ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 19 ਜਨਵਰੀ 2021 - ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਸੰਘਰਸ਼ ਕਮੇਟੀ ਨੇ ਅੱਜ ਤਹਿਸੀਲ ਦਫਤਰ ਸੁਲਤਾਨਪੁਰ ਲੋਧੀ ਵਿਖੇ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਉਸਾਰੇ ਜਾ ਰਹੇ ਦਿੱਲੀ ਅਮ੍ਰਿੰਤਸਰ ਕਟੜਾ ਐਕਸਪ੍ਰੈਸ ਵੇਅ ਲਈ ਰਿਕਾਰਡ ਲੈਣ ਆਏ ਫੀਡਬੈਕ ਇੰਫਰਾਸਟਰੱਕਚਰ ਕੰਪਨੀ ਦੇ ਕਰਮਚਾਰੀਆਂ ਦਾ ਘਿਰਾਓ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਰੋਹ ਵਿੱਚ ਆਏ ਹਲਕੇ ਦੇ ਕਿਸਾਨਾਂ ਨੇ ਕਿਹਾ ਕਿ ਉਹ ਇਸ ਐਕਸਪ੍ਰੈਸ ਵੇਅ ਦਾ ਡੱਟ ਕੇ ਵਿਰੋਧ ਕਰਨਗੇ। ਜੇਕਰ ਕਿਸੇ ਕੰਪਨੀ ਜਾਂ ਨੈਸ਼ਨਲ ਹਾਈਵੇ ਅਥਾਰਟੀ ਨੇ ਉਨ੍ਹਾਂ ਦੀਆਂ ਜ਼ਮੀਨਾਂ ਵਿਚ ਪੈਰ ਧਰਿਆ ਤਾਂ ਉਸ ਦਾ ਮੌਕੇ ਤੇ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਬੋਲਦਿਆਂ ਸੰਘਰਸ਼ ਕਮੇਟੀ ਦੇ ਉਪ ਪ੍ਰਧਾਨ ਬਖਸ਼ੀਸ਼ ਸਿੰਘ ਤਲਵੰਡੀ ਚੌਧਰੀਆਂ ਨੇ ਕਿਹਾ ਕਿ ਜਿਨ੍ਹਾਂ ਚਿਰ ਕਾਲੇ ਖੇਤੀ ਕਾਨੂੰਨਾਂ ਨੂੰ ਕੇਂਦਰ ਸਰਕਾਰ ਰੱਦ ਨਹੀਂ ਕਰਦੀ ਉਦੋਂ ਤੱਕ ਇਸ ਸੜਕ ਸਬੰਧੀ ਕੋਈ ਵੀ ਕੰਮ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਲ਼ੈ ਰਹੀ ਹੈ। ਹਲਕੇ ਦੇ ਕਿਸਾਨ ਇਸ ਧੱਕੇਸ਼ਾਹੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਨਗੇ। ਕਿਸਾਨ ਆਗੂ ਕਮਲਜੀਤ ਸਿੰਘ ਮੈਰੀਪੁਰ ਅਤੇ ਰਣਜੀਤ ਸਿੰਘ ਮੈਰੀਪੁਰ ਨੇ ਕਿਹਾ ਕਿ ਸੰਘਰਸ਼ ਕਮੇਟੀ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਵੀ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੰਪਨੀ ਅਤੇ ਹਾਈਵੇ ਅਥਾਰਟੀ ਦੇ ਕਰਮਚਾਰੀ ਸਰਵੇ ਅਤੇ ਜ਼ਮੀਨਾਂ ਸੰਬੰਧੀ ਰਿਕਾਰਡ ਇਕੱਠਾ ਕਰ ਰਹੇ ਹਨ।ਜ਼ੋ ਕੇ ਸਰਾ ਸਰ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਾਣਬੁੱਝ ਕੇ ਪਿਛਲੇ ਕੁਝ ਸਾਲਾਂ ਤੋਂ ਜ਼ਮੀਨਾਂ ਦੇ ਕੁਲੈਕਟਰ ਰੇਟ ਘਟਾਏ ਹਨ।
ਇਸ ਮੌਕੇ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਕਿ ਜੇ ਪ੍ਰਸ਼ਾਸਨ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਜਾਂ ਸਰਵੇ ਕਰ ਰਹੀ ਕੰਪਨੀ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਜਾਂ ਕੋਈ ਹੋਰ ਜਾਣਕਾਰੀ ਦਿੱਤੀ ਗਈ ਤਾਂ ਤਹਿਸੀਲ ਦਫਤਰ ਮੂਹਰੇ ਪੱਕਾ ਧਰਨਾ ਲਾਇਆ ਜਾਵੇਗਾ। ਇਸ ਮੌਕੇ ਅਮਰਜੀਤ ਸਿੰਘ, ਨਵਦੀਪ ਸਿੰਘ, ਅਮਰੀਕ ਸਿੰਘ ਭਾਰਜ, ਪਿਆਰਾ ਸਿੰਘ, ਮਲਕੀਤ ਸਿੰਘ, ਗੁਰਸ਼ਰਨ ਸਿੰਘ ਲਾਡੀ, ਜਸਵਿੰਦਰ ਸਿੰਘ, ਜਗਦੀਪ ਸਿੰਘ ਗਾਂਧਾ ਸਿੰਘ ਵਾਲਾ, ਆਦਿ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕੀ ਕਹਿੰਦੇ ਹਨ ਐਸ ਡੀ ਐਮ
ਇਸ ਮੌਕੇ ਐਸ. ਡੀ਼ ਐਮ, ਡਾਕਟਰ ਚਾਰੂਮਿਤਾ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਆਨ-ਲਾਈਨ ਹੈ ।ਉਹ ਕੋਈ ਵੀ ਦੇਖ ਸਕਦਾ ਹੈ। ਕਿਸਾਨਾਂ ਦੇ ਸੰਘਰਸ਼ ਤੋਂ ਬਾਅਦ ਕਿਸੇ ਕੰਪਨੀ ਜਾਂ ਅਥਾਰਟੀ ਨੂੰ ਰਿਕਾਰਡ ਨਹੀਂ ਦਿੱਤਾ ਗਿਆ। ਕਿਸਾਨਾਂ ਦੇ ਖੇਤਾਂ ਵਿਚ ਵੀ ਸਰਵੇ ਸਬੰਧੀ ਕੰਮ ਬੰਦ ਹੈ।