ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ 2021-ਤਿੰਨ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਅੱਜ ਸਥਾਨਕ ਮਿੰਨੀ ਸਕੱਤਰੇਤ ਅੱਗੇ ਯੂਥ ਅਕਾਲੀ ਦਲ ਵੱਲੋਂ ਦਿਹਾਤੀ ਪ੍ਰਧਾਨ ਅਕਾਸ਼ਦੀਪ ਮਿੱਡੂਖੇੜਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਜਿੱਥੇ ਪ੍ਰਦਰਸ਼ਨ ਕੀਤਾ ਗਿਆ, ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੁਕਿਆ ਗਿਆ। ਇਸ ਮੌਕੇ ਯੂਥ ਆਗੂਆਂ ਤੇ ਵਰਕਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਕਾਨੁੂੰਨ ਪਾਸ ਕੀਤੇ ਗਏ ਹਨ, ਉਹ ਹਰ ਵਰਗ ਲਈ ਘਾਤਕ ਹਨ, ਜਿੰਨ੍ਹਾਂ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ।
ਆਗੂਆਂ ਨੇ ਕਿਹਾ ਕਿ ਕਿਸਾਨ ਪਿਛਲੇ ਕਰੀਬ 60 ਦਿਨਾਂ ਤੋਂ ਦਿੱਲੀ ਬਾਰਡਰਾਂ ’ਤੇ ਡਟੇ ਹੋਏ ਹਨ, ਪਰ ਕੇਂਦਰ ਸਰਕਾਰ ਆਪਣੀ ਅੜੀਅਲ ਨੀਤੀ ਨਹੀਂ ਛੱਡ ਰਹੀ, ਜਦੋਂਕਿ ਆਏ ਦਿਨ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਨੈਸ਼ਨਲ ਏਜੰਸੀ ਐਨਆਈਏ ਦੀਆਂ ਨੀਤੀਆਂ ਦੀ ਵੀ ਨਿੰਦਾ ਕੀਤੀ। ਬੁਲਾਰਿਆਂ ਨੇ ਕਿਹਾ ਕਿ ਉਹ 26 ਜਨਵਰੀ ਨੂੰ ਦਿੱਲੀ ਦੀ ਟਰੈਕਟਰ ਪਰੇਡ ਵਿੱਚ ਹਿੱਸਾ ਲੈਣਗੇ ਤੇ ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਕਰਨਗੇ। ਇਸ ਮੌਕੇ ਆਗੂਆਂ ਤੇ ਵਰਕਰਾਂ ਨੇ ਮੋਦੀ ਸਰਕਾਰ ਖ਼ਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਪ੍ਰਧਾਨ ਮੰਤਰੀ ਦੇ ਪੁਤਲੇ ਨੂੰ ਅੱਗ ਵੀ ਲਗਾਈ। ਨਾਲ ਹੀ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਕੇਂਦਰ ਸਰਕਾਰ ਨੇ ਇਹ ਕਾਨੂੰਨ ਰੱਦ ਨਾ ਕੀਤੇ ਤਾਂ ਉਹ ਸੰਘਰਸ਼ ਨੂੰ ਹੋਰ ਅੱਗੇ ਲੈ ਕੇ ਜਾਣਗੇ।