ਬਲਵਿੰਦਰ ਸਿੰਘ ਧਾਲੀਵਾਲ
- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਕਸਪ੍ਰੈਸ ਵੇਅ ਸੰਬੰਧੀ ਰੱਖੀ ਜਨਤਕ ਸੁਣਵਾਈ ਦੌਰਾਨ ਪ੍ਰਭਾਵਿਤ ਕਿਸਾਨਾਂ ਨੇ ਕੀਤੀ ਭਾਰੀ ਨਾਅਰੇਬਾਜ਼ੀ
- ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਭਾਰੀ ਰੋਸ ਦਾ ਕਰਨਾ ਪਿਆ ਸਾਹਮਣਾ
ਸੁਲਤਾਨਪੁਰ ਲੋਧੀ 21 ਜਨਵਰੀ 2021 - ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਉਸਾਰੇ ਜਾ ਰਹੇ ਯਾਮਨਗਰ -ਬਠਿੰਡਾ ਅਤੇ ਦਿੱਲੀ-ਅਮਰਿੰਤਸਰ ਐਕਸਪ੍ਰੈਸ ਵੇਅ ਜ਼ੋ ਬਲਾਕ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਵਿੱਚੋਂ ਦੀ ਗੁਜ਼ਰੇਗਾ,ਦੇ ਸੰਬੰਧ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਰੱਖੀ ਜਨਤਕ ਸੁਣਵਾਈ ਦੌਰਾਨ ਨੈਸ਼ਨਲ ਹਾਈਵੇ ਅਥਾਰਟੀ , ਪੰਜਾਬ ਪ੍ਰਦੂਸ਼ਣ ਕੰਟਰੋਲ ਦੇ ਅਧਿਕਾਰੀਆਂ ਅਤੇ ਏ.ਡੀ.ਕਪੂਰਥਲਾ ਨੂੰ ਪ੍ਰਭਾਵਿਤ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਇਸ ਮੌਕੇ ਐਕਸਪ੍ਰੈਸ ਵੇਅ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਉਹ ਇਸ ਪ੍ਰੋਜੈਕਟ ਦਾ ਡੱਟ ਕੇ ਵਿਰੋਧ ਕਰਨਗੇ। ਵਰਨਣਯੋਗ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਐਕਸਪ੍ਰੈਸ ਵੇਅ ਨਾਲ ਪ੍ਰਭਾਵਿਤ ਹੋਣ ਵਾਲੇ ਕਿਸਾਨਾਂ ਦੇ ਵਿਚਾਰ ਜਾਣਨ ਲਈ ਇਹ ਮੀਟਿੰਗ ਰੱਖੀ ਸੀ ਪਰ ਕਿਸਾਨਾਂ ਨੇ ਇਸ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ।ਇਸ ਮੌਕੇ ਐਕਸਪ੍ਰੈਸ ਵੇਅ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ ਸੈਦਪੁਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਇਸ ਪ੍ਰੋਜੈਕਟ ਬਾਰੇ ਕਿਸਾਨਾਂ ਨੂੰ ਭਰੋਸੇ ਵਿੱਚ ਲਏ ਤੋਂ ਬਿਨਾਂ ਹੀ ਸਰਵੇ ਕਰਕੇ ਬੁਰਜੀਆਂ ਲਾ ਦਿੱਤੀਆਂ ਹਨ।
ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਸਬੰਧੀ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਸਬੰਧੀ ਅਜੇ ਤੱਕ ਅਥਾਰਟੀ ਅਤੇ ਪ੍ਰਸ਼ਾਸਨ ਵੱਲੋਂ ਕੋਈ ਨੀਤੀ ਸਪੱਸ਼ਟ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਸੰਘਰਸ਼ ਕਮੇਟੀ ਦੇ ਵਿਰੋਧ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੰਘਰਸ਼ ਕਮੇਟੀ ਨੇ ਅਧਿਕਾਰੀਆਂ ਸਾਹਮਣੇ ਐਲਾਨ ਕੀਤਾ ਕਿ ਉਹ ਇਸ ਪ੍ਰੋਜੈਕਟ ਦਾ ਮੁਕੰਮਲ ਰੂਪ ਵਿੱਚ ਬਾਈਕਾਟ ਕਰਦੇ ਹਨ ਅਤੇ ਸਰਕਾਰ ਤੋਂ ਮੰਗ ਕਰਦੇ ਹਨ ਕਿ ਇਸ ਨੂੰ ਤਰੁੰਤ ਰੱਦ ਕੀਤਾ ਜਾਵੇ।
ਇਸ ਮੌਕੇ ਏ.ਡੀ.ਸੀ ਰਾਹੁਲ ਚਾਬਾ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਉੱਚ ਅਧਿਕਾਰੀਆਂ ਅਤੇ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰੋਜੈਕਟ ਮੈਨੇਜਰ ਵਾਈ.ਯੈਦੋ, ਪ੍ਰਦੂਸ਼ਣ ਬੋਰਡ ਦੇ ਐਸ਼.ਡੀ.ਉ ਪੁਨੀਤ ਸੇਠੀ, ਇੰਜਨੀਅਰ ਮੋਹਿਤ ਅਹਿਮਦ ਅਤੇ ਕਿਸਾਨ ਆਗੂ ਬਖਸ਼ੀਸ਼ ਸਿੰਘ ਤਲਵੰਡੀ ਚੌਧਰੀਆਂ, ਮੁਖਤਾਰ ਸਿੰਘ, ਬਲਜੀਤ ਸਿੰਘ ਬੱਬੂ, ਜਸਵਿੰਦਰ ਕੌਰ ਟਿੱਬਾ,ਅਮਰੀਕ ਸਿੰਘ ਭਾਰਜ, ਮਲਕੀਤ ਸਿੰਘ ਮੈਰੀਪੁਰ, ਕਮਲਜੀਤ ਸਿੰਘ ਆਦਿ ਹਾਜ਼ਰ ਸਨ।