ਅਸ਼ੋਕ ਵਰਮਾ
ਨਵੀਂ ਦਿੱਲੀ, 13ਜਨਵਰੀ2021:ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਅੱਜ ਸਿੰਘੂ ਕੁੰਡਲੀ ਬਾਰਡਰ ਤੇ ਲੋਹੜੀ ਪੰਜਾਬ ਦੇ ਸੂਰਮਿਆਂ ਦੁੱਲਾ ਭੱਟੀ ਨੂੰ ਸਮਰਪਿਤ ਕਰਦਿਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਅਤੇ ਬਿਨਾਂ ਦੇਰੀ ਇਹ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਅੱਜ ਕਿਸਾਨਾਂ ’ਚ ਭਾਰਤੀ ਉਤਸ਼ਾਹ ਦੇਖਿਆ ਗਿਆ ਅਤੇ ਉਹਨਾਂ ਨੇ ਮੋਦੀ ਸਰਕਾਰ ਖਿਲਾਫ ਜਬਰਦਸਤ ਨਾਅਰੇਬੀਜੀ ਕਰਕੇ ਆਪਣੀ ਭੜਾਸ ਕੱਢੀ। ਕਿਸਾਨਾਂ ਮਜਦੂਰਾਂ ਨੇ ਜੁਲਮ ਜਬਰ ਖਿਲਾਫ ਲੜਨ ਵਾਲੇ ਨਾਇਕ ਦੁੱਲਾ ਭੱਟੀ ਨੂੰ ਯਾਦ ਕਰਦਿਆਂ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਜੰਗ ਜਾਰੀ ਰੱਖਣ ਦਾ ਅਹਿਦ ਲਿਆ। ਕਿਸਾਨ ਆਗੂਆਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਨੂੰ ਸਰਕਾਰੀ ਕਮੇਟੀ ਕਰਾਰ ਦਿੰਦਿਆਂ ਇਸ ਨੂੰ ਰੱਦ ਕਰ ਦਿੱਤਾ ਅਤੇ ਆਖਿਆ ਕਿ ਕਿਸਾਨਾਂਨੂੰ ਕਾਲੇ ਖੇਤੀ ਕਾਨੂੰਨ ਵਾਪਿਸ ਲੈਣ ਤੋਂ ਘੱਟ ਕੁੱਝ ਵੀ ਪ੍ਰਵਾਨ ਨਹੀਂ ਹੈ।
ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਆਦਿ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਉਹ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੇ ਰੌਂਅ ‘ਚ ਸਨ ਪਰ ਕੇਂਦਰ ਸਰਕਾਰ ਉਹਨਾਂ ਦਾ ਸਬਰ ਪਰਖ ਰਹੀ ਹੈ ਅਤੇ ਉਹ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਹਰ ਇਮਤਿਹਾਨ ਦੇਣ ਨੂੰ ਤਿਆਰ ਹਨ। ਉਹਨਾਂ ਦੱਸਿਆ ਕਿ ਪੱਕੇ ਮੋਰਚੇ ਦੇ 50ਵੇਂ ਦਿਨ ਲੋਹੜੀ ਦੇ ਤਿਉਹਾਰ ਮੌਕੇ ਧੂਣੀਆਂ ਬਾਲੀਆਂ ਅਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਨੂੰ ਅਗਨ ਭੇਂਟ ਕੀਤਾ ਗਿਆ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਸਿਰਫ ਇੱਥੇ ਹੀ ਨਹੀ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਕਿਸਾਨ ਮਜ਼ਦੂਰ ਲੋਹੜੀ ਦੇ ਤਿਉਹਾਰ ਮੌਕੇ ਵੱਡੇ ਇਕੱਠਾਂ ਦੌਰਾਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨਗੇ ਜਿਸ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਉਹਨਾਂ ਦੱਸਿਆ ਕਿ 26 ਜਨਵਰੀ ਦੀ ਟਰੈਕਟਰ ਪਰੇਡ ਮਾਰਚ ਵਿੱਚ ਸ਼ਾਮਲ ਹੋਣ ਲਈ ਪਿੰਡਾਂ ’ਚ ਲਾਮਬੰਦੀ ਚੱਲ ਰਹੀ ਹੈ ਜਿਸ ਨੂੰ ਸਾਰੇ ਹੀ ਵਰਗ ਭਰਵਾਂ ਹੁੰਗਾਰਾ ਦੇ ਰਹੇ ਹਨ। ਕਿਸਾਨ ਆਗੂਆਂ ਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਨਾਂ ਕੇਵਲ ਸੰਘਰਸ਼ ਜਾਰੀ ਰੱਖਣ ਬਲਕਿ ਹੋਰ ਵੀ ਤੇਜ ਕਰਨ ਦਾ ਐਲਾਨ ਵੀ ਕੀਤਾ।