SGPC ਚੋਣਾਂ: ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ ਦੀ ਤਰੀਕ 'ਚ 30 ਅਪ੍ਰੈਲ ਤੱਕ ਵਾਧਾ- ਜਸਟਿਸ ਐਸਐਸ ਸਾਰੋ
ਚੰਡੀਗੜ੍ਹ, 28 ਫਰਵਰੀ 2024- SGPC ਚੋਣਾਂ ਸਬੰਧੀ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ ਦੀ ਤਰੀਕ ਵਿਚ 30 ਅਪ੍ਰੈਲ ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਚੀਫ ਇਲੈਕਸ਼ਨ ਕਮਿਸ਼ਨ ਦੇ ਜਸਟਿਸ ਐਸ ਐਸ ਸਾਰੋ ਦੇ ਵਲੋਂ ਦਿੱਤੀ ਗਈ।
ਜਸਟਿਸ ਐਸ ਐਸ ਸਾਰੋ ਨੇ ਦੱਸਿਆ ਕਿ, ਐਸ.ਜੀ.ਪੀ.ਸੀ. ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ ਦੀ ਅੰਤਿਮ ਮਿਤੀ 29 ਫਰਵਰੀ ਸੀ, ਜਿਸ ਨੂੰ ਵਧਾ ਕੇ ਹੁਣ 30 ਅਪ੍ਰੈਲ ਤੱਕ ਕਰ ਦਿੱਤਾ ਗਿਆ ਹੈ। ਹੁਣ 30 ਅਪ੍ਰੈਲ ਤੱਕ ਕੇਸਧਾਰੀ ਸਿੱਖ ਆਪਣੀ ਰਜਿਸਟਰੇਸ਼ਨ ਕਰਵਾ ਸਕਣਗੇ।
ਐਸ.ਜੀ.ਪੀ.ਸੀ.ਚੋਣਾਂ ਦੀ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਕੇਸਧਾਰੀ ਸਿੱਖ ਹੋਣਾ ਚਾਹੀਦਾ ਹੈ। ਜੋ ਵਿਅਕਤੀ ਆਪਣੀ ਦਾੜੀ ਕਟਵਾਉਂਦਾ ਹੈ ਜਾਂ ਸ਼ੇਵ ਕਰਦਾ, ਬੀੜੀ/ਸਿਗਰਟ ਜਾਂ ਸ਼ਰਾਬ ਪੀਂਦਾ ਹੈ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰਵਾ ਸਕਦਾ।
ਦਿਹਾਤੀ ਖੇਤਰ ਦੇ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵੱਲੋਂ ਨਾਮਜ਼ਦ ਕੀਤਾ ਗਿਆ ਹੈ ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ।
ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਫਾਰਮ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉੱਪ ਮੰਡਲ ਮੈਜਿਸਟਰੇਟ ਅਤੇ ਹੋਰਨਾਂ ਸੀਨੀਅਰ ਅਧਿਕਾਰੀ ਵੀ ਨਿਯਮਤ ਤੌਰ ’ਤੇ ਇਸ ਪ੍ਰਕਿਰਿਆ ਦੀ ਨਜ਼ਰਸਾਨੀ ਕਰਨ ਤਾਂ ਜੋ ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ।