- ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਗੁਰੂਹਰਸਹਾਏ ਵਿਖੇ ਫਿਰ ਤੋਂ ਨਗਰ ਕੌਂਸਲ ਚੋਣਾਂ ਕਰਾਈਆਂ ਜਾਣ।
ਗੁਰੂਹਰਸਹਾਏ, 14 ਫ਼ਰਵਰੀ 2021 - ਗੁਰੂਹਰਸਹਾਏ ਵਿਖੇ ਨਗਰ ਕੌਂਸਲ ਚੋਣਾਂ ਦੇ ਦੌਰਾਨ ਕਾਂਗਰਸ ਪਾਰਟੀ 'ਤੇ ਧੱਕੇਸ਼ਾਹੀ ਦਾ ਦੋਲ ਲਾਉਂਦਿਆਂ ਆਮ ਆਦਮੀ ਪਾਰਟੀ ਵਲੋਂ ਐਸ. ਡੀ. ਐਮ. ਦਫ਼ਤਰ ਦੇ ਬਾਹਰ ਧਰਨਾ ਲਗਾਇਆ। ਇਸ ਮੌਕੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਸੁਖਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਵਾਰਡ ਨੰਬਰ 6 'ਚ ਬਣੇ ਬੂਥ ਦੇ ਅੰਦਰ ਵੜ ਕੇ ਉਮੀਦਵਾਰ ਅਤੇ ਉਸ ਦੇ ਪਰਿਵਾਰ ਦੇ ਨਾਲ ਮਾਰਕੁੱਟ ਕੀਤੀ ਗਈ ਅਤੇ ਉਨ੍ਹਾਂ ਨੂੰ ਉੱਥੋਂ ਬਾਹਰ ਕੱਢ ਦਿੱਤਾ ਗਿਆ।
ਇਸ ਤੋਂ ਬਾਅਦ ਉਨ੍ਹਾਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਪ੍ਰਸ਼ਾਸਨ ਦੇ ਧਿਆਨ 'ਚ ਲਿਆਂਦਾ ਗਿਆ ਪਰ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਉਨ੍ਹਾਂ ਐਸ. ਡੀ. ਐਮ. ਦਫ਼ਤਰ ਦੇ ਬਾਹਰ ਧਰਨਾ ਲਗਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਗੁਰੂਹਰਸਹਾਏ ਵਿਖੇ ਫਿਰ ਤੋਂ ਨਗਰ ਕੌਂਸਲ ਚੋਣਾਂ ਕਰਾਈਆਂ ਜਾਣ।
ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਮਲਕੀਤ ਥਿੰਦ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਦੌਰਾਨ ਅੱਜ ਵਾਰਡ ਨੰਬਰ 6 ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ 'ਤੇ ਹਮਲਾ ਕਰਨ ਅਤੇ ਉਨ੍ਹਾਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਮਲਕੀਤ ਥਿੰਦ ਨੇ ਦੱਸਿਆ ਕਿ ਅੱਜ ਵਾਰਡ ਨੰਬਰ 6 ਵਿਖੇ ਕਾਂਗਰਸੀਆਂ ਵੱਲੋਂ ਉਨ੍ਹਾਂ ਦੇ 6 ਨੰਬਰ ਵਾਰਡ ਦੇ ਉਮੀਦਵਾਰ ਅਤੇ ਉਸ ਦੇ ਪਰਿਵਾਰ ਦੀ ਕੁੱਟਮਾਰ ਕੀਤੀ ਅਤੇ ਧੱਕੇਸ਼ਾਹੀ ਦੇ ਨਾਲ ਉਨ੍ਹਾਂ ਨੂੰ ਬੂਥ ਵਿਚੋਂ ਬਾਹਰ ਕੱਢ ਦਿੱਤਾ ਗਿਆ। ਜਿਸ ਕਾਰਨ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕਾਂਗਰਸ ਪਾਰਟੀ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।