- 20-20 ਵਿਅਕਤੀਆਂ ਦੀਆਂ ਟੀਮਾਂ ਲੋਕਾਂ ਨੂੰ ਹਦਾਇਤਾਂ ਦੀ ਪਾਲਣਾ ਲਈ ਕਰਨਗੀਆਂ ਅਪੀਲਾਂ
- ਲੋਕ ਸਹਿਯੋਗ ਨਾਲ ਕੋਰੋਨਾ ’ਤੇ ਫਤਿਹ ਬਹੁਤ ਸੌਖਾ ਕੰਮ
- ਮੰਤਰੀ ਵਲੋਂ ਬਾਜ਼ਾਰਾਂ, ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ’ਤੇ ਮਾਸਕ ਪਹਿਨਣ ਦੀ ਪੁਰਜ਼ੋਰ ਅਪੀਲ
- ਮੌਜੂਦਾ ਸਮੇਂ ’ਚ ਯੋਗ ਲਾਭਪਾਤਰੀਆਂ ਦਾ ਟੀਕਾਕਰਨ ਬਹੁਤ ਜਰੂਰੀ
- ਸਾਰੀਆਂ ਸਿਆਸੀ ਪਾਰਟੀਆਂ ਅਤੇ ਹਰ ਵਰਗ ਨੂੰ ਇਕਮੁੱਠਤਾ ਨਾਲ ਕੋਰੋਨਾ ਖਿਲਾਫ਼ ਡਟਣ ਦਾ ਸੱਦਾ
ਹੁਸ਼ਿਆਰਪੁਰ, 3 ਅਪ੍ਰੈਲ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੁਸ਼ਿਆਰਪੁਰ ਵਿੱਚ ਵੱਧ ਰਹੇ ਕੋਵਿਡ ਕੇਸਾਂ ’ਤੇ ਬੀਤੇ ਦਿਨੀਂ ਚਿੰਤਾ ਪ੍ਰਗਟਾਉਣ ਅਤੇ ਲੋਕਾਂ ਨੂੰ ਪੂਰੀ ਅਹਿਤਿਆਤ ਵਰਤਣ ਦੀ ਅਪੀਲ ਉਪਰੰਤ ਅੱਜ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕਰਨ ਲਈ ‘ਹਰ ਵਾਰਡ, ਹਰ ਪਿੰਡ’ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਕੋਰੋਨਾ ਪ੍ਰਤੀ ਗੰਭੀਰ ਹੋਣਾ ਸਮੇਂ ਦੀ ਮੁੱਖ ਮੰਗ ਹੈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਸਮੇਤ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪੋ-ਆਪਣੇ ਪੱਧਰ ’ਤੇ ਲੋੜੀਂਦੇ ਯਤਨ ਅਮਲ ਵਿੱਚ ਲਿਆਉਣੇ ਚਾਹੀਦੇ ਹਨ ਤਾਂ ਜੋ ਇਸ ਵਾਇਰਸ ’ਤੇ ਫਤਿਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ‘ਹਰ ਵਾਰਡ, ਹਰ ਪਿੰਡ’ ਵਿੱਚ 20-20 ਵਿਅਕਤੀਆਂ ਦੀਆਂ ਟੀਮਾਂ ਬਣਾ ਕੇ ਲੋਕਾਂ ਨੂੰ ਜਾਗਰੂਕ ਅਤੇ ਸਿੱਖਿਅਤ ਕਰਨ ਲਈ ਮੁਹਿੰਮ ਸ਼ਹਿਰ ਵਿੱਚ ਸ਼ੁਰੂ ਹੋ ਚੁੱਕੀ ਹੈ ਜਿਹੜੀ ਕਿ ਕੱਲ੍ਹ ਤੋਂ ਪਿੰਡਾਂ ਵਿੱਚ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਟੀਮ ਵਲੋਂ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਸਕ ਪਹਿਨ ਕੇ ਗਲੀ-ਗਲੀ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਅਹਿਮ ਜਾਣਕਾਰੀਆਂ ਦੇਣ ਦੇ ਨਾਲ-ਨਾਲ ਹਦਾਇਤਾਂ ਦੀ ਪੂਰੀ ਗੰਭੀਰਤਾ ਨਾਲ ਪਾਲਣਾ ਦੀ ਅਪੀਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦੇ, ਜਿਨ੍ਹਾਂ ਵਿੱਚ ਕੌਂਸਲਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ ਆਦਿ ਸ਼ਾਮਲ ਹਨ, ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਵੱਧ ਤੋਂ ਵੱਧ ਲੋਕਾਂ ਨੂੰ ਸਹੀ ਜਾਣਕਾਰੀ ਦਿੱਤੀ ਜਾ ਸਕੇ।
ਕੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵਲੋਂ ਸ਼ਹਿਰ ਦੀਆਂ ਸਾਰੀਆਂ ਮੁੱਖ ਥਾਵਾਂ ’ਤੇ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਸਬੰਧੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਾਜ਼ਾਰਾਂ, ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ’ਤੇ ਲੋਕਾਂ ਨੂੰ ਵੱਖ-ਵੱਖ ਪ੍ਰਚਾਰ ਮਾਧਿਅਮਾਂ ਰਾਹੀਂ ਕੋਰੋਨਾ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੇ 50 ਵਾਰਡਾਂ ਨੂੰ ਕਵਰ ਕਰਨ ਲਈ ਅੱਜ ਤੋਂ 15 ਈ-ਰਿਕਸ਼ਾ ਸ਼ੁਰੂ ਕੀਤੇ ਜਾ ਰਹੇ ਹਨ ਜਿਨ੍ਹਾਂ ਰਾਹੀਂ ਵੱਖ-ਵੱਖ ਵਾਰਡਾਂ ਵਿੱਚ ਕੋਰੋਨਾ ਤੋਂ ਬਚਾਅ ਅਤੇ ਟੀਕਾਕਰਨ ਆਦਿ ਮਹੱਤਵਪੂਰਨ ਜਾਣਕਾਰੀਆਂ ਲੋਕਾਂ ਨੂੰ ਦੇਣਗੇ।
ਕੋਰੋਨਾ ਵੈਕਸੀਨ ਸਬੰਧੀ ਲੋਕਾਂ ਨੂੰ ਕਿਸੇ ਵੀ ਭਰਮ-ਭੁਲੇਖੇ ਵਿੱਚ ਨਾ ਪੈਣ ਦੀ ਅਪੀਲ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਵਲੋਂ ਖੁਦ ਅਤੇ ਡਿਪਟੀ ਕਮਿਸ਼ਨਰ ਤੋਂ ਇਲਾਵਾ ਲੱਖਾਂ ਲੋਕਾਂ ਵਲੋਂ ਇਹ ਵੈਕਸੀਨ ਲਗਵਾਈ ਜਾ ਚੁੱਕੀ ਹੈ ਅਤੇ ਜਿਹੜੇ ਯੋਗ ਲਾਭਪਾਤਰੀਆਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਉਹ ਆਪਣੇ ਘਰਾਂ ਦੇ ਨੇੜਲੇ ਸਿਵਲ ਹਸਪਤਾਲਾਂ, ਸਿਹਤ ਕੇਂਦਰਾਂ ਆਦਿ ਵਿੱਚ ਜਾ ਕੇ ਟੀਕਾਕਰਨ ਕਰਵਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਇਕ ਲੱਖ ਦੇ ਕਰੀਬ ਯੋਗ ਲਾਭਪਾਤਰੀਆਂ ਦਾ ਟੀਕਾਕਰਨ ਹੋ ਚੁੱਕਾ ਹੈ ਅਤੇ ਰੋਜ਼ਾਨਾ 10 ਹਜ਼ਾਰ ਡੋਜ਼ਾਂ ਲਗਾਈਆਂ ਜਾ ਰਹੀਆਂ ਹਨ ਜਿਸ ਲਈ ਕੰਮ ਕਰ ਰਹੀਆਂ 70 ਟੀਮਾਂ ਦੀ ਗਿਣਤੀ ਵਧਾ ਕੇ 100 ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੈਲਥ ਕੇਅਰ ਵਰਕਰਾਂ, ਫਰੰਟ ਲਾਈਨ ਵਰਕਰਾਂ ਤੋਂ ਇਲਾਵਾ ਬੈਂਕਿੰਗ ਸੈਕਟਰ, ਸਕੂਲ, ਕਾਲਜ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਦਾ ਟੀਕਾਕਰਨ ਜਾਰੀ ਹੈ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਸਾਬਕਾ ਸੈਨਿਕਾਂ ਦੀ ਗਿਣਤੀ 70 ਹਜ਼ਾਰ ਤੋਂ ਵੱਧ ਹੈ ਜਿਨ੍ਹਾਂ ਨਾਲ ਟੀਕਾਕਰਨ ਸਬੰਧੀ ਰਾਬਤਾ ਕੀਤਾ ਗਿਆ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਵੀ ਕੋਵਿਡ ਵੈਕਸੀਨ ਲਗਾਈ ਜਾਵੇਗੀ।
ਉਦਯੋਗ ਮੰਤਰੀ ਵਲੋਂ ਸਮੂਹ ਜ਼ਿਲ੍ਹਾ ਵਾਸੀਆਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਗਈ ਕਿ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਕੋਰੋਨਾ ’ਤੇ ਫਤਿਹ ਪਾਉਣੀ ਸੰਭਵ ਨਹੀਂ ਅਤੇ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਨੂੰ ਮਾਤ ਦੇਣਾ ਕੋਈ ਔਖਾ ਕੰਮ ਨਹੀਂ। ਉਨ੍ਹਾਂ ਨੇ ਪੁਰਜ਼ੋਰ ਅਪੀਲ ਕੀਤੀ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸਾਰਿਆਂ ਨੂੰ ਇਸ ਵਾਇਰਸ ਖਿਲਾਫ਼ ਰੱਲ ਕੇ ਡਟਣਾ ਚਾਹੀਦਾ ਹੈ ਤਾਂ ਜੋ ਤੰਦਰੁਸਤ ਪੰਜਾਬ ਦਾ ਸੁਨੇਹਾ ਹੋਰ ਅੱਗੇ ਲਿਜਾਇਆ ਜਾ ਸਕੇ।
ਜ਼ਿਲ੍ਹੇ ਵਿੱਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 3 ਲੱਖ ਦੇ ਕਰੀਬ ਪਰਿਵਾਰ ਇਸ ਯੋਜਨਾ ਤਹਿਤ ਕਵਰ ਕੀਤੇ ਗਏ ਹਨ ਜਿਨ੍ਹਾਂ ਦੇ ਪਰਿਵਾਰਵਕ ਮੈਂਬਰਾਂ ਦੀ ਗਿਣਤੀ ਪਾ ਕੇ ਇਹ ਅੰਕੜਾ 10 ਲੱਖ ਦੇ ਕਰੀਬ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਸਿਹਤ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਇਕੱਲੇ ਹੁਸ਼ਿਆਰਪੁਰ ਵਿੱਚ ਹੀ ਨਹੀਂ ਸਗੋਂ ਹੋਰ ਕਿਤੇ ਵੀ ਸੂਚੀਬੱਧ ਹਸਪਤਾਲਾਂ ਵਿੱਚ ਆਪਣਾ ਇਲਾਜ ਮੁਫ਼ਤ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੀੜਤ ਨੂੰ ਇਸ ਸਬੰਧੀ ਕੋਈ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਜਾਂ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਸ਼ਹਿਰੀ ਪ੍ਰਧਾਨ ਮੁਕੇਸ਼ ਡਾਬਰ, ਬਲਾਕ ਦਿਹਾਤੀ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਕੁਲਦੀਪ ਅਰੋੜਾ, ਐਡਵੋਕੇਟ ਨਵੀਨ ਜੈਰਥ, ਸ਼ਾਦੀ ਲਾਲ, ਮਨਮੋਹਨ ਸਿੰਘ ਕਪੂਰ, ਅਨਿਲ ਕੁਮਾਰ, ਰਜਨੀਸ਼ ਟੰਡਨ, ਗੁਲਸ਼ਨ ਰਾਏ ਆਦਿ ਮੌਜੂਦ ਸਨ।