ਮਨਿੰਦਰਜੀਤ ਸਿੱਧੂ
ਜੈਤੋ, 13 ਜਨਵਰੀ, 2021 - ਸਥਾਨਕ ਰਸਾਲ ਪੱਤੀ ਵਿੱਚ ਪੈਂਦੇ ਲੱਖੇ ਦੇ ਖੂਹ ਕੋਲ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ‘ਖੇਤੀ ਕਾਨੂੰਨਾਂ’ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ।ਜਿਕਰਯੋਗ ਹੈ ਕਿ ਕਿਸਾਨ ਜੱਥੇਬੰਦੀਆਂ ਦੇ ਸੱਦੇ ਉੱਪਰ ਸਮੁੱਚੇ ਭਾਰਤ ਵਿੱਚ ਲੋਹੜੀ ਮੌਕੇ ਇਹਨਾਂ ਕਾਨੂੰਨਾਂ ਦੀਆਂ ਕਾਪੀਆਂ ਫੂਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਉਪਰੰਤ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਛੱਤਰ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਉੱਪਰ ਵਰ੍ਹਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਅਤੇ ਕਿਸਾਨ ਯੂਨੀਅਨਾਂ ਦੇ ਲੀਡਰਾਂ ਦੇ ਤਰਕਾਂ ਤੋਂ ਘਬਰਾਈ ਹੋਈ ਹੈ ਅਤੇ ਇਸੇ ਕਰਕੇ ਸੁਪਰੀਮ ਕੋਰਟ ਰਾਹੀਂ ਸਾਡੇ ਉੱਪਰ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਹਨਾਂ ਕਿਹਾ ਕਿ ਅਸੀਂ ਦਿੱਲੀ ਤੋਂ ਮੁੜੇ ਤਾਂ ਕਾਨੂੰਨ ਵਾਪਸ ਕਰਵਾ ਕੇ ਮੁੜਾਂਗੇ ਜਾਂ ਮੋਦੀ ਹਕੂਮਤ ਦੀ ਗੋਲੀ ਦਾ ਸ਼ਿਕਾਰ ਹੋ ਕੇ।
ਇਸ ਮੌਕੇ ਉੱਘੇ ਲੋਕ ਗਾਇਕ ਅਤੇ ਜੱਥੇਬੰਦੀ ਦੇ ਸੀਨੀਅਰ ਆਗੂ ਜਸਵਿੰਦਰ ਸਿੱਧੂ ਨੇ ਕਿਹਾ ਕਿ ਸਰਕਾਰ ਨੂੰ ਇਸ ਗੱਲ ਬਿਲਕੁਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਇਹ ਕਿਸਾਨ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕਿਸੇ ਵੀ ਗੱਲ ਉੱਪਰ ਮੰਨਣ ਵਾਲੇ ਨਹੀਂ।ਸੁਪਰੀਮ ਕੋਰਟ ਦਾ ਅਸੀਂ ਸਤਕਾਰ ਕਰਦੇ ਹਾਂ ਪਰ ਸੁਪਰੀਮ ਕੋਰਟ ਨੇ ਵੀ ਕਮੇਟੀ ਵਿੱਚ ਉਹ ਮੈਂਬਰ ਲਏ ਹਨ ਜੋ ਕਿਸਾਨ ਪੱਖੀ ਨਾ ਹੋ ਕੇ ਸਰਕਾਰ ਪੱਖੀ ਹਨ। ਅਜਿਹੀਆਂ ਹਾਲਤਾਂ ਵਿੱਚ ਕਿਸਾਨਾਂ ਨੂੰ ਨਿਆਂ ਮਿਲਣ ਦੇ ਆਸਾਰ ਬਹੁਤ ਘੱਟ ਹਨ। ਉਹਨਾਂ ਕਿਹਾ ਕਿ 26 ਜਨਵਰੀ ਦੀ ਟਰੈਕਟਰ ਪ੍ਰੇਡ ਨੂੰ ਲੈ ਕੇ ਕਿਸਾਨਾਂ ਵਿੱਚ ਬਹੁਤ ਉਤਸ਼ਾਹ ਹੈ ਅਤੇ ਉਹ ਜੱਥੇਬੰਦੀਆਂ ਦੇ ਆਗੂਆਂ ਦੁਆਰਾ ਲਏ ਜਾਣ ਵਾਲੇ ਫੈਸਲਿਆਂ ਉੱਪਰ ਫੁੱਲ ਚੜ੍ਹਾਉਣਗੇ।