ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 11 ਫਰਵਰੀ 2021 - ਐਕਸਪ੍ਰੈਸ ਵੇਅ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਰਣਧੀਰ ਪੁਰ ਵਿਖੇ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਉਸਾਰੇ ਜਾ ਰਹੇ ਜਾਮਨਗਰ ਬਠਿੰਡਾ ਸੜਕ ਲੲੀ ਸਰਵੇ ਕਰ ਰਹੀ ਟੀਮ ਦਾ ਜ਼ੋਰਦਾਰ ਵਿਰੋਧ ਕਰਦਿਆਂ ਮੌਕੇ ਤੇ ਹਾਜ਼ਰ ਕਰਮਚਾਰੀਆਂ ਦਾ ਘਿਰਾਓ ਕੀਤਾ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਇਸ ਪ੍ਰੋਜੈਕਟ ਨੂੰ ਤਰੁੰਤ ਰੱਦ ਕਰਨ ਦੀ ਮੰਗ ਕੀਤੀ। ਕਿਸਾਨਾਂ ਦੇ ਤਿੱਖੇ ਵਿਰੋਧ ਅਤੇ ਗ਼ੁੱਸੇ ਕਾਰਨ ਟੀਮ ਦੇ ਕਰਮਚਾਰੀ ਬਿਨਾਂ ਮਿੱਟੀ ਦੇ ਸੈਂਪਲ ਲੲੇ ਅਤੇ ਬਗੈਰ ਸਰਵੇ ਦੇ ਵਾਪਸ ਮੁੜ ਗਏ।ਟੀਮ ਦੇ ਕਰਮਚਾਰੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਨਾਂ ਤਾਂ ਇਸ ਸਬੰਧੀ ਪ੍ਰਸ਼ਾਸਨ ਅਤੇ ਨਾ ਹੀ ਕਿਸਾਨਾਂ ਨੂੰ ਕੋਈ ਅਗਾਊਂ ਜਾਣਕਾਰੀ ਦਿੱਤੀ ਸੀ।
ਇਸ ਮੌਕੇ ਐਕਸਪ੍ਰੈਸ ਵੇਅ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ ਸੈਦਪੁਰ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਨੈਸ਼ਨਲ ਹਾਈਵੇ ਅਥਾਰਟੀ ਨੂੰ ਇਸ ਸਬੰਧੀ ਕੋਈ ਵੀ ਸਰਵੇ ਜਾਂ ਕੋਈ ਹੋਰ ਕੰਮ ਨਹੀਂ ਕਰਨ ਦਿੱਤਾ ਜਾਵੇਗਾ।ਇਸ ਸਬੰਧੀ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੂੰ ਲਿਖਤੀ ਰੂਪ ਦੱਸਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਪ੍ਰੋਜੈਕਟ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਤਿਆਰ ਕੀਤੇ ਜਾ ਰਹੇ ਹਨ।
ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਦਾ ਮੁੱਲ ਕੋਡੀਆਂ ਦੇ ਰੂਪ ਵਿੱਚ ਦਿੱਤਾ ਜਾ ਰਿਹਾ ਹੈ। ਜਿਸ ਨੂੰ ਕਿਸਾਨ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਜਸਵਿੰਦਰ ਸਿੰਘ, ਕਮਲਜੀਤ ਸਿੰਘ ਮੈਰੀਪੁਰ, ਤਰਸੇਮ ਸਿੰਘ। ਰਣਧੀਰ ਪੁਰ, ਪਿਆਰਾ ਸਿੰਘ,ਭਜਨ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਅਮਰੀਕ ਸਿੰਘ, ਅਵਤਾਰ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸੀ।