ਅਸ਼ੋਕ ਵਰਮਾ
ਬਠਿੰਡਾ, 24 ਫਰਵਰੀ 2021: ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਧਥੇਬੰਦੀਆਂ ਦੇ ਆਗੂਆਂ ਨੇ ਬਠਿੰਡਾ ਪ੍ਰਸ਼ਾਸ਼ਨ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ ਜਿਸ ’ਚ ਦਿੱਲੀ ਪੁਲਿਸ ਵੱਲੋਂ ਜੇਲ੍ਹਾਂ ’ਚ ਡੱਕੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਰਿਹਾਅ ਅਤੇ ਦਰਜ ਝੂਠੇ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ। ਓਧਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ‘ਦਮਨ ਵਿਰੋਧੀ ਦਿਵਸ’ ਦੇ ਰੂਪ ਵਿੱਚ ਮਨਾਇਆ ਗਿਆ। ਭਾਵੇਂ ਕਿ ਦਿੱਲੀ ਅੰਦੋਲਨ ਸੁਰੂ ਹੋਣ ਦੇ ਸਮੇਂ ਤੋਂ ਹੀ ਕੇਂਦਰ ਸਰਕਾਰ ਦਿੱਲੀ ਦੀਆਂ ਸੜਕਾਂ ਤੇ ਬੈਠੇ ਕਿਸਾਨਾਂ ਨੂੰ ਖਦੇੜਨ ਲਈ ਚਾਲਾਂ ਚਲਦੀ ਰਹੀ ਹੈ ਪਰ26 ਜਨਵਰੀ ਦੀਆਂ ਘਟਨਾਵਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਜੋ ਭਾਰਤ ਦੇ ਕਿਸਾਨ ਆਗੂਆਂ ਤੇ ਆਮ ਕਿਸਾਨਾਂ ਨੂੰ ਨੋਟਿਸ ਭੇਜਣੇ ਸ਼ੁਰੂ ਕੀਤੇ ਹਨ ਉਸ ਨਾਲ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਇਕ ਵਾਰ ਫੇਰ ਨੰਗਾ ਹੋ ਗਿਆ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਇਸੇ ਕਾਰਨ ਹੀ ਅੱਜ ਦਾ ਦਿਨ ਦਮਨ ਵਿਰੋਧੀ ਦਿਵਸ ਦੇ ਰੂਪ ਵਿੱਚ ਮਨਾਇਆ ਹੈ ਜਿਸ ਤਹਿਤ ਪੂਰੇ ਭਾਰਤ ਦੇ ਵੱਖ ਵੱਖ ਜ਼ਿਲਿ੍ਹਆਂ, ਤਹਿਸੀਲਾਂ ਵਿੱਚੋਂ ਕਿਸਾਨਾਂ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਹਨ ਤਾਂ ਜੋ ਜੋ ਨੌਜਵਾਨ ਜੇਲ੍ਹਾਂ ਵਿੱਚ ਬੰਦ ਅਤੇ ਉਨ੍ਹਾਂ ਤੇ ਪਾਏ ਝੂਠੇ ਕੇਸ ਰੱਦ ਕਰਵਾਏ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਨਵੇਂ ਨੋਟਿਸ ਜਾਰੀ ਕਰਨੇ ਬੰਦ ਕੀਤੇ ਜਾਣ ਤੇ ਪੁਰਾਣੇ ਨੋਟਿਸਾਂ ਨੂੰ ਰੱਦ ਕੀਤਾ ਜਾਵੇ। ਇਹ ਵੀ ਮੰਗ ਕੀਤੀ ਗਈ ਕਿ ਕਿਸਾਨ ਅੰਦੋਲਨ ਦੀਆਂ ਹਮਾਇਤੀ ਸੰਸਥਾਵਾਂ ਤੇ ਵਿਅਕਤੀਆਂ ਨੂੰ ਐੱਨ ਆਈ ਏ ਦਿੱਲੀ ਪੁਲੀਸ ਜਾਂ ਹੋਰ ਸਰਕਾਰੀ ਏਜੰਸੀਆਂ ਵੱਲੋਂ ਭੇਜੇ ਜਾਂਦੇ ਨੋਟਿਸ ਰੱਦ ਕੀਤੇ ਜਾਣ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜਗਸੀਰ ਸਿੰਘ ਜੀਦਾ,ਬੀ ਕੇ ਯੂ ਸਿੱਧੂਪੁਰ ਦੇ ਰੇਸ਼ਮ ਸਿੰਘ ਯਾਤਰੀ ,ਕਿਰਤੀ ਕਿਸਾਨ ਯੂਨੀਅਨ ਦੇ ਅਮਰਜੀਤ ਹਨੀ,ਜਮਹੂਰੀ ਕਿਸਾਨ ਸਭਾ ਦੇ ਨੈਬ ਸਿੰਘ ਔਲਖ,ਬੀ ਕੇ ਯੂ ਡਕੌਂਦਾ ਦੇ ਗੁਰਮੇਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਆਗੂ ਸ਼ਾਮਲ ਸਨ।