ਜੀਵਨ ਕ੍ਰਾਂਤੀ ਮਾਨਸਾ
ਮਾਨਸਾ, 13 ਦਸੰਬਰ 2020 - ਖੇਤੀ ਕਾਨੂੰਨ ਦੇ ਵਿਰੋਧ ਵਿੱਚ ਪੰਜਾਬ ਤੋਂ ਚੱਲਿਆ ਹੋਇਆ ਅੰਦੋਲਨ ਦੇਸ਼ ਵਿਆਪੀ ਅੰਦੋਲਨ ਬਣ ਚੁੱਕਾ ਹੈ ਜਿਸਦੇ ਚਲਦਿਆਂ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ, ਰਾਜਨੀਤਕ, ਧਾਰਮਿਕ, ਸਮਾਜਿਕ ਅਤੇ ਵੱਖ ਵੱਖ ਜਥੇਬੰਦੀਆਂ, ਕਿਸਾਨਾਂ ਦੇ ਨਾਲ ਕੇਂਦਰ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਹਨ। ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿਖੇ ਆਂਗਣਵਾੜੀ ਯੂਨੀਅਨ ਅਤੇ ਪਿੰਡ ਵਾਸੀਆ ਵੱਲੋਂ ਭਾਰੀ ਗਿਣਤੀ ਵਿੱਚ ਔਰਤਾਂ ਦਾ ਇਕੱਠ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਮਾਰਚ ਕਰ ਕੇ ਪਿੱਟ ਸਿਆਪਾ ਕੀਤਾ ਗਿਆ ਅਤੇ ਮੋਦੀ ਦੀ ਅਰਥੀ ਫੂਕੀ ਤਾਂ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦਾ ਜਥੇਬੰਦੀਆਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ। ਜਿੱਥੇ ਕਾਰਪੋਰੇਟ ਘਰਾਣਿਆਂ ਦੇ ਉਦਯੋਗ ਰਿਲਾਇੰਸ ਦੇ ਪੰਪ ਭਾਜਪਾ ਦੇ ਆਗੂਆਂ ਦੇ ਘਰਾਂ ਬਾਹਰ ਧਰਨੇ ਚੱਲ ਰਹੇ ਹਨ, ਉਥੇ ਦੇਸ਼ ਵਿਆਪੀ ਅੰਦੋਲਨ ਚਲਾ ਕੇ ਬਾਕੀ ਸੂਬਿਆਂ ਦੇ ਸਹਿਯੋਗ ਸਦਕਾ ਦਿੱਲੀ ਨੂੰ ਚਾਰੇ ਪਾਸਿਓਂ ਘੇਰ ਕੇ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਹੁਣ ਕਿਸਾਨਾਂ ਦੇ ਨਾਲ ਮੁਲਾਜ਼ਮ ਜਥੇਬੰਦੀਆਂ ਵੀ ਅੰਦੋਲਨ ਦੇ ਵਿਚ ਸ਼ਿਰਕਤ ਕਰ ਰਹੀਆਂ ਹਨ, ਜਿਸ ਦੇ ਚੱਲਦਿਆਂ ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਅਤੇ ਪਿੰਡ ਵਾਸੀਆਂ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਮੋਦੀ ਦੀ ਅਰਥੀ ਫੂਕੀ ਗਈ।
ਆਂਗਣਵਾੜੀ ਮੁਲਾਜ਼ਮਾਂ ਅਤੇ ਪਿੰਡ ਦੀਆਂ ਔਰਤਾਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਪਰਿਵਾਰਾਂ ਸਮੇਤ ਸੜਕਾਂ ਦੇ ਉੱਪਰ ਰੁਲਣ ਲਈ ਮਜਬੂਰ ਹੋ ਰਿਹਾ ਪਰ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਅਗਰ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਆਂਗਨਵਾੜੀ ਮੁਲਾਜ਼ਮ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਹੱਕ ਲਈ ਦਿੱਲੀ ਲਈ ਰਵਾਨਾ ਹੋਣਗੇ ਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਚੱਲ ਰਹੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।