- ਟਰੈਕਟਰ ਮਾਰਚ `ਚ ਸ਼ਾਮਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਵਰਕਰ ਦਿੱਲੀ ਮੋਰਚੇ `ਤੇ ਪੁੱਜੇ
ਚੰਡੀਗੜ੍ਹ, 6 ਜਨਵਰੀ, 2021 - ਖੇਤੀ ਬਾਰੇ ਕਾਲੇ ਕਾਨੂੰਨਾਂ ਦੇ ਖਿ਼ਲਾਫ਼ 7 ਜਨਵਰੀ ਨੂੰ ਕੱਢੇ ਜਾ ਰਹੇ ਟਰੈਕਟਰ ਮਾਰਚ ਵਿੱਚ ਕਿਸਾਨ ਜਥੇਬੰਦੀਆਂ ਦੇ ਸੱਦੇ `ਤੇ ਸ੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਪੰਜਾਬ ਦੇ ਲੋਕਾਂ ਨੂੰ ਵਧ- ਚੜ੍ਹ ਕੇ ਟਰੈਕਟਰ ਮਾਰਚ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਪਾਰਟੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਹਰ ਘਰ `ਚੋਂ ਘੱਟੋ-ਘੱਟ ਇਕ ਵਿਅਕਤੀ ਨੂੰ ਟਰੈਕਟਰ ਮਾਰਚ ਵਿੱਚ ਜਰੂਰ ਸ਼ਾਮਲ ਹੋਣ ਲਈ ਕਿਹਾ ਹੈ। ਪਾਰਟੀ ਦੇ ਯੂਥ ਵਿੰਗ ਦੇ ਸਰਪ੍ਰਸਤ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ.ਪਰਮਿੰਦਰ ਸਿੰਘ ਢੀਂਡਸਾ ਪਹਿਲਾਂ ਹੀ ਆਪਣੇ ਅਨੇਕ ਸਾਥੀਆਂ ਨਾਲ ਦਿੱਲੀ ਮੋਰਚੇ `ਤੇ ਪਹੁੰਚ ਚੁੱਕੇ ਹਨ ਅਤੇ ਕਿਸਾਨਾਂ ਵੱਲੋਂ ਕੁੰਡਲੀ-ਮਾਨੇਸਰ ਪਲਵਲ ਤੋਂ ਭਲਕੇ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਵਿੱਚ ਸ਼ਾਮਿਲ ਹੋਣਗੇ।
ਉਨ੍ਹਾਂ ਨੇ ਵਿਸ਼ੇਸ਼ ਤੌਰ `ਤੇ ਇਸ ਮਾਰਚ ਵਿੱਚ ਨੌਜਵਾਨਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਸ. ਢੀਂਡਸਾ ਨੇ ਦੱਸਿਆ ਕਿ ਉਨ੍ਹਾ ਦੀ ਪਾਰਟੀ ਦੇ ਸਾਥੀ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਦੇ ਪਿੰਡਾਂ ਵਿੱਚ ਟਰੈਕਟਰ ਮਾਰਚ ਲਈ ਲੋਕਾਂ ਨੂੰ ਲਾਮਬੰਦ ਕਰ ਰਹੇ ਸਨ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਰਕਰ ਇਥੇ ਟਰੈਕਟਰ ਟਰਾਲੀਆਂ ਲੈਕੇ ਪਹੁੰਚ ਵੀ ਚੱੁਕੇ ਹਨ ਅਤੇ ਕੁੱਝ ਵਰਕਰ ਵੀਰਵਾਰ ਤੜਕੇ ਦਿੱਲੀ ਪਹੁੰਚ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮਾਰਚ ਲਈ ਪਿੰਡਾਂ ਦੇ ਨੌਜਵਾਨਾਂ ਤੋਂ ਟਰਾਲੀਆਂ ਮੰਗਵਾਈਆਂ ਗਈਆਂ ਹਨ ਅਤੇ ਉਨ੍ਹਾਂ ਦੀ ਦਿੱਲੀ ਕੁਚ ਜਾਰੀ ਹੈ।
ਕੇਂਦਰੀ ਮੰਤਰੀਆਂ ਨਾਲ ਤਿੰਨ ਖੇਤੀ ਕਾਨੂੰਨਾਂ ਸਣੇ ਹੋਰ ਕਿਸਾਨੀ ਮੰਗਾਂ ਨੂੰ ਲੈਕੇ ਸੱਤਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹਿਣ `ਤੇ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਨੂੰ ਹੋਰ ਤੇਜ਼ ਕਰਨ ਦੇ ਫੈਸਲੇ ਨੂੰ ਸਹੀ ਦੱਸਦੇ ਹੋਏ ਸ. ਢੀਂਡਸਾ ਨੇ ਕਿਹਾ ਕਿ ਕੇਂਦਰ ਦੀ ਹੁਣ ਕਿਸਾਨਾਂ ਨੂੰ ਥਕਾਉਣ ਦੀ ਨੀਤੀ ਜੱਗ ਜ਼ਾਹਿਰ ਹੋ ਚੁੱਕੀ ਹੈ ਅਤੇ ਅਜਿਹੇ ਹਾਲਾਤ ਵਿੱਚ ਕਿਸਾਨਾਂ ਦਾ ਸੰਘਰਸ਼ ਨੂੰ ਤੇਜ਼ ਕਰਨਾ ਬਿਲਕੁਲ ਜਾਇਜ਼ ਹੈ। ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਨੂੰ ਦੇਸ਼ ਦੇ ਆਖ਼ਰੀ ਕੋਨੇ ਤੱਕ ਲੈਕੇ ਜਾਣ ਲਈ ਉਲੀਕੇ ਗਏ ਪ੍ਰਗਰਾਮ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਪੂਰੇ ਦੇਸ਼ ਦੇ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਖਿ਼ਲਾਫ਼ ਲਾਮਬੰਦ ਕਰਨ ਦਾ ਸਮਾਂ ਆ ਗਿਆ ਹੈ। ਟਰੈਕਟਰ ਮਾਰਚ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਦੇਸ਼ ਦੇ ਹੋਰ ਕਿਸਾਨਾਂ ਦੇ ਸ਼ਾਮਿਲ ਹੋਣ ਦੀ ਵੀ ਸ.ਢੀਂਡਸਾ ਨੇ ਸ਼ਲਾਘਾ ਕੀਤੀ ਹੈ।