ਅਸ਼ੋਕ ਵਰਮਾ
ਬਠਿੰਡਾ, 1 ਜਨਵਰੀ 2021 - ਜਮਹੂਰੀ ਅਧਿਕਾਰ ਸਭਾ ਨੇ ਰਾਜਸਥਾਨ -ਹਰਿਆਣਾ ਦੀ ਹੱਦ ਤੇ ਸਥਿਤ ਸ਼ਾਹਜਹਾਨਪੁਰ ਖੇੜਾ ਵਿਖੇ ਅੰਦੋਲਨਕਾਰੀ ਕਿਸਾਨਾਂ ਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਇਸ ਬਾਰੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਿਲ੍ਹਾ ਇਕਾਈ ਬਠਿੰਡਾ ਦੇ ਪ੍ਰਧਾਨ ਪਿ੍ਰੰਸੀਪਲ ਬੱਗਾ ਸਿੰਘ, ਜਨਰਲ ਸਕੱਤਰ ਪਿ੍ਰਤਪਾਲ ਸਿੰਘ ਤੇ ਪ੍ਰੈੱਸ ਸਕੱਤਰ ਡਾ ਅਜੀਤਪਾਲ ਸਿੰਘ ਨੇ ਕਿਹਾ ਤਿੰਨ ਦਰਜਨ ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਕੇ ਉਹਨਾਂ ਤੇ ਝੂਠੇ ਕੇਸ ਦਰਜ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਅੰਦੋਲਨ ਦੇ ਸ਼ੁਰੂ ਵਿੱਚ ਖੇਤੀ ਸਬੰਧੀ ਵਿਵਾਦਤ ਤਿੰਨ ਕਨੂੰਨਾਂ ਨੂੰ ਰੱਦ ਕਰਨ ਦੀ ਮੰਗ ਲੈ ਕੇ ਪੰਜਾਬ ਤੋਂ ਦਿੱਲੀ ਵੱਲ ਵਧ ਰਹੇ ਕਿਸਾਨਾਂ ਜਦ ਹਰਿਆਣਾ ਦੀ ਸਰਹੱਦ ਪਾਰ ਕਰਨ ਲੱਗੇ ਸੀ ਤਾਂ ਉਦੋਂ ਵੀ ਹਰਿਆਣਾ ਪੁਲੀਸ ਨੇ ਜ਼ਬਰਦਸਤ ਬੈਰੀਕੇਡ ਲਾਏ ਅਤੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਤੇ ਅੱਥਰੂ ਗੈਸ ਛੱਡੀ,ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਲਾਠੀਚਾਰਜ ਕੀਤਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀ ਸ਼ਹਿ ਅਤੇ ਹਰਿਆਣਾ ਦੀ ਬੀਜੇਪੀ ਸਰਕਾਰ ਦੀਆਂ ਹਦਾਇਤਾਂ ਤੇ ਹਰਿਆਣਾ ਦੀ ਪੁਲੀਸ ਵਾਰ ਵਾਰ ਸੁਪਰੀਮ ਕੋਰਟ ਦੇ ਉਹਨਾਂ ਹੁਕਮਾਂ ਦੀ ਉਲੰਘਣਾ ਕਰ ਰਹੀ ਹੈ ਜਿਹਨਾਂ ਵਿਚ ਅੰਦੋਲਨ ਕਰਨਾ ਕਿਸਾਨਾਂ ਦਾ ਜਮਹੂਰੀ ਤੇ ਮੁੱਢਲਾ ਹੱਕ ਦੱਸਿਆ ਗਿਆ ਹੈ।
ਉਹਨਾਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਰੱਖ ਰਹੀ ਹੈ ਪਰ ਦੂਜੇ ਪਾਸੇ ਹਰਿਆਣਾ ਦੀ ਪੁਲੀਸ ਵੱਲੋਂ ਕਿਸਾਨਾਂ ਨੂੰ ਦਿੱਲੀ ਵੱਲ ਆਉਣ ਤੋਂ ਰੋਕਣ ਲਈ ਘਟੀਆ ਹਥਕੰਡੇ ਅਪਣਾਏ ਜਾ ਰਹੇ ਹਨ। ਜਮਹੂਰੀ ਅਧਿਕਾਰ ਸਭਾ ਨੇ ਕਿਸਾਨਾਂ ਦੀਆਂ ਮੰਗਾਂ ਅਤੇ ਸੰਘਰਸ਼ ਦੀ ਪੁਰਜੋਰ ਹਮਾਇਤ ਕਰਦਿਆਂ ਪੁਲੀਸ ਵਧੀਕੀਆਂ ਦੀ ਜਾਂਚ ਕਰਨ, ਗਿ੍ਰਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਅਤੇ ਕਿਸੇ ਵੀ ਥਾਂ ਦਰਜ ਝੂਠੇ ਕੇਸਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ।