- ਮਰੀਜ਼ਾਂ ਦੇ ਠੀਕ ਹੋਣ ਦੀ ਦਰ 94.83% ਹੋਈ
ਯਾਦਵਿੰਦਰ ਸਿੰਘ ਤੂਰ
ਲੁਧਿਆਣਾ, 08 ਫਰਵਰੀ 2021 - ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 1653 ਸੈਂਪਲ ਲਏ ਗਏ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 26092 ਮਰੀਜ਼ਾਂ ਵਿਚੋਂ 94.83% (24745 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਜਾਂ ਸ਼ੱਕੀ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਸੇ ਤਰ੍ਹਾਂ ਅੱਜ ਵੀ 1653 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 337 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 24625 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 31 ਮਰੀਜ਼ (29 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 2 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 616835 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 615185 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 585117 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1650 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 26092 ਹੈ, ਜਦਕਿ 3976 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 1 ਮੌਤ ਦੀ ਪੁਸ਼ਟੀ ਹੋਈ ਹੈ (ਜੋ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹੈ)। ਹੁਣ ਤੱਕ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1007 ਅਤੇ 483 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 56609 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 728 ਵਿਅਕਤੀ ਇਕਾਂਤਵਾਸ ਹਨ। ਅੱਜ 55 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।