ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ 2021-ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਤਹਿਤ ਦਿੱਲੀ ’ਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਨੂੰ ਲੈ ਕਿ ਕਿਸਾਨਾਂ ’ਚ ਉਤਸ਼ਾਹ ਹੈ ਅਤੇ ਕਿਸਾਨ ਉਕਤ ਪਰੇਡ ਦੀਆਂ ਤਿਆਰੀਆਂ ’ਚ ਜੁਟੇ ਹੋਏ ਹਨ। ਇਸ ਤਹਿਤ ਪੰਜਾਬ ਦੇ ਵੱਖ-ਵੱਖ ਪਿੰਡਾਂ ਤੋਂ ਵੀ ਕਿਸਾਨ ਜਥੇਬੰਦੀਆਂ ਵੱਲੋਂ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਕਤ ਦਿਨ ਵੱਡੀ ਗਿਣਤੀ ’ਚ ਟਰੈਕਟਰ ਲੈ ਕੇ ਦਿੱਲੀ ਵੱਲ ਕੂਚ ਕੀਤੀ ਜਾਵੇ। ਬੇਸ਼ੱਕ ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਹੈ, ਪਰ ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤੇਜ਼ ਕਰ ਰਹੀਆਂ ਹਨ। ਕਿਉਂਕਿ ਕੇਂਦਰ ਸਰਕਾਰ ਨਾਲ ਹੋ ਰਹੀਆਂ ਮੀਟਿੰਗਾਂ ਬੇਸਿੱਟਾ ਨਿਕਲ ਰਹੀਆਂ ਹਨ।
ਇਸੇ ਰੋਸ ਦੇ ਚੱਲਦਿਆ ਜਥੇਬੰਦੀਆਂ ਨੇ ਗਣਤੰਤਰ ਦਿਵਸ ਮੌਕੇ ਟਰੈਕਟਰਾਂ ’ਤੇ ਕਿਸਾਨੀ ਝੰਡੇ ਅਤੇ ਤਿਰੰਗੇ ਫਹਿਰਾ ਕੇ ਪ੍ਰੇਡ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ’ਚ ਕਿਸਾਨਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਜੋਂ ਇਸ ਟਰੈਕਟਰ ਪ੍ਰੇਡ ਦੇ ਪ੍ਰੋਗਰਾਮ ਨੂੰ ਸਫਲ ਬਣਾਇਆ ਜਾ ਸਕੇ। ਇਸੇ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਜ਼ਾਰਾਂ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢ ਕੇ ਕੇੰਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਜਤਾਇਆ ਗਿਆ। ਜ਼ਿਕਰਯੋਗ ਹੈ ਕਿ ਇਹ ਟਰੈਕਟਰ ਮਾਰਚ ’ਚ ਵੱਖ-ਵੱਖ ਪਿੰਡਾਂ ਤੋਂ ਪਹੰੁਚੇ ਕਿਸਾਨ ਟ੍ਰੈਕਟਰ ਲੈ ਕੇ ਮਾਰਚ ਕੱਢਦੇ ਹੋਏ ਮੁਕਤਸਰ ਸ਼ਹਿਰ ਪਹੁੰਚੇ ਅਤੇ ਅਬੋਹਰ ਰੋਡ ਹੁੰਦਾ ਹੋਇਆ ਅਨਾਜ ਮੰਡੀ ਮਾਰਚ ਪਹੁੰਚਿਆ। ਜਿੱਥੇ ਕਿਸਾਨਾਂ ਨੇ ਮੰਡੀ ਦਾ ਚੱਕਰ ਵੀ ਲਾਇਆ।
ਇਸ ਮੌਕੇ ਕਿਸਾਨ ਆਗੂ ਕੇੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਵੀ ਕਰਦੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਦਿੱਲੀ ਵਿਖੇ ਇੰਨਾਂ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਇੱਕ ਮਹੀਨੇ ਤੋਂ ਸੰਘਰਸ਼ ਚੱਲ ਰਿਹਾ ਹੈ ਤੇ ਇਸ ਸੰਘਰਸ਼ ਦੌਰਾਨ 60 ਤੋਂ ਜ਼ਿਆਦਾ ਕਿਸਾਨ ਸ਼ਹੀਦੀਆਂ ਪਾ ਚੁੱਕੇ ਹਨ, ਪਰ ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਅਪਣਾਇਆ ਹੋਇਆ ਹੈ, ਜਿਸ ਕਾਰਨ ਸਮੂਹ ਕਿਸਾਨ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਕੇਂਦਰ ਵੱਲੋਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸ਼ੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ।