਖੁਦ ਬਦਲਾਅ ਦਾ ਨਾਅਰਾ ਦੇਣ ਵਾਲੀ ਪਾਰਟੀ ਦੇ ਆਗੂ ਭੱਜ ਰਹੇ ਹਨ। ਕਾਂਗਰਸੀ ਉਮੀਦਵਾਰ ਨੇ ਦੱਸਿਆ ਕਿ ਕਿਸ ਤਰ੍ਹਾਂ ਥਾਣਿਆਂ ਦੇ ਵਿੱਚ ਸੈਂਕੜੇ ਕਿਸਾਨਾਂ ਨੂੰ ਬੰਦ ਕੀਤਾ ਗਿਆ ਤਾਂ ਕਿ ਉਹ ਮੁੱਖ ਮੰਤਰੀ ਤੋਂ ਸਵਾਲ ਜਵਾਬ ਨਾ ਕਰ ਸਕਣ। ਜੀਤ ਮਹਿੰਦਰ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਭਾਜਪਾ ਅਤੇ ਆਪ ਇੱਕੋ ਥਾਲੀ ਦੇ ਚੱਟੇ ਵੱਟੇ ਹਨ, ਜਿਸ ਤਰ੍ਹਾਂ ਭਾਜਪਾ ਨੇ ਕਿਸਾਨ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਨੂੰ ਸ਼ਹੀਦ ਕੀਤਾ ਅਤੇ ਆਮ ਆਦਮੀ ਪਾਰਟੀ ਦੀ ਮਿਲੀ ਭੁਗਤ ਦੇ ਨਾਲ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੀ ਹੱਦ ਦੇ ਵਿੱਚ ਆ ਕੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕੀਤਾ ਗਿਆ ਅਤੇ ਕਈਆਂ ਨੂੰ ਜਖਮੀ ਕੀਤਾ ਗਿਆ। ਉਨ੍ਹਾਂ ਆਪਣੇ ਬਿਆਨ ਵਿੱਚ ਅੱਗੇ ਕਿਹਾ ਕਿ " ਹੁਣ ਬਿੱਲੀ ਥੈਲਿਓ ਬਾਹਰ ਆ ਚੁੱਕੀ ਹੈ ਅਤੇ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਕੌਣ ਕਿਸਾਨ ਹਤੈਸ਼ੀ ਹੈ ਅਤੇ ਕਿਹੜੀ ਪਾਰਟੀ ਕਿਸਾਨਾਂ ਦੀ ਵਿਰੋਧੀ ਪਾਰਟੀ ਹੈ। " ਕਾਂਗਰਸੀ ਉਮੀਦਵਾਰ ਨੇ ਕਿਹਾ ਕਿ ਇਸ ਦਾ ਫੈਸਲਾ ਪੰਜਾਬ ਦੇ ਲੋਕ ਇੱਕ ਜੂਨ ਨੂੰ ਕਰਨ ਜਾ ਰਹੇ ਹਨ।