Ram Raheem ਦੀ ਪੈਰੋਲ ਤੇ ਲਈ ਹਾਈ ਕੋਰਟ ਨੇ ਰੋਕ, ਪੈਰੋਲ ਦਾ ਪੂਰਾ ਰਿਕਾਰਡ ਵੀ ਦੇਖੋ ਤੇ ਜਜਮੈਂਟ ਦੀ ਕਾਪੀ ਵੀ
ਲਾਲੜੂ 29 ਫਰਵਰੀ 2024: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਦੋ ਚੇਲੀਆਂ ਨਾਲ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦੇ ਮਾਮਲੇ ਵਿੱਚ ਹਰਿਆਣਾ ਦੀ ਖੱਟਰ ਸਰਕਾਰ ਨੂੰ ਫਟਕਾਰ ਲਗਾਈ ਹੈ।
ਅਦਾਲਤ ਨੇ ਵੀਰਵਾਰ ਨੂੰ ਕਿਹਾ ਹੈ ਕਿ ਰਾਮ ਰਹੀਮ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਭਵਿੱਖ ਵਿੱਚ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ। ਰਾਮ ਰਹੀਮ ਦੀ ਪੈਰੋਲ 10 ਮਾਰਚ ਨੂੰ ਖਤਮ ਹੋ ਰਹੀ ਹੈ।
ਜਜਮੈਂਟ ਦੀ ਕਾਪੀ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://drive.google.com/file/d/1W6FoXvjvMmDPBtpx8r_3ybtH9wTbBdI0/view?usp=sharing
ਹਾਈਕੋਰਟ ਨੇ ਰਾਮ ਰਹੀਮ ਨੂੰ ਇਸ ਦਿਨ ਹੀ ਆਤਮ ਸਮਰਪਣ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 13 ਮਾਰਚ ਨੂੰ ਹੋਵੇਗੀ। ਹਾਈਕੋਰਟ ‘ਚ ਸੁਣਵਾਈ ਦੌਰਾਨ ਬੈਂਚ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਉਹ ਦੱਸੇ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵਾਂਗ ਕਿੰਨੇ ਹੋਰ ਕੈਦੀਆਂ ਨੂੰ ਪੈਰੋਲ ਦਿੱਤੀ ਗਈ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਜਾਣਕਾਰੀ ਮੰਗੀ ਹੈ।
ਦਰਅਸਲ SGPC ਨੇ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਪੈਰੋਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਐਸਜੀਪੀਸੀ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖ਼ਿਲਾਫ਼ ਕਈ ਗੰਭੀਰ ਮਾਮਲੇ ਦਰਜ ਹਨ। ਇਨ੍ਹਾਂ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਨੂੰ ਸਜ਼ਾ ਵੀ ਸੁਣਾਈ ਗਈ ਹੈ।
ਇਸ ਦੇ ਬਾਵਜੂਦ ਹਰਿਆਣਾ ਸਰਕਾਰ ਉਸ ਨੂੰ ਵਾਰ-ਵਾਰ ਪੈਰੋਲ ਦੇ ਰਹੀ ਹੈ। ਇਹ ਬਿਲਕੁਲ ਗਲਤ ਹੈ। ਇਸ ਲਈ ਰਾਮ ਰਹੀਮ ਨੂੰ ਦਿੱਤੀ ਪੈਰੋਲ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।
ਹਾਈਕੋਰਟ ਪਹਿਲਾਂ ਹੀ ਇਸ ਮਾਮਲੇ ਵਿੱਚ ਹਰਿਆਣਾ ਸਰਕਾਰ ਨੂੰ ਫਟਕਾਰ ਲਗਾ ਚੁੱਕੀ ਹੈ। ਐਕਟਿੰਗ ਚੀਫ਼ ਜਸਟਿਸ ਰਿਤੂ ਬਾਹਰੀ ਦੀ ਬੈਂਚ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਪੈਰੋਲ ਦਾ ਜੋ ਲਾਭ ਡੇਰਾ ਮੁਖੀ ਨੂੰ ਸਮੇਂ-ਸਮੇਂ ‘ਤੇ ਦਿੱਤਾ ਜਾ ਰਿਹਾ ਹੈ, ਉਸੇ ਤਰ੍ਹਾਂ ਹੋਰ ਕੈਦੀਆਂ ਨੂੰ ਵੀ ਇਹ ਲਾਭ ਦਿੱਤਾ ਜਾ ਰਿਹਾ ਹੈ ਜਾਂ ਨਹੀਂ ? ਸਰਕਾਰ ਇਸ ਮਾਮਲੇ ਵਿੱਚ ਜਵਾਬ ਦੇਣ ਤੋਂ ਕਿਉਂ ਬਚ ਰਹੀ ਹੈ ?
ਗੁਰਮੀਤ ਰਾਮ ਰਹੀਮ ਨੂੰ ਆਪਣੀਆਂ ਦੋ ਚੇਲੀਆਂ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਹੈ। ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। 2021 ਵਿੱਚ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਡੇਰਾ ਮੁਖੀ ਨੂੰ ਚਾਰ ਹੋਰਾਂ ਸਮੇਤ ਦੋਸ਼ੀ ਠਹਿਰਾਇਆ ਗਿਆ ਸੀ। ਇਸ ਮਾਮਲੇ ਵਿੱਚ ਡੇਰਾ ਮੁਖੀ ਅਤੇ ਤਿੰਨ ਹੋਰਾਂ ਨੂੰ 16 ਸਾਲ ਦੀ ਜੇਲ੍ਹ ਹੋ ਚੁੱਕੀ ਹੈ।
ਸੀਐਮ ਖੱਟਰ ਨੇ ਦਿੱਤਾ ਸੀ ਸਪੱਸ਼ਟੀਕਰਨ
ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਕਿਹਾ ਸੀ ਕਿ ਰਾਮ ਰਹੀਮ ਨੂੰ ਜੇਲ੍ਹ ਨਿਯਮਾਂ ਮੁਤਾਬਕ ਪੈਰੋਲ ਜਾਂ ਫਰਲੋ ਮਿਲਦੀ ਹੈ। ਰਾਮ ਰਹੀਮ ਨੂੰ ਪੈਰੋਲ ਦੌਰਾਨ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਹੈੱਡਕੁਆਰਟਰ ਤੱਕ ਨਹੀਂ ਜਾਣ ਦਿੱਤਾ ਗਿਆ। ਜਦੋਂ ਵੀ ਉਹ ਜੇਲ੍ਹ ਤੋਂ ਬਾਹਰ ਆਉਂਦਾ ਤਾਂ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਠਹਿਰਦਾ ਸੀ।