- ਮੋਦੀ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈਣਾ ਕਰੇ ਬੰਦ, ਕਾਲੇ ਕਾਨੂੰਨ ਤੁਰੰਤ ਰੱਦ ਹੋਣ-ਹਰਪਾਲ ਚੀਮਾ
- ਵਾਹਿਗੁਰੂ ਅੱਗੇ ਅਰਦਾਸ ਕਰ ਕੇ ਮੁੜ ਦਿੱਲੀ ਹੋਵਾਂਗਾ ਰਵਾਨਾ-ਗੈਰੀ ਬੜਿੰਗ
ਅਮਲੋਹ, 16 ਜਨਵਰੀ, 2021 - ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੁਆਰਾ ਪੰਜਾਬ ਅਤੇ ਦੇਸ਼ ਦੀ ਕਿਸਾਨੀ ਨੂੰ ਮਾਰਨ ਲਈ ਲਾਗੂ ਕੀਤੇ ਤਿੰਨ ਕਾਲੇ ਕਾਨੂੰਨ ਨੂੰ ਵਾਪਸ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚਡ਼੍ਹਦੀ ਕਲਾ ਲਈ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਸਮੂਹ ਬੜਿੰਗ ਪਰਿਵਾਰ ਨੇ ਆਪਣੇ ਜੱਦੀ ਪਿੰਡ ਮਛਰਈ ਖੁਰਦ ਵਿਖੇ ਅਖੰਡ ਪਾਠ ਦੇ ਭੋਗ ਸੰਪੰਨ ਕਰਵਾਏ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਰੋਧੀ ਧਿਰ ਦੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਗੁਰਮੀਤ ਸਿੰਘ ਮੀਤ ਹੇਅਰ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਜੈ ਸਿੰਘ ਰੋੜੀ, ਮਾਸਟਰ ਬਲਦੇਵ ਸਿੰਘ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਅਮਰਜੀਤ ਸਿੰਘ ਸੰਦੋਆ ਸਮੇਤ ਹੋਰ ਸ਼ਖ਼ਸੀਅਤਾਂ ਨੇ ਇਸ ਮੌਕੇ ਹਾਜ਼ਰੀ ਭਰੀ।
ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਮੋਦੀ ਸਰਕਾਰ ਆਪਣੀ ਜ਼ਿੱਦ ਦੀ ਬਦਲੇ ਹੁਣ ਤਕ 100 ਤੋਂ ਵੱਧ ਕਿਸਾਨ ਕਿਸਾਨਾਂ ਦੀ ਜਾਨ ਲੈ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਰੂ ਕਾਨੂੰਨਾਂ ਨਾਲ ਨਾ ਸਿਰਫ਼ ਦੇਸ਼ ਦਾ ਕਿਸਾਨ ਪ੍ਰੰਤੂ ਹਰ ਵਿਅਕਤੀ ਪ੍ਰਭਾਵਿਤ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਬਿਲਕੁਲ ਸਿੱਧੀਆਂ ਅਤੇ ਸਪਸ਼ਟ ਹਨ ਕਿ ਉਨ੍ਹਾਂ ਨੂੰ ਇਹ ਕਾਲੇ ਕਾਨੂੰਨਾ ਨੂੰ ਨਹੀਂ ਚਾਹੀਦੇ ਇਸ ਲਈ ਮੋਦੀ ਸਰਕਾਰ ਨੂੰ ਇਹ ਕਾਨੂੰਨ ਤੁਰੰਤ ਪ੍ਰਭਾਵ ਤੇ ਵਾਪਸ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸਾਰੇ ਸੰਘਰਸ਼ ਦੇ ਦੌਰਾਨ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੀ ਹੈ ਅਤੇ ਭਵਿੱਖ ਵਿੱਚ ਵੀ ਕਿਸਾਨਾਂ ਦੀ ਆਵਾਜ਼ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਚੁੱਕਦੀ ਰਹੇਗੀ।
ਇਸ ਮੌਕੇ ਬੋਲਦਿਆਂ ਗੈਰੀ ਵੜਿੰਗ ਨੇ ਕਿਹਾ ਕਿ ਉਹ ਖ਼ੁਦ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀ ਸਰਹੱਦ ਤੇ ਕਿਸਾਨਾਂ ਦੇ ਅੰਦੋਲਨ ਵਿੱਚ ਕਾਰਜ ਕਰਦੇ ਹੋਏ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਉਹ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਜ਼ਮੀਨੀ ਪੱਧਰ ਉੱਤੇ ਜਾਣਦੇ ਹਨ ਅਤੇ ਸਰਕਾਰ ਪਾਸੋਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ ਹਨ। ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੇ ਨਾਲ ਹਮਦਰਦੀ ਪ੍ਰਗਟ ਕਰਦਿਆਂ ਬੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਵੇਗੀ ਅਤੇ ਕਿਸਾਨ ਮੋਰਚਾ ਫਤਹਿ ਕਰਕੇ ਹੀ ਪੰਜਾਬ ਵਾਪਸ ਆਉਣਗੇ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਖੰਡ ਪਾਠ ਨੂੰ ਸੰਪੰਨ ਕਰਵਾ ਕੇ ਮੁੜ ਤੋਂ ਦਿੱਲੀ ਦੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਣਗੇ। ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੌਕੇ ਦੇਸ਼ ਦੇ ਕਿਸਾਨ ਨਾਲ ਖੜ੍ਹਨ ਦੀ ਲੋੜ ਹੈ ਸੋ ਵੱਡੀ ਗਿਣਤੀ ਵਿਚ ਲੋਕ ਉੱਥੇ ਪਹੁੰਚ ਕੇ ਕਿਸਾਨਾਂ ਦੇ ਹੌਸਲੇ ਬੁਲੰਦ ਕਰਨ।
ਇਸ ਮੌਕੇ ਹਰਮੇਲ ਸਿੰਘ ਟੌਹੜਾ, ਮਨਵਿੰਦਰ ਸਿੰਘ ਗਿਆਸਪੁਰਾ, ਜਸਵੰਤ ਸਿੰਘ ਗੱਜਣਮਾਜਰਾ, ਸੰਤੋਖ ਸਿੰਘ ਸਲਾਣਾ, ਲਖਬੀਰ ਸਿੰਘ ਰਾਏ, ਅਜੇ ਸਿੰਘ ਲਿਬੜਾ, ਜਗਮੀਤ ਸਹੋਤਾ ਬਾਵਾ, ਪ੍ਰਤਾਪ ਸਿੰਘ ਭੈਣੀ, ਮਸ਼ਹੂਰ ਕਬੱਡੀ ਖਿਡਾਰੀ ਗੁਰਲਾਲ ਘਨੌਰ, ਉੱਘੇ ਕਲਾਕਾਰ ਬਲਕਾਰ ਸਿੱਧੂ, ਬਚਨ ਬੇਦਿਲ, ਬਲਦੇਵ ਸਿੰਘ ਮੀਆਂਪੁਰ ਸਮੇਤ ਅਨੇਕਾਂ ਸ਼ਖਸੀਅਤਾਂ ਹਾਜ਼ਰ ਸਨ।