ਅਸ਼ੋਕ ਵਰਮਾ
ਬਠਿੰਡਾ,18ਫਰਵਰੀ2021:ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਬਠਿੰਡਾ ਦੇ ਮੁਲਤਾਨੀਆ ਪੁਲ ਹੇਠਾਂ ਦੁਪਹਿਰ ਬਾਰਾਂ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਧਰਨੇ ਵਿੱਚ ਪਹੁੰਚੇ ਕਿਸਾਨਾਂ, ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਅਤੇ ਆਪਣਾ ਗੁੱਸਾ ਜਾਹਰ ਕਰਦਿਆਂ ਜਬਰਦਸਤ ਨਾਅਰੇਬਾਜੀ ਕੀਤੀ ।ਧਰਨੇ ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਮੋਰਚੇ ਵਿੱਚ ਦੋ ਸੌ ਤੋਂ ਵੱਧ ਕਿਸਾਨ ਸ਼ਹੀਦੀਆਂ ਪਾ ਗਏ ਹਨ ਜਿਹਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ ਤੇ ਕਿਸਾਨਾਂ ਦੀ ਜਿੱਤ ਜ਼ਰੂਰ ਹੋਵੇਗੀ। ਸਟੇਜ ਤੋਂ ਪੰਜਾਬ ਦੀਆਂ ਅਕਾਲੀ ਕਾਂਗਰਸ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਉਜਾਗਰ ਕਰਦਿਆਂ ਕਿਸਾਨਾਂ ਨੂੰ ਕਿਸਾਨੀ ਦਾ ਝੰਡਾ ਬੁਲੰਦ ਰੱਖਣ ਦਾ ਸੱਦਾ ਵੀ ਦਿੱਤਾ ਗਿਆ।
ਧਰਨੇ ਵਿੱਚ ਸ਼ਾਮਲ ਆਗੂਆਂ ਵੱਲੋਂ ਦਿੱਲੀ ਵਿੱਚ ਚੱਲ ਰਹੇ ਮੋਰਚੇ ਵਿਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਲਵਾਉਣ ਅਤੇ ਮੋਰਚਾ ਸਫਲ ਬਣਾਉਣ ਲਈ ਪੁੱਜਣ ਦੀ ਅਪੀਲ ਕੀਤੀ ਗਈ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਸੋਸ਼ਲ ਮੀਡੀਆ ਤੇ ਚੱਲ ਰਹੇ ਕਿਸਾਨ ਵਿਰੋਧੀ ਪ੍ਰਚਾਰ ਅਤੇ ਕਿਸਾਨ ਵਿਰੋਧੀ ਤੱਤਾਂ ਦੀ ਅੰਦੋਲਨ ਵਿਚ ਘੁਸਪੈਠ ਤੋਂ ਬਚਣ ਲਈ ਜਾਗਰੂਕ ਕੀਤਾ । ਇਸ ਸਮੇਂ ਬੀਕੇਯੂ ਸਿੱਧੂਪੁਰ ਦੇ ਆਗੂ ਰਣਜੀਤ ਸਿੰਘ ਜੀਦਾ, ਬੀ ਕੇ ਯੂ ਮਾਨਸਾ ਦੇ ਬਲਵਿੰਦਰ ਸਿੰਘ ਗੰਗਾ, ਬੀਕੇਯੂ ਡਕੌਂਦਾ ਦੇ ਹਰਵਿੰਦਰ ਸਿੰਘ ਫਰੀਦਕੋਟ ਕੋਟਲੀ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਵਰਕਿੰਗ ਪ੍ਰਧਾਨ ਬਲਕਰਨ ਸਿੰਘ ਬਰਾੜ, ਕਿਰਤੀ ਕਿਸਾਨ ਯੂਨੀਅਨ ਦੇ ਅਮਰਜੀਤ ਹਨੀ, ਜਮਹੂਰੀ ਕਿਸਾਨ ਸਭਾ ਦੇ ਨਾਇਬ ਸਿੰਘ ਫੂਸ ਮੰਡੀ ਅਤੇ ਬੀਕੇਯੂ ਲੱਖੋਵਾਲ ਦੇ ਸੂਬਾ ਸਕੱਤਰ ਰਾਮਕਰਨ ਸਿੰਘ ਰਾਮਾ ਨੇ ਸੰਬੋਧਨ ਕੀਤਾ। ਅੱਜ ਦੇ ਧਰਨੇ ’ਚ ਵੱਖ ਵੱਖ ਭਰਾਤਰੀ ਜਥੇਬੰਦੀਆਂ ਦੇ ਆਗੂ ਤੇ ਕਿਸਾਨ ਵੱਡੀ ਗਿਣਤੀ ਵਿੱਚ ਹਾਜਰ ਸਨ।