- ਉਦਯੋਗ ਮੰਤਰੀ ਨੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਕੋਵਿਡ-19 ਸਬੰਧੀ ਸਿਹਤ ਵਿਭਾਗ ਦੇ ਕੰਮਾਂ ਦੀ ਕੀਤੀ ਸਮੀਖਿਆ
- ਲੋਕਾਂ ਨੂੰ ਸਿਹਤ ਹਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ
- ਕਿਹਾ ਜ਼ਿਲ੍ਹੇ ਦੇ ਹਸਪਤਾਲਾਂ ’ਚ ਕੋਵਿਡ ਦੇ ਮਰੀਜਾਂ ਲਈ ਵਧਾਈ ਜਾਵੇਗੀ ਬੈਡਾਂ ਦੀ ਸਮਰੱਥਾ
- ਜ਼ਿਲ੍ਹੇ ’ਚ 71 ਹਜ਼ਾਰ ਤੋਂ ਵੱਧ ਲੋਕਾਂ ਨੂੰ ਦਿੱਤੀ ਜਾ ਚੁੱਕੀ ਹੈ ਕੋਵਿਡ ਬਚਾਅ ਸਬੰਧੀ ਵੈਕਸੀਨ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 27 ਮਾਰਚ 2021 - ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਵਿਡ-19 ਸਬੰਧੀ ਹਰ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰੰਤੂ ਲੋਕਾਂ ਨੂੰ ਆਪਣੀ ਜ਼ਿੰਮੇਦਾਰੀ ਨੂੰ ਸਮਝਦੇ ਹੋਏ ਸਹਿਯੋਗ ਦੇਣਾ ਹੋਵੇਗਾ। ਉਹ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਦੌਰੇ ਦੌਰਾਨ ਕੋਵਿਡ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤਰਾ ਵੀ ਮੌਜੂਦ ਸਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਸਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਸਬੰਧੀ ਹਸਪਤਾਲਾਂ ਵਿੱਚ ਬੈਡਾਂ ਦੀ ਸਮਰੱਥਾ ਵਧਾਈ ਜਾਵੇਗੀ। ਇਸ ਦੌਰਾਨ ਮਿਸ਼ਨ ਫਤਿਹ ਸਬੰਧੀ ਕਿੱਟਾਂ ਵੀ ਵੰਡੀਆਂ।
ਉਦਯੋਗ ਮੰਤਰੀ ਨੇ ਲੋਕਾਂ ਨੂੰ ਰਾਤ ਦੇ ਕਰਫਿਊ ਦਾ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਨਾਲ ਸਬੰਧਤ ਸਾਰੇ ਸਿਹਤ ਨਿਰਦੇਸ਼ਾਂ ਦੀ ਪਾਲਣਾ ਵਿੱਚ ਕੋਈ ਕੁਤਾਹੀ ਨਾ ਅਪਨਾਈ ਜਾਵੇ ਅਤੇ ਬਾਹਰ ਨਿਕਲਦੇ ਸਮੇਂ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਕੋਵਿਡ ਦੇ ਦੁਬਾਰਾ ਫੈਲਾਅ ਨੂੰ ਮਿਸ਼ਨ ਫਤਿਹ ਤਹਿਤ ਅਸਰਦਾਰ ਢੰਗ ਨਾਲ ਰੋਕਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 71 ਹਜ਼ਾਰ ਤੋਂ ਵੱਧ ਲੋਕਾਂ ਨੂੰ ਕੋਵਿਡ ਬਚਾਅ ਸਬੰਧੀ ਡੋਜ਼ਾਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ 8139 ਹੈਲਥ ਵਰਕਰਾਂ ਨੂੰ ਕੋਵਿਡ ਦੀ ਪਹਿਲੀ ਡੋਜ਼ ਅਤੇ 3547 ਨੂੰ ਦੂਸਰੀ ਡੋਜ਼ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ 9484 ਫਰੰਟ ਲਾਈਨ ਵਰਕਰਾਂ ਨੂੰ ਪਹਿਲੀ ਅਤੇ 3485 ਨੂੰ ਦੂਜੀ ਡੋਜ਼ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ 47118 ਸੀਨੀਅਰ ਸੀਨੀਅਰ ਸਿਟੀਜਨਾਂ ਨੂੰ ਕੋਵਿਡ ਬਚਾਅ ਸਬੰਧੀ ਪਹਿਲੀ ਡੋਜ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀ ਆਪਣੇ ਨਜਦੀਕੀ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਵਿੱਚ ਜਾ ਕੇ ਮੁਫਤ ਟੀਕਾਕਰਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਸੂਚੀਬੱਧ ਹਸਪਤਾਲਾਂ ਵਿੱਚ 250 ਰੁਪਏ ਪ੍ਰਤੀ ਡੋਜ ਦੇ ਹਿਸਾਬ ਨਾਲ ਟੀਕਾਕਰਨ ਕਰਵਾ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅਰੁਣ ਵਰਮਾ, ਐਸ.ਐਮ.ਓ. ਡਾ. ਜਸਵਿੰਦਰ ਸਿੰਘ, ਡਾ. ਸੈਲੇਸ਼, ਡਾ. ਸਵਾਤੀ, ਡਾ. ਸ਼ਿਪਰਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।