ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ 2021-ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਅਤੇ ਕਿਸਾਨੀ ਸੰਘਰਸ਼ ਦੀ ਚੜ੍ਹਦੀਕਲਾ ਲਈ ਅਰਦਾਸ ਸਮਾਗਮ ਕਰਾਏ ਗਏ। ਇਸ ਸਬੰਧੀ ਗੁਰਦੁਆਰਾ ਤੰਬੂ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਹੋਏ। ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਹੋਰ ਅਕਾਲੀ ਲੀਡਰਸ਼ਿਪ ਨੇ ਸ਼ਿਰਕਤ ਕੀਤੀ।
ਅਰਦਾਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨੀ ਹੱਕਾਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਲਈ ਹਮੇਸ਼ਾ ਲੜੇ ਹਾਂ ਤੇ ਕਿਸਾਨੀ ਹੱਕਾਂ ਲਈ ਸ਼ੋ੍ਰਮਣੀ ਅਕਾਲੀ ਦਲ ਲੜਾਈ ਲੜਦਾ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ, ਇਹ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ, ਜਿਸਦੇ ਮੈਂਬਰਾਂ ਦੀ ਚੋਣ ਲੋਕਤੰਤਰਿਕ ਢਾਂਚੇ ਨਾਲ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦਾ ਰਾਜ ਸਹੀ ਅਰਥਾਂ ਵਿੱਚ ਲੋਕਾਂ ਦਾ ਰਾਜ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ’ਚ ਕਾਂਗਰਸ ਦੋਗਲੀ ਨੀਤੀ ਅਪਨਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕਿ ਸੰਘਰਸ਼ ਦੌਰਾਨ ਅਕਾਲ ਚਲਾਣਾ ਕਰ ਗਏ ਕਿਸਾਨਾਂ ਦੀ ਆਤਮਾ ਨੂੰ ਪ੍ਰਮਾਤਮਾ ਸ਼ਾਂਤੀ ਬਖਸ਼ੇ ਤੇ ਇਸ ਸੰਘਰਸ਼ ’ਚ ਫਤਿਹ ਹਾਸਲ ਹੋਵੇ। ਅਰਦਾਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਦਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਧੰਨਵਾਦ ਕੀਤਾ ਹੈ।